ਬਾਬਾ ਖੜਕ ਸਿੰਘ ਦੇ ੧੫੦ਵੇਂ ਜਨਮ ਦਿਹਾੜੇ ਨੂੰ ਸਮਰਪਿਤ ਵੀ ਹੋਣਗੇ ਸਮਾਗਮ

ਅੰਮ੍ਰਿਤਸਰ, ੬ ਜੂਨ – ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਿਆਈ ਦਿਵਸ ਭਲਕੇ ੭ ਜੂਨ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਨੇ ਦੱਸਿਆ ਕਿ ਛੇਵੇਂ ਪਾਤਸ਼ਾਹ ਜੀ ਦੇ ਗੁਰਿਆਈ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬਿ ਵਿਖੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਉਪਰੰਤ ਰਾਗੀ, ਢਾਡੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰ-ਇਤਿਹਾਸ ਨਾਲ ਜੋੜਨਗੇ। ਉਨ੍ਹਾਂ ਇਹ ਵੀ ਦੱਸਿਆ ਕਿ ਗੁਰਿਆਈ ਦਿਵਸ ਨੂੰ ਸਮਰਪਿਤ ਸਵੇਰੇ ੮ ਵਜੇ ਤੋਂ ਲੈ ਕੇ ੧੨ ਵਜੇ ਤੀਕ ਜਲੌ ਸਜਾਏ ਜਾਣਗੇ ਅਤੇ ਸ਼ਾਮ ਨੂੰ ਰਹਿਰਾਸ ਦੀ ਸਮਾਪਤੀ ਉਪਰੰਤ ਸੁੰਦਰ ਦੀਪਮਾਲਾ ਤੇ ਆਤਿਸ਼ਬਾਜੀ ਹੋਵੇਗੀ।

ਇਸੇ ਦੌਰਾਨ ਹੀ ਭਲਕੇ ੭ ਜੂਨ ਨੂੰ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਦੂਸਰੇ ਪ੍ਰਧਾਨ, ਪੰਥ ਦੇ ਬੇਤਾਜ ਬਾਦਸ਼ਾਹ ਬਾਬਾ ਖੜਕ ਸਿੰਘ ਦੇ ੧੫੦ਵੇਂ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੋਂ ਬਾਅਦ ਧਾਰਮਿਕ ਦੀਵਾਨ ਸਜਾਏ ਜਾਣਗੇ।