ਅੰਮ੍ਰਿਤਸਰ, ੧੭ ਮਈ (     )- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਿਆਈ ਦਿਵਸ ੧੯ ਮਈ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬੀਬੀ ਕੌਲਾਂ ਜੀ (ਕੌਲਸਰ) ਵਿਖੇ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਆਗਮਨ ਪਿਤਾ ਸ੍ਰੀ ਗੁਰੂ ਅਰਜਨ ਦੇਵ ਜੀ ਤੇ ਮਾਤਾ ਗੰਗਾ ਜੀ ਦੇ ਗ੍ਰਹਿ ਵਿਖੇ ੨੧ ਹਾੜ ੧੬੫੨ ਬਿਕ੍ਰਮੀ ਨੂੰ ਗੁਰੂ ਕੀ ਵਡਾਲੀ, ਸ੍ਰੀ ਅੰਮ੍ਰਿਤਸਰ ਵਿਖੇ ਹੋਇਆ। ਛੇਵੇਂ ਪਾਤਸ਼ਾਹ ਜੀ ਨੇ ਮੀਰੀ ਤੇ ਪੀਰੀ ਦੀਆਂ ਦੋ ਕਿਰਪਾਨਾਂ ਧਾਰਨ ਕੀਤੀਆਂ ਅਤੇ ਸਿੱਖ ਧਰਮ ਵਿਚ ਭਗਤੀ ਤੇ ਸ਼ਕਤੀ ਦੇ ਸਿਧਾਂਤ ਨੂੰ ਪੱਕਿਆਂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਐਡੀਸ਼ਨਲ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ ਨੇ ਦੱਸਿਆ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਿਆਈ ਦਿਵਸ ਨੂੰ ਸਮਰਪਿਤ ੧੭ ਮਈ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ ੧੯ ਮਈ ਦਿਨ ਸ਼ੁੱਕਰਵਾਰ ਨੂੰ ਭੋਗ ਤੋਂ ਬਾਅਦ ਧਾਰਮਿਕ ਦੀਵਾਨ ਸੱਜਣਗੇ। ਇਸੇ ਦਿਨ ਹੀ ਸਵੇਰੇ ੮:੩੦ ਵਜੇ ਤੋਂ ਲੈ ਕੇ ਦੁਪਹਿਰ ੧੨:੦੦ ਵਜੇ ਤਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਸੱਜਣਗੇ ਅਤੇ ਸ਼ਾਮ ਨੂੰ ਰਹਿਰਾਸਿ ਸਾਹਿਬ ਜੀ ਦੇ ਪਾਠ ਉਪਰੰਤ ਆਤਿਸ਼ਬਾਜ਼ੀ ਚਲਾਈ ਜਾਵੇਗੀ।
੧੯ ਮਈ ਦਿਨ ਸ਼ੁੱਕਰਵਾਰ ਨੂੰ ਗੁਰਦੁਆਰਾ ਬੀਬੀ ਕੌਲਾਂ ਜੀ (ਕੌਲਸਰ) ਵਿਖੇ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਿਆਈ ਦਿਵਸ ਮਨਾਉਣ ਸਬੰਧੀ ਇਸ ਅਸਥਾਨ ‘ਤੇ ਸਵੇਰੇ ੮:੦੦ ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਸ਼ਾਮ ਨੂੰ ੩:੦੦ ਵਜੇ ਤੋਂ ਲੈ ਕੇ ਰਾਤ ੧੧:੦੦ ਵਜੇ ਤੀਕ ਗੁਰਮਤਿ ਸਮਾਗਮ ਹੋਵੇਗਾ। ਜਿਸ ਵਿਚ ਸਿੱਖ ਕੌਮ ਦੇ ਪ੍ਰਸਿੱਧ ਰਾਗੀ ਜਥੇ, ਪ੍ਰਚਾਰਕ ਸਾਹਿਬਾਨ ਅਤੇ ਸੰਤ ਮਹਾਂਪੁਰਸ਼ ਹਾਜ਼ਰੀ ਭਰ ਕੇ ਸੰਗਤਾਂ ਨੂੰ ਆਪਣੇ ਵਿਚਾਰਾਂ ਰਾਹੀਂ ਨਿਹਾਲ ਕਰਨਗੇ।