ਅੰਮ੍ਰਿਤਸਰ 28 ਅਕਤੂਬਰ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਘੱਟ ਗਿਣਤੀ ਸਿੱਖਾਂ ‘ਤੇ ਹੋ ਰਹੇ ਹਮਲਿਆ ਨੂੰ ਰੋਕਣ ਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾਣ।
ਇਥੋਂ ਜਾਰੀ ਪ੍ਰੈੱਸ ਬਿਆਨ ‘ਚ ਉਨ੍ਹਾਂ ਕਿਹਾ ਕਿ ਅਖ਼ਬਾਰਾਂ ‘ਚ ਛਪੀਆਂ ਖਬਰਾਂ ਰਾਹੀਂ ਉਨ੍ਹਾਂ ਦੇ ਧਿਆਨ ‘ਚ ਆਇਆ ਹੈ ਕਿ ਬਾਰਾਮੂਲਾ ਦੇ ਕਾਨਲੀਬਾਗ ਦੀ ਰਹਿਣ ਵਾਲੀ ਸਿੱਖ ਔਰਤ ਕੁੰਦਨ ਕੌਰ ਦੀ ਗੁਰਦੁਆਰਾ ਸਾਹਿਬ ਵਿਖੇ ਦਰਸ਼ਨ ਕਰਨ ਜਾਣ ਸਮੇਂ ਕੁਝ ਅਣਪਛਾਤੇ ਹਮਲਾਵਰਾਂ ਵੱਲੋਂ ਸਿਰ ਅਤੇ ਢਿੱਡ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਹੱਤਿਆ ਕਰ ਦਿੱਤੀ ਗਈ ਜੋ ਬੇਹੱਦ ਨਿੰਦਣਯੋਗ ਹੈ।ਉਨ੍ਹਾਂ ਕਿਹਾ ਕਿ ਸਿੱਖ ਕੌਮ ਬਹਾਦਰ, ਨਿਡਰ ਤੇ ਸਰਬੱਤ ਦਾ ਭਲਾ ਮੰਗਣ ਵਾਲੀ ਕੌਮ ਹੈ ਉਸ ਤੇ ਅਜਿਹੇ ਹਮਲੇ ਹੋਣੇ ਚਿੰਤਾ ਦਾ ਵਿਸ਼ਾ ਹੈ।ਉਨ੍ਹਾਂ ਕਿਹਾ ਕਿ ਦੁਨੀਆਂ ‘ਚ ਕਿਸੇ ਕੌਮ ਤੇ ਵੀ ਭੀੜ ਬਣੇ ਸਿੱਖ ਕੌਮ ਸਭ ਤੋਂ ਮੋਹਰੀ ਹੋ ਕੇ ਹਮੇਸ਼ਾ ਮਦਦ ਲਈ ਅੱਗੇ ਆਉਂਦੀ ਹੈ।ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ‘ਚ ਸਿੱਖ ਘੱਟ ਗਿਣਤੀ ਵਿੱਚ ਹਨ ਤੇ ਉਨ੍ਹਾਂ ਨਾਲ ਐਸਾ ਦੁਰ-ਵਿਹਾਰ ਹੋਣਾ ਮੰਦਭਾਗਾ ਅਤੇ ਦੁੱਖਦਾਈ ਹੈ।
ਉਨ੍ਹਾਂ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਜਨਾਬ ਮੁਫਤੀ ਮਹੁੰਮਦ ਸੱਯਦ ਤੇ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੂੰ ਵੀ ਅਪੀਲ ਕੀਤੀ ਕਿ ਉਹ ਕੂਟਨੀਤਿਕ ਪੱਧਰ ਤੇ ਗੱਲਬਾਤ ਕਰਕੇ ਸਿੱਖਾਂ ਦੀ ਰਾਖੀ ਨੂੰ ਯਕੀਨੀ ਬਣਾਉਣ ਤਾਂ ਕਿ ਫਿਰਕੂ ਕੋਸ਼ਿਸ਼ਾਂ ਨੂੰ ਠੱਲ੍ਹ ਪਾਉਂਦਿਆਂ ਆਪਸੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਿਆ ਜਾ ਸਕੇ।ਉਨ੍ਹਾਂ ਸਰਕਾਰ ਤੋਂ ਇਹ ਵੀ ਮੰਗ ਕੀਤੀ ਕਿ ਦੋਸ਼ੀਆਂ ਦੀ ਭਾਲ ਕਰਕੇ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਤਾਂ ਕਿ ਅੱਗੇ ਤੋਂ ਅਜਿਹੀ ਘਟਨਾ ਮੁੜ ਨਾ ਹੋਵੇ।