ਕੇਂਦਰ ਸਰਕਾਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਸਬੰਧੀ ਸਖ਼ਤ ਕਾਨੂੰਨ ਬਣਾਏ
ਅੰਮ੍ਰਿਤਸਰ 5 ਨਵੰਬਰ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਰਨ-ਤਾਰਨ ਜ਼ਿਲ੍ਹੇ ਦੇ ਪਿੰਡ ਮੱਲ੍ਹੀਆਂ ਤੇ ਪਿੰਡ ਕੱਦਗਿੱਲ ਵਿਖੇ ਪੰਥ ਦੋਖੀਆਂ ਵੱਲੋਂ ਗੁਰਬਾਣੀ ਦੇ ਗੁਟਕੇ ਪਾੜ੍ਹ ਕੇ ਖਿਲਾਰਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਮੋਗੇ ਦੇ ਪਿੰਡ ਮੱਲਕੇ ਅਤੇ ਹੋਰ ਵੀ ਵੱਖ-ਵੱਖ ਥਾਵਾਂ ਤੇ ਅਮਨ ਸ਼ਾਂਤੀ ਦੇ ਦੁਸ਼ਮਣਾਂ ਵੱਲੋਂ ਗੁਰਬਾਣੀ ਦੇ ਗੁਟਕਿਆਂ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਘੋਰ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਗਿਆ।ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਆਪਣੇ ਕੰਮ ਵਿੱਚ ਨਾਕਾਮ ਹੋਣ ਕਾਰਣ ਹੀ ਕੁਝ ਸਿਰਫਿਰੇ ਲੋਕ ਅਜਿਹੀਆਂ ਘਟਨਾਵਾਂ ਨੂੰ ਬਾਰ-ਬਾਰ ਦੁਹਰਾ ਰਹੇ ਹਨ।ਉਨ੍ਹਾਂ ਕਿਹਾ ਕਿ ਐਸਾ ਕੋਈ ਆਪਣੀ ਨਿੱਜੀ ਰੰਜਿਸ਼ ਕੱਢਣ ਅਤੇ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਲਈ ਹੀ ਕਰ ਰਿਹਾ ਹੈ।ਉਨ੍ਹਾਂ ਕਿਹਾ ਕਿ ਜੇ ਪ੍ਰਸ਼ਾਸਨ ਇਸੇ ਤਰ੍ਹਾਂ ਹੀ ਕੁੰਭ ਕਰਨੀ ਨੀਂਦ ਸੁੱਤਾ ਰਿਹਾ ਤਾਂ ਪੰਜਾਬ ਦੇ ਵਿਘੜਦੇ ਹਾਲਾਤਾਂ ਨੂੰ ਸੰਭਾਲਣਾ ਮੁਸ਼ਕਲ ਹੀ ਨਹੀਂ ਅਸੰਭਵ ਹੋ ਜਾਵੇਗਾ।ਉਨ੍ਹਾਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵਾਰੀ ਸਿਰ ੨੪ ਘੰਟੇ ਸਖ਼ਤ ਪਹਿਰਾ ਦੇਣ ਤੇ ਅਜਿਹੇ ਪਾਪੀਆਂ ਤੇ ਗੁਰੂ ਦੋਖੀਆਂ ਨੂੰ ਫੜਣ ਲਈ ਤਿੱਖੀ ਨਜ਼ਰ ਰੱਖਣ।
ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚਲੀ ਬਾਣੀ ਸਰਬ ਸਾਂਝੀਵਾਲਤਾ, