ਬੀਬੀ ਅਮਰਜੀਤ ਕੌਰ ਦਾ ਮੁੰਬਈ ਵਿਖੇ ਅੰਤਿਮ ਸੰਸਕਾਰ ਭਲਕੇ

ਅੰਮ੍ਰਿਤਸਰ, 13 ਅਗਸਤ-
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਹਰ ਸਾਲ ਫੁੱਲਾਂ ਦੀ ਸਜਾਵਟ ਦੀ ਸੇਵਾ ਕਰਵਾਉਣ ਵਾਲੇ ਗੁਰੂ ਘਰ ਦੇ ਅਨਿਨ ਸ਼ਰਧਾਲੂ ਮੁੰਬਈ ਨਿਵਾਸੀ ਸ. ਇਕਬਾਲ ਸਿੰਘ ਸੇਠ ਦੀ ਸੁਪਤਨੀ ਬੀਬੀ ਅਮਰਜੀਤ ਕੌਰ ਅੱਜ ਮੁੰਬਈ ਵਿਖੇ ਅਕਾਲ ਚਲਾਣਾ ਕਰ ਗਏ। ਉਹ ਕੈਂਸਰ ਦੀ ਨਾਮੁਰਾਦ ਬੀਮਾਰੀ ਤੋਂ ਪੀੜਤ ਸਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਉਨ੍ਹਾਂ ਦੇ ਅਕਾਲ ਚਲਾਣੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਡੂੰਘਾ ਅਫਸੋਸ ਪ੍ਰਗਟ ਕਰਦਿਆਂ ਸ. ਇਕਬਾਲ ਸਿੰਘ ਨਾਲ ਦੁੱਖ ਸਾਂਝਾ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਬਲਵਿੰਦਰ ਸਿੰਘ ਜੌੜਾਸਿੰਘਾ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਸ਼ਰਧਾਲੂ ਸ. ਇਕਬਾਲ ਸਿੰਘ ਦਾ ਸਮੁੱਚਾ ਪਰਿਵਾਰ ਗੁਰੂ ਸਾਹਿਬ ਦੀ ਭੈਅ ਭਾਵਨੀ ਵਿਚ ਰਹਿਣ ਵਾਲਾ ਹੈ ਅਤੇ ਬੀਬੀ ਅਮਰਜੀਤ ਕੌਰ ਦਾ ਚਲਾਣਾ ਉਨ੍ਹਾਂ ਦੇ ਪਰਿਵਾਰ ਲਈ ਵੱਡਾ ਘਾਟਾ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਸ. ਇਕਬਾਲ ਸਿੰਘ ਵੱਲੋਂ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰ ਸਾਲ ਵੱਖ ਵੱਖ ਤਰ੍ਹਾਂ ਦੇ ਫੁੱਲਾਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਸਜਾਵਟ ਕੀਤੀ ਜਾਂਦੀ ਹੈ ਅਤੇ ਉਹ ਹੁਣ ਵੀ ਇਸ ਦੀਆਂ ਤਿਆਰੀਆਂ ਵਿਚ ਲੱਗੇ ਹੋਏ ਸਨ। ਉਨ੍ਹਾਂ ਦੱਸਿਆ ਕਿ ਬੀਬੀ ਅਮਰਜੀਤ ਕੌਰ ਦਾ ਅੰਤਿਮ ਸੰਸਕਾਰ ਭਲਕੇ ਮੁੰਬਈ ਵਿਖੇ ਕੀਤਾ ਜਾਵੇਗਾ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਮੁੰਬਈ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਿੰਦਰ ਸਿੰਘ ਬਾਵਾ ਉਨ੍ਹਾਂ ਦੀ ਮ੍ਰਿਤਕ ਦੇਹ ‘ਤੇ ਦੁਸ਼ਲਾ ਭੇਟ ਕਰਨਗੇ।