avtarਸ੍ਰੀ ਅੰਮਿਤਸਰ 1 ਅਕਤੂਬਰ (      ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਖ਼ਬਾਰਾਂ ‘ਚ ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਵੱਲੋਂ ਅਸਤੀਫੇ ਦੀ ਪੇਸ਼ਕਸ਼ ਸਬੰਧੀ ਛਪੀਆ ਖ਼ਬਰਾਂ ਦਾ ਜ਼ੋਰਦਾਰ ਖੰਡਨ ਕਰਦਿਆਂ ਇਸ ਦਾ ਗੰਭੀਰ ਨੋਟਿਸ ਲਿਆ ਹੈ।
ਇਥੋਂ ਜਾਰੀ ਪ੍ਰੈੱਸ ਬਿਆਨ ‘ਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੱਲ੍ਹ ਸਿੰਘ ਸਾਹਿਬਾਨ ਨੂੰ ਮਿਲੇ ਸਨ, ਜਿਥੇ ਉਨ੍ਹਾਂ ਮੌਜੂਦਾ ਪੰਥਕ ਵਰਤਾਰੇ ਬਾਰੇ ਵਿਚਾਰ-ਚਰਚਾ ਕੀਤੀ ਸੀ।ਉਨ੍ਹਾਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਅਨੁਸਾਰ ਕਿਸੇ ਵੀ ਸਿੰਘ ਸਾਹਿਬ ਨੇ ਅਸਤੀਫੇ ਦੀ ਪੇਸ਼ਕਸ਼ ਨਹੀਂ ਕੀਤੀ।ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਬਾਰੇ ਛਪੀ ਖ਼ਬਰ ਵੀ ਮਨਘੜਤ ਤੇ ਪੰਥਕ ਸਫ਼ਾਂ ਵਿੱਚ ਦੁਵਿਧਾ ਪਾਉਣ ਵਾਲੀ ਹੈ ਤੇ ਇਹ ਖ਼ਬਰ ਤੱਥਾਂ ਤੋਂ ਸੱਖਣੀ ਹੈ।ਉਨ੍ਹਾਂ ਕਿਹਾ ਕਿ ਸਾਰੇ ਸਿੰਘ ਸਾਹਿਬਾਨ ਇਕਜੁੱਟ ਤੇ ਚੜ੍ਹਦੀ ਕਲਾ ਵਿੱਚ ਹਨ।ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ ਬਾਰੇ ਛਪੀ ਖ਼ਬਰ ਨਿਰਮੁੱਲ ਹੈ ਤੇ ਉਨ੍ਹਾਂ ਦਾ ਸਾਰਾ ਪਰਿਵਾਰ ਇਕਜੁੱਟ ਹੈ।
ਜਥੇਦਾਰ ਅਵਤਾਰ ਸਿੰਘ ਨੇ ਸਪੱਸ਼ਟ ਕੀਤਾ ਕਿ ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਵੱਲੋਂ ਕੋਈ ਵੀ ਅਸਤੀਫ਼ੇ ਦੀ ਪੇਸ਼ਕਸ਼ ਨਹੀਂ ਕੀਤੀ ਗਈ।ਉਹ ਦ੍ਰਿੜ, ਵਿਸ਼ਵਾਸ਼ੀ ਤੇ ਚੜ੍ਹਦੀ ਕਲਾ ‘ਚ ਹਨ।ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਖ਼ਬਰਾਂ ਗਲਤ ਫੈਮੀਆਂ ਪਾਉਣ ਤੋਂ ਇਲਾਵਾ ਹੋਰ ਕੁਝ ਨਹੀਂ ਹਨ।ਬੁਲਾਰੇ ਨੇ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਨੇ ਉਨ੍ਹਾਂ ਸਾਰੀਆਂ ਹੀ ਪੰਥਕ ਜਥੇਬੰਦੀਆਂ, ਸਿੰਘ ਸਭਾਵਾਂ, ਪੰਥਕ ਸੰਸਥਾਵਾਂ ਤੇ ਧਾਰਮਿਕ ਸ਼ਖਸ਼ੀਅਤਾਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਹੈ ਜਿਨ੍ਹਾਂ ਪੰਥਕ ਸ਼ਕਤੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਲਈ ਸਿੰਘ ਸਾਹਿਬਾਨ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੀਤੇ ਗਏ ਗੁਰਮਤੇ ਸਬੰਧੀ ਸਮਰਥਨ ਦਿੱਤਾ ਹੈ।ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਮੁੱਚੇ ਸਿੱਖ ਜਗਤ ਨੂੰ ਅਪੀਲ ਕੀਤੀ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਬਣਾਈ ਰੱਖਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਫੈਸਲੇ ਦਾ ਸਮਰਥਨ ਕਰਨ।