ਸ਼੍ਰੋਮਣੀ ਕਮੇਟੀ ਨੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ- ਹਰਚਰਨ ਸਿੰਘ

unnamed-1ਅੰਮ੍ਰਿਤਸਰ : 4 ਦਸੰਬਰ (        ) ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੌਮ ਦੇ ਮਹਾਨ ਸ਼ਹੀਦ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ-ਭਾਵਨਾ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ। 2 ਦਸੰਬਰ ਤੋਂ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਸਤਨਾਮ ਸਿੰਘ ਬੈਂਕਾ ਦੇ ਜਥੇ ਵੱਲੋਂ ਵਿਰਾਗ ਮਈ ਬਾਣੀ ਦੇ ਕੀਰਤਨ ਕੀਤੇ ਗਏ। ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ।

ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅੱਜ ਅਸੀਂ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕੌਮ ਦੇ ਮਹਾਨ ਸ਼ਹੀਦ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਇਕੱਤਰ ਹੋਏ ਹਾਂ। ਉਨ੍ਹਾਂ ਕਿਹਾ ਕਿ ਤੇਗ ਦੇ ਧਨੀ, ਤਿਲਕ ਜੰਝੂ ਦੇ ਰਾਖੇ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਜੰਗਾਂ ਵੀ ਲੜੀਆਂ ਤੇ ਧਰਮ ਹੇਤ ਸੀਸ ਵੀ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਸਮੇਂ ਇਹ ਤਿੰਨੋ ਸਿੱਖੀ ਸਿਦਕ ਵਾਲੇ ਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਉਨ੍ਹਾਂ ਦੇ ਨਾਲ ਸਨ। ਸਮੇਂ ਦੀ ਜ਼ਾਲਮ ਹਕੂਮਤ ਵੱਲੋਂ ਗੁਰੂ ਸਾਹਿਬ ਜੀ ਦੀ ਸ਼ਹਾਦਤ ਤੋਂ ਪਹਿਲਾਂ ਇਨ੍ਹਾਂ ਅੱਗੇ ਤਿੰਨ ਸ਼ਰਤਾਂ ਰੱਖੀਆਂ ਗਈਆਂ। ਉਹ ਸਨ ਕਰਾਮਾਤ ਦਿਖਾਓ, ਸਿੱਖੀ ਛੱਡ ਦਿਓ ਜਾਂ ਫਿਰ ਮਰਨ ਲਈ ਤਿਆਰ ਹੋ ਜਾਓ ! ਪਰ ਗੁਰੂ ਕਿਆਂ ਸਿੱਖਾਂ ਨੇ ਪਹਿਲੀਆਂ ਦੋਵੇਂ ਸ਼ਰਤਾਂ ਨਾ ਮਨਜ਼ੂਰ ਕਰਕੇ ਸ਼ਹੀਦ ਹੋਣਾ ਕਬੂਲ ਕੀਤਾ। ਭਾਈ ਮਤੀ ਦਾਸ ਜੀ ਨੂੰ ਆਰੇ ਨਾਲ ਚੀਰ ਕੇ ਦੋ ਫਾੜ ਕਰ ਦਿੱਤਾ ਗਿਆ, ਭਾਈ ਦਿਆਲਾ ਜੀ ਨੂੰ ਉਬਲਦੇ ਪਾਣੀ ਦੀ ਦੇਗ ‘ਚ ਉਬਾਲਿਆ ਗਿਆ ਤੇ ਭਾਈ ਸਤੀ ਦਾਸ ਜੀ ਨੂੰ ਰੂੰ ਵਿੱਚ ਲਪੇਟ ਕੇ ਅੱਗ ਲਾ ਕੇ ਸ਼ਹੀਦ ਕੀਤਾ ਗਿਆ। ਪਰ ਤਿੰਨੋ ਗੁਰੂ ਕੇ ਸਿੱਖਾਂ ਨੇ ਗੁਰੂ ਵੱਲੋਂ ਮੁੱਖ ਨਹੀਂ ਮੋੜਿਆ ਤੇ ਸ੍ਰੀ ਜਪੁਜੀ ਸਾਹਿਬ ਜੀ ਦੀ ਪਾਵਨ ਬਾਣੀ ਦਾ ਪਾਠ ਕਰਦੇ ਹੋਏ ਸ਼ਹੀਦੀ ਪ੍ਰਾਪਤ ਕਰ ਗਏ। ਉਨ੍ਹਾਂ ਕਿਹਾ ਕਿ ਗੁਰੂ ਕਾ ਸਿੱਖ ਸ਼ਹੀਦ ਹੋਣਾ ਪ੍ਰਵਾਨ ਕਰਦਾ ਹੈ ਤੇ ਇਹੋ ਅਰਦਾਸ ਕਰਦਾ ਹੇ ਕਿ ਸਤਿਗੁਰੂ ਕਦੇ ਵੀ ਤੇਰੀ ਕਰਵਟ ਮੇਰੇ ਵੱਲ ਨਾ ਹੋਵੇ, ਹਮੇਸ਼ਾਂ ਤੇਰਾ ਤੇ ਮੇਰਾ ਮੁੱਖ ਇਕ ਦੂਜੇ ਦੇ ਵੱਲ ਹੋਵੇ। ਉਨ੍ਹਾਂ ਕਿਹਾ ਕਿ ਸਾਨੂੰ ਇਨ੍ਹਾਂ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਣਾ ਲੈਂਦੇ ਹੋਏ ਇਧਰ ਉਧਰ ਨਾ ਭਟਕ ਕੇ ਸਤਿਗੁਰੂ ਦੇ ਚਰਨਾਂ ਨਾਲ ਜੁੜਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਕੇ ਸਿੱਖ ਨੂੰ ਹਮੇਸ਼ਾਂ ਸਿੱਖੀ ਵਿੱਚ ਪਰਪੱਕ ਰਹਿਣਾ ਚਾਹੀਦਾ ਹੈ।

