ਸ਼੍ਰੋਮਣੀ ਕਮੇਟੀ ਵੱਲੋਂ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਬਾ ਪੱਲ੍ਹਾਂ ਜੀ ਨੂੰ ਇਕ ਲੱਖ ਰੁਪਏ ਦੀ ਸਹਾਇਤਾ ਦਾ ਐਲਾਨ ਕੀਤਾ
5-08-2015ਅੰਮ੍ਰਿਤਸਰ 5 ਅਗਸਤ  (         ) ਗੁਰਮਤਿ ਤੇ ਧਰਮ ਪ੍ਰਚਾਰ ਦੀ ਲਹਿਰ ਨੂੰ ਪ੍ਰਫੁੱਲਤ ਕਰਨ ਲਈ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਾਉਣੇ ਬਹੁਤ ਜ਼ਰੂਰੀ ਹਨ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬਧੰਕ ਕਮੇਟੀ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਅਨਿਨ ਸੇਵਕ ਬਾਬਾ ਪੱਲ੍ਹਾ ਜੀ ਦੇ ਮਾਤਾ ਬੀਬੀ ਸੰਤੀ ਜੀ ਦੀ ਸਲਾਨਾ ਯਾਦ ਵਿੱਚ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਿੰਡ ਬੁਤਾਲਾ ਦੀਆਂ ਸੰਗਤਾਂ ਵੱਲੋਂ ਸਲਾਨਾ ਗੁਰਮਤਿ ਸਮਾਗਮ ਸਮੇਂ ਕੀਤਾ।ਜਿਸ ਵਿੱਚ ਸਿੱਖ ਰਹਿਤ ਮਰਯਾਦਾ ਅਤੇ ਸਿੱਖ ਇਤਿਹਾਸ ਦੇ ਵਿਸ਼ੇ ਤੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਦੇ ਦਸਤਾਰਬੰਦੀ, ਕਵਿਤਾ, ਲੈਕਚਰ, ਵਾਰਤਾਲਾਪ, ਕੁਇਜ਼, ਕੀਰਤਨ ਤੇ ਕਵੀਸ਼ਰੀ ਮੁਕਾਬਲੇ ਕਰਵਾਏ ਗਏ।
ਧਾਰਮਿਕ ਸ਼ਮਾਗਮ ਦੌਰਾਨ ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਕਰਵਾਉਣ ਨਾਲ ਜਿੱਥੇ ਬੱਚਿਆਂ ਨੂੰ ਗੁਰਬਾਣੀ, ਗੁਰਮਤਿ ਅਤੇ ਸਿੱਖ ਇਤਿਹਾਸ ਬਾਰੇ ਵੱਡਮੁੱਲਾ ਗਿਆਨ ਮਿਲਦਾ ਹੈ, ਉਥੇ ਸਕੂਲੀ ਵਿੱਦਿਆ ਦੇ ਨਾਲ-ਨਾਲ ਉਨ੍ਹਾਂ ਦੀ ਸਖਸ਼ੀਅਤ ਦਾ ਵਿਕਾਸ ਹੁੰਦਾ ਹੈ।ਉਨ੍ਹਾਂ ਕਿਹਾ ਕਿ ਜੇਕਰ ਸ਼ੁਰੂ ਤੋਂ ਹੀ ਬੱਚੇ ਨੂੰ ਗੁਰਬਾਣੀ ਆਸ਼ੇ ਨਾਲ ਜੋੜਿਆ ਜਾਵੇ ਤਾਂ ਉਹ ਕੌਮ ਦਾ ਭਵਿੱਖ ਸਵਾਰਨ ਵਿੱਚ ਮਹੱਤਵਪੂਰਨ ਯੋਗਦਾਨ ਪਾ ਸਕਦਾ ਹੈ।ਉਨ੍ਹਾਂ ਕਿਹਾ ਕਿ ਬੱਚੇ ਦੇਸ਼ ਅਤੇ ਕੌਮ ਦਾ ਭਵਿੱਖ ਹੁੰਦੇ ਹਨ ਤੇ ਉਨ੍ਹਾਂ ਦੀ ਸਖਸ਼ੀਅਤ ਨੂੰ ਸੰਵਾਰਨ ਵਿੱਚ ਮਾਤਾ-ਪਿਤਾ, ਅਧਿਆਪਕ ਅਤੇ ਧਾਰਮਿਕ ਸਖਸ਼ੀਅਤਾਂ ਦਾ ਅਹਿਮ ਰੋਲ ਹੁੰਦਾ ਹੈ।ਉਨ੍ਹਾਂ ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕ ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ।
ਸਮਾਗਮ ਉਪਰੰਤ ਹਲਕਾ ਵਿਧਾਇਕ ਸ. ਬਲਜੀਤ ਸਿੰਘ ਜਲਾਲਉਸਮਾ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਗਿਆਨ ਸਿੰਘ, ਪਿੰਡ ਬੁਤਾਲਾ ਦੇ ਸਰਪੰਚ ਸ. ਸੰਤੋਖ ਸਿੰਘ, ਸ. ਰਣਜੀਤ ਸਿੰਘ ਸਰਕਲ ਪ੍ਰਧਾਨ ਅਤੇ ਸ. ਪੂਰਨ ਸਿੰਘ ਖਲਚੀਆਂ ਨੇ ਜਥੇਦਾਰ ਅਵਤਾਰ ਸਿੰਘ ਨੂੰ ਬਾਬਾ ਪੱਲ੍ਹਾ ਜੀ ਦੀ ਤਸਵੀਰ, ਮੋਮੈਂਟੋ, ਸ੍ਰੀ ਸਾਹਿਬ, ਲੋਈ ਅਤੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼੍ਰੋਮਣੀ ਕਮੇਟੀ, ਸ. ਗੁਰਵਿੰਦਰ ਸਿੰਘ ਨਿਜੀ ਸਹਾਇਕ ਪ੍ਰਧਾਨ ਸਾਹਿਬ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।