ਅੰਮ੍ਰਿਤਸਰ : ੩ ਮਈ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨੀ ਪੰਜਾਬ ਵਿੱਚ ਸ੍ਰ: ਮਹਿੰਦਰਪਾਲ ਸਿੰਘ ਨਾਮ ਦੇ ਇੱਕ ਸਿੱਖ ਦੀ ਦਸਤਾਰ ਲਾਹੇ ਜਾਣ ਤੇ ਸਖ਼ਤ ਸ਼ਬਦਾਂ ਵਿੱਚ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਸ੍ਰ: ਮਹਿੰਦਰਪਾਲ ਸਿੰਘ ਫੈਸਲਾਬਾਦ ਤੋਂ ਮੁਲਤਾਨ ਬੱਸ ‘ਚ ਸਵਾਰ ਹੋ ਕੇ ਜਾ ਰਿਹਾ ਸੀ। ਪਰ ਅਚਾਨਕ ਬੱਸ ਖਰਾਬ ਹੋ ਜਾਣ ਕਾਰਣ ਜਦ ਯਾਤਰੀਆਂ ਨੇ ਹੋਰ ਬੱਸ ਦੀ ਮੰਗ ਕੀਤੀ ਤਾਂ ਬੱਸ ਦੇ ਕੁਝ ਮੁਲਾਜ਼ਮਾਂ ਨੇ ਸ੍ਰ: ਮਹਿੰਦਰਪਾਲ ਸਿੰਘ ਦੀ ਕੁੱਟਮਾਰ ਕੀਤੀ ਤੇ ਦਸਤਾਰ ਲਾਹ ਦਿੱਤੀ। ਉਨ੍ਹਾਂ ਕਿਹਾ ਕਿ ਇਸ ਮੰਦਭਾਗੀ ਘਟਨਾ ਨਾਲ ਸਾਰੇ ਸਿੱਖ ਜਗਤ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਲਗੀਧਰ ਦਸਮੇਸ਼ ਪਿਤਾ ਨੇ ਆਪਣੇ ਸਿੱਖ ਨੂੰ ਪੰਜ ਕਕਾਰਾਂ ਦੇ ਧਾਰਨੀ ਹੋਣ ਦੇ ਨਾਲ-ਨਾਲ ਸਿੱਖੀ ਦੀ ਆਨ ਤੇ ਸ਼ਾਨ ਦਸਤਾਰ ਸਜਾਉਣ ਲਈ ਵੀ ਪ੍ਰੇਰਿਆ ਹੈ। ਉਨ੍ਹਾਂ ਕਿਹਾ ਕਿ ਦਸਤਾਰ ਦਾ ਅਪਮਾਨ ਕਰਨਾ ਉਚਿੱਤ ਨਹੀਂ। ਉਨ੍ਹਾਂ ਪਾਕਿਸਤਾਨ ਓਕਾਫ਼ ਬੋਰਡ ਦੇ ਚੇਅਰਮੈਨ ਅਤੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਅਪੀਲ ਕੀਤੀ ਕਿ ਉਹ ਪਾਕਿਸਤਾਨੀ ਸਿੱਖਾਂ ਨੂੰ ਇਨਸਾਫ਼ ਦਿਵਾਉਣ ਅਤੇ ਉਨ੍ਹਾਂ ਦਾ ਸਤਿਕਾਰ ਬਹਾਲ ਕਰਾਉਣ ਵਿੱਚ ਪਾਕਿਸਤਾਨ ਸਰਕਾਰ ਨਾਲ ਰਾਫ਼ਤਾ ਕਾਇਮ ਕਰਨ। ਉਨ੍ਹਾਂ ਪਾਕਿਸਤਾਨੀ ਪੰਜਾਬ ਦੇ ਪ੍ਰਸ਼ਾਸਨ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਅਨਸਰਾਂ ਨੇ ਈਰਖਾ ਅਤੇ ਹੀਣ ਭਾਵਨਾ ਵੱਸ ਸ੍ਰ: ਮਹਿੰਦਰਪਾਲ ਸਿੰਘ ਨੂੰ ਨਸਲੀ ਹਿੰਸਾ ਦਾ ਸ਼ਿਕਾਰ ਬਣਾ ਕੇ ਉਸ ਦੀ ਦਸਤਾਰ ਉਤਾਰੀ ਹੈ, ਦੋਸ਼ੀ ਪਾਏ ਜਾਣ ਤੇ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਅੱਗੇ ਤੋਂ ਕੋਈ ਵਿਅਕਤੀ ਐਸੀ ਘਿਨਾਉਣੀ ਹਰਕਤ ਨਾ ਕਰੇ ਜਿਸ ਨਾਲ ਆਪਸੀ ਭਾਈਚਾਰਕ ਸਾਂਝ ਵਿੱਚ ਦਰਾੜ ਪੈਦਾ ਹੋਵੇ ਤੇ ਦੇਸ਼ ਵਿੱਚ ਅਸ਼ਾਂਤੀ ਫੈਲੇ।