unnamed-2ਸ੍ਰ: ਹਰਚਰਨ ਸਿੰਘ ਮੁੱਖ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਵਿਚਾਰ ਰੱਖਦਿਆਂ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ। ਉਨ੍ਹਾਂ ਕਿਹਾ ਕਿ ਜ਼ਾਲਮ ਮੁਗਲ ਬਾਦਸ਼ਾਹ ਔਰੰਗਜ਼ੇਬ ਦੀ ਕਬਰ ਤੇ ਅਜੇ ਵੀ ਕੋਈ ਛੱਤ ਨਹੀਂ ਪਰ ਸਾਡੇ ਗੁਰੂ ਸਾਹਿਬਾਨ ਤੇ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਸੁੰਦਰ ਗੁਰ-ਅਸਥਾਨ ਬਣੇ ਹਨ। ਜਿੱਥੇ ਅਸੀਂ ਹਰ ਸਾਲ ਉਨ੍ਹਾਂ ਦੇ ਦਿਹਾੜੇ ਬੜੀ-ਸ਼ਰਧਾ ਭਾਵਨਾ ਨਾਲ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾ ਕੇ ਮਨਾਉਂਦੇ ਹਾਂ। ਉਨ੍ਹਾਂ ਸਮਾਗਮ ਵਿੱਚ ਸ਼ਾਮਿਲ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦਾ ਧੰਨਵਾਦ ਕੀਤਾ ਤੇ ਮਹਾਨ ਸ਼ਹੀਦ ਸਿੰਘਾਂ ਦੀ ਯਾਦ ਨੂੰ ਆਪਣੇ ਦਿਲ ‘ਚ ਵਸਾਉਂਦਿਆਂ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਨਣ ਲਈ ਕਿਹਾ।

ਇਸ ਮੌਕੇ ਐਡਵੋਕੇਟ ਸ੍ਰ: ਭਗਵੰਤ ਸਿੰਘ ਸਿਆਲਕਾ ਮੈਂਬਰ ਸ਼੍ਰੋਮਣੀ ਕਮੇਟੀ, ਸ੍ਰ: ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ, ਸ੍ਰ: ਸੁਖਦੇਵ ਸਿੰਘ ਭੂਰਾਕੋਹਨਾ ਨਿਜੀ ਸਕੱਤਰ, ਸ੍ਰ: ਸਕੱਤਰ ਸਿੰਘ, ਸ੍ਰ: ਕੁਲਵਿੰਦਰ ਸਿੰਘ ‘ਰਮਦਾਸ’,  ਤੇ ਸ੍ਰ: ਹਰਜਿੰਦਰ ਸਿੰਘ ਮੀਤ ਸਕੱਤਰ, ਸ੍ਰ: ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ,ਭਾਈ ਬਲਜੋਧ ਸਿੰਘ ਗ੍ਰੰਥੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ, ਸ੍ਰ: ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਸ੍ਰ: ਸਤਨਾਮ ਸਿੰਘ ਮਾਂਗਾਸਰਾਏ, ਸ੍ਰ: ਸਵਰਾਜ ਸਿੰਘ ਤੇ ਸ੍ਰ: ਲਖਬੀਰ ਸਿੰਘ ਵਧੀਕ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰ: ਮਲਕੀਤ ਸਿੰਘ ਸਹਾਇਕ ਸੁਪ੍ਰਿੰਟੈਂਡੈਂਟ, ਸ੍ਰ: ਸਤਨਾਮ ਸਿੰਘ ਤੇ ਸ੍ਰ: ਨਿਰਮਲ ਸਿੰਘ ਇੰਚਾਰਜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਮੁੱਚੇ ਸਟਾਫ਼ ਦੇ ਇਲਾਵਾ ਭਾਰੀ, ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।