asinghਅੰਮ੍ਰਿਤਸਰ 5 ਮਾਰਚ (       ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕੀ ਸੂਬੇ ਵਾਸ਼ਿੰਗਟਨ ਦੇ ਸ਼ਹਿਰ ਸਪੋਕੇਨ ‘ਚ ਇਕ ਨਿਰਵਸਤਰ ਵਿਅਕਤੀ ਵੱਲੋਂ ਗੁਰਦੁਆਰੇ ਅੰਦਰ ਦਾਖਲ ਹੋ ਕੇ ਭੰਨਤੋੜ ਤੇ ਪਵਿੱਤਰ ਨਿਸ਼ਾਨੀਆਂ ਦੀ ਬੇਅਦਬੀ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।

ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਜੈਫਰੀ ਸੀ ਪਿਟਮੈਨ ਨਾਮਕ ਵਿਅਕਤੀ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਅਜਿਹੀ ਮੰਦਭਾਗੀ ਘਟਨਾ ਨੂੰ ਅੰਜ਼ਾਮ ਦੇਣਾ ਅਤਿ ਨਿੰਦਣਯੋਗ ਹੈ ਜਿਸ ਨਾਲ ਦੇਸ਼-ਵਿਦੇਸ਼ ਵਿੱਚ ਵੱਸਦੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ।ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਸਰਬੱਤ ਦੇ ਭਲੇ ਤੇ ਆਪਸੀ ਭਾਈਚਾਰਕ ਸਾਂਝ ਦਾ ਸੁਨੇਹਾ ਮਿਲਦਾ ਹੈ, ਪਰ ਇਕ ਸੋਚੀ ਸਮਝੀ ਸਾਜਿਸ਼ ਤਹਿਤ ਅਸ਼ਾਂਤੀ ਫੈਲਾਉਣ ਦੇ ਮਕਸਦ ਹੇਠ ਗੁਰਦੁਆਰਾ ਸਾਹਿਬ ਵਿਖੇ ਇਹ ਕੋਝੀ ਹਰਕਤ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਸਿੱਖ ਕੌਮ ਹਰ ਧਰਮ ਦਾ ਦਿਲੋਂ ਸਤਿਕਾਰ ਕਰਦੀ ਹੈ, ਪਰ ਜੇਕਰ ਕੋਈ ਉਸ ਦੇ ਧਰਮ ਖਿਲਾਫ਼ ਕਾਰਵਾਈ ਕਰੇ ਤਾਂ ਉਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।ਉਨ੍ਹਾਂ ਭਾਰਤ ਦੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਪੱਧਰ ਤੇ ਅਜਿਹੀਆ ਵਾਪਰ ਰਹੀਆਂ ਘਟਨਾਵਾਂ ਨੂੰ ਰੋਕਣ ਲਈ ਵਿਦੇਸ਼ ਦੀਆਂ ਸਰਕਾਰਾਂ ਨਾਲ ਰਾਬਤਾ ਰੱਖਣ।

ਉਨ੍ਹਾਂ ਅਮਰੀਕਾ ਸਰਕਾਰ ਦੇ ਰਾਸ਼ਟਰਪਤੀ ਸ੍ਰੀ ਬਰਾਕ ਓਬਾਮਾ ਨੂੰ ਅਪੀਲ਼ ਕੀਤੀ ਕਿ ਉਹ ਸਿੱਖਾਂ ਦੀਆਂ ਭਾਵਨਾਵਾਂ ਨੂੰ ਮੱਦੇਨਜ਼ਰ ਰੱਖਦਿਆਂ ਹੋਇਆ ਗੁਰਦੁਆਰਾ ਸਾਹਿਬਾਨ ਵਿਖੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਨੂੰ ਯਕੀਨੀ ਬਣਾਉਣ ਤਾਂ ਜੋ ਅੱਗੇ ਤੋਂ ਕੋਈ ਸ਼ਰਾਰਤੀ ਅਨਸਰ ਅਜਿਹੀ ਘਟਨਾ ਨੂੰ ਕਰਨ ਤੋਂ ਗੁਰੇਜ ਕਰੇ।