150 ਵਿਦਿਆਰਥੀਆਂ ਨੂੰ ਵੱਖ-ਵੱਖ ਡਿਗਰੀਆਂ ਵੰਡੀਆਂ

ਸਿੱਖਿਆ ਦਾ ਮਨੁੱਖੀ ਸ਼ਖ਼ਸੀਅਤ ਦੇ ਵਿਕਾਸ ਵਿਚ ਵੱਡਾ ਮਹੱਤਵ– ਪ੍ਰੋ. ਕਿਰਪਾਲ ਸਿੰਘ ਬਡੂੰਗਰ

ਪ੍ਰੋ. ਬਡੂੰਗਰ ਵੱਲੋਂ ਕਾਲਜ ਵਿਖੇ ਮਲਟੀਪਰਪਜ ਹਾਲ ਬਣਾਉਣ ਦਾ ਐਲਾਨ

ਚੋਹਲਾ ਸਾਹਿਬ, 17 ਅਪ੍ਰੈਲ (             )- ਸਥਾਨਕ ਗੁਰੂ ਅਰਜਨ ਦੇਵ ਖਾਲਸਾ ਕਾਲਜ ਵਿਖੇ ‘ਡਿਗਰੀ ਵੰਡ ਸਮਾਰੋਹ 2017’ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਸ਼ਾਮਲ ਹੋਏ ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਮੈਂਬਰ ਪਾਰਲੀਮੈਂਟ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਪਹੁੰਚੇ। ਇਸ ਮੌਕੇ ਬੀ.ਸੀ.ਏ., ਬੀ.ਐਸ.ਸੀ. ਇਕਨਾਮਿਕਸ, ਬੀ.ਐਸ.ਸੀ. ਕੰਪਿਊਟਰ ਸਾਇੰਸ, ਬੀ.ਕਾਮ ਅਤੇ ਬੀ.ਏ. ਦੇ 150 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਸਮਾਰੋਹ ਦੀ ਆਰੰਭਤਾ ਕਾਲਜ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਨਾਲ ਕੀਤੀ ਗਈ। ਉਪਰੰਤ ਕਾਲਜ ਦੇ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਨੇ ਮੁੱਖ ਮਹਿਮਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਜੀ ਆਇਆਂ ਕਹਿੰਦਿਆਂ ਕਾਲਜ ਦੀ ਰਿਪੋਰਟ ਪੇਸ਼ ਕੀਤੀ।

ਸਮਾਰੋਹ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਆਪਣੇ ਸੰਬੋਧਨ ਵਿਚ ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਿੱਖਿਆ ਦਾ ਮਨੁੱਖੀ ਸ਼ਖ਼ਸੀਅਤ ਦੇ ਵਿਕਾਸ ਵਿਚ ਵੱਡਾ ਮਹੱਤਵ ਹੈ ਕਿਉਂਕਿ ਇਹ ਮਨੁੱਖ ਨੂੰ ਬਹੁਗੁਣੀ ਅਤੇ ਅਗਾਂਹਵਧੂ ਬਣਾਉਦੀ ਹੈ। ਉਨ੍ਹਾਂ ਕਾਲਜ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਕਾਦਮਿਕ ਖੇਤਰ ਦੇ ਨਾਲ-ਨਾਲ ਖੇਡਾਂ ਅਤੇ ਸਭਿਆਚਰਕ ਖੇਤਰ ਵਿਚ ਵੀ ਕਾਲਜ ਵੱਲੋਂ ਥੋੜੇ ਜਿਹੇ ਅਰਸੇ ਵਿਚ ਵੱਡੀਆਂ ਮੱਲਾਂ ਮਾਰ ਕੇ ਸ਼੍ਰੋਮਣੀ ਕਮੇਟੀ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ, ਜਿਸ ਲਈ ਸਮੁੱਚਾ ਸਟਾਫ ਵਧਾਈ ਦਾ ਪਾਤਰ ਹੈ। ਪ੍ਰੋ. ਬਡੂੰਗਰ ਨੇ ਇਸ ਮੌਕੇ ਕਾਲਜ ਦੀ ਲੋੜ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਮਲਟੀਪਰਪਜ ਹਾਲ ਬਣਾਉਣ ਦਾ ਐਲਾਨ ਕੀਤਾ। ਉਨ੍ਹਾਂ ਆਖਿਆ ਕਿ ਕਾਲਜ ਦੇ ਵਿਕਾਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਚਨਬੱਧ ਹੈ ਅਤੇ ਇਸ ਤਹਿਤ ਵਿਦਿਆਰਥੀਆਂ ਦੇ ਬਿਹਤਰ ਭਵਿੱਖ ਲਈ ਕੌਮੀ ਅਤੇ ਕੌਮਾਂਤਰੀ ਮਿਆਰ ਅਨੁਸਾਰ ਸਿੱਖਿਆ ਨੂੰ ਯਕੀਨੀ ਬਣਾਏਗੀ। ਉਨਾਂ ਮੁਕਾਬਲੇ ਦੀ ਸਿੱਖਿਆ ਦਾ ਜ਼ਿਕਰ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸਿੱਖ ਲੜਕੇ ਅਤੇ ਲੜਕੀਆਂ ਲਈ ਆਰਮਡ ਫੋਰਸਿਜ ਅਕੈਡਮੀ ਸ਼ੁਰੂ ਕੀਤੀ ਗਈ ਹੈ, ਜਿਸ ਵਿਚ ਬੱਚਿਆਂ ਨੂੰ ਕੋਚਿੰਗ ਦੇ ਕੇ ਫੌਜ ਵਿਚ ਅਫਸਰ ਭਰਤੀ ਹੋਣ ਲਈ ਸਮੇਂ ਦੇ ਹਾਣੀ ਬਣਾਇਆ ਜਾਵੇਗਾ ਤਾਂ ਜੋ ਦੇਸ਼ ਦੀ ਫੌਜ ਵਿਚ ਸਿੱਖਾਂ ਨੂੰ ਢੁੱਕਵੀਂ ਥਾਂ ਮਿਲ ਸਕੇ।

