ਅੰਮ੍ਰਿਤਸਰ 9 ਨਵੰਬਰ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਿਊ ਗੋਬਿੰਦ ਨਗਰ, ਸੋਡਲ ਰੋਡ ਦੇ ਗੁਰਦੁਆਰਾ ਗੋਬਿੰਦਸਰ ਦੇ ਸਾਹਮਣੇ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਕੀਤੀ ਬੇਅਦਬੀ ਤੇ ਡੂੰਘੇ ਰੋਸ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਕਿਹਾ ਕਿ ਹਰ ਰੋਜ਼ ਕਿਤੇ ਨਾ ਕਿਤੇ ਗੁਰਬਾਣੀ ਦੀ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਦੇਖਣ ਨੂੰ ਮਿਲਦੀਆਂ ਹਨ ਜੋ ਬਹੁਤ ਹੀ ਗੰਭੀਰ ਚਿੰਤਾ ਦਾ ਵਿਸ਼ਾ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਿੱਚ ਸਾਜਿਸ਼ ਕਰਤਾਵਾਂ ਦੇ ਕਿਸੇ ਵੱਡੇ ਗਰੋਹ ਦਾ ਹੱਥ ਹੈ ਜੋ ਪੰਜਾਬ ਦੀ ਅਮਨ ਸ਼ਾਂਤੀ ਨੂੰ ਲਾਂਬੂ ਲਾਉਣਾ ਚਾਹੁੰਦੇ ਹਨ।ਉਨ੍ਹਾਂ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕਰਦਿਆਂ ਕਿਹਾ ਕਿ ਜਲਦ ਤੋਂ ਜਲਦ ਇਸ ਗਰੋਹ ਦਾ ਪਤਾ ਲਗਾ ਕੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਗੁਰੂ ਸਾਹਿਬਾਨ ਦੇ ਇਲਾਵਾ, ਭੱਟਾਂ ਤੇ ਹਰ ਧਰਮ ਦੇ ਭਗਤਾਂ ਦੀ ਬਾਣੀ ਵੀ ਦਰਜ ਹੈ।ਜਦੋਂ ਅਸੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੱਥਾ ਟੇਕਦੇ ਹਾਂ ਤਾਂ ਉਨ੍ਹਾਂ ਮਹਾਂਪੁਰਸ਼ਾਂ ਨੂੰ ਵੀ ਨਮਸਕਾਰ ਕਰਦੇ ਹਾਂ ਜਿਨ੍ਹਾਂ ਦੀ ਬਾਣੀ ਇਸ ਪਾਵਨ-ਪਵਿੱਤਰ ਗ੍ਰੰਥ ਵਿੱਚ ਦਰਜ ਹੈ।ਉਨ੍ਹਾਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਸੰਗਤਾਂ ਨੂੰ ਆਪਣੇ-ਆਪਣੇ ਇਲਾਕਿਆਂ ਵਿੱਚ ੨੪ ਘੰਟੇ ਪਹਿਰਾ ਦੇ ਕੇ ਅਜਿਹੇ ਦੋਸ਼ੀਆਂ ਦੀ ਭਾਲ ਕਰਨ ਲਈ ਕਿਹਾ ਜੋ ਗੁਰਬਾਣੀ ਦਾ ਨਿਰਾਦਰ ਕਰਕੇ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨਾ ਚਾਹੁੰਦੇ ਹਨ।