ਇਸ ਮੌਕੇ ਮੈਂਬਰ ਪਾਰਲੀਮੈਂਟ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਇਸ ਕਾਲਜ ਨੇ ਪੇਂਡੂ ਖੇਤਰ ਵਿਚ ਮਿਆਰੀ ਸਿੱਖਿਆ ਦੇ ਪ੍ਰਸਾਰ ਲਈ ਵਡਮੁੱਲਾ ਯੋਗਦਾਨ ਪਾਇਆ ਹੈ। ਉਨ੍ਹਾਂ ਆਖਿਆ ਕਿ ਵਿਦਿਆਰਥੀ ਕੌੰਮ ਦਾ ਭਵਿੱਖ ਹੁੰਦੇ ਹਨ ਅਤੇ ਗੁਣਵਤਾ ਭਰਪੂਰ ਸਿੱਖਿਆ ਹੀ ਵਿਦਿਆਰਥੀਆਂ ਅੰਦਰ ਕੌਮ, ਦੇਸ਼ ਅਤੇ ਧਰਮ ਪ੍ਰਤੀ ਕਰਦਾਂ-ਕੀਮਤਾਂ ਦਾ ਸੰਚਾਰ ਕਰਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਉੱਚ ਮਰਾਤਬੇ ਹਾਸਲ ਕਰਨ ਲਈ ਸਖਤ ਮਿਹਨਤ ਕਰਨ ਲਈ ਪ੍ਰੇਰਨਾ ਦਿੱਤੀ। ਇਸ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਡਾ. ਨਵਦੀਪ ਸਿੰਘ ਤੁੰਗ ਨੇ ਵੀ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ। ਸਮਾਰੋਹ ਦੌਰਾਨ ਕਾਲਜ ਦਾ ਮੈਗਜੀਨ ‘ਬੁੱਧ ਬਿਬੇਕ’ ਵੀ ਜਾਰੀ ਕੀਤਾ ਗਿਆ।

ਇਸ ਮੌਕੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਪੋਸਟ ਗ੍ਰੈਜੂਏਸ਼ਨ ਦੇ ਵਿਦਿਆਰਥੀਆਂ ਲਈ ਨਵੇਂ ਤਿਆਰ ਕੀਤੇ ਗਏ ਮਾਤਾ ਗੰਗਾ ਜੀ ਬਲਾਕ ਦਾ ਉਦਘਾਟਨ ਵੀ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਗੁਰਬਚਨ ਸਿੰਘ ਕਰਮੂੰਵਾਲਾ ਤੇ ਸ. ਖੁਸ਼ਵਿੰਦਰ ਸਿੰਘ ਭਾਟੀਆ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਸੁਖਵਰਸ਼ ਸਿੰਘ ਪੰਨੂ, ਐਡੀਸ਼ਨਲ ਸਕੱਤਰ ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾ ਕੋਹਨਾ ਤੇ ਡਾ. ਪਰਮਜੀਤ ਸਿੰਘ ਸਰੋਆ, ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ, ਪਿੰਸੀਪਲ ਡਾ. ਕੁਲਵਿੰਦਰ ਸਿੰਘ, ਪ੍ਰਿੰਸੀਪਲ ਡਾ. ਜਤਿੰਦਰ ਕੌਰ, ਪ੍ਰੋ. ਹਿੰਮਤ ਸਿੰਘ, ਸ. ਅਰਜਨ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ, ਸ. ਸਵਿੰਦਰ ਸਿੰਘ ਕਰਮੂੰਵਾਲਾ  ਸਮੇਤ ਇਲਾਕੇ ਦੇ ਪਤਵੰਤੇ, ਕਾਲਜ ਦਾ ਸਮੁੱਚਾ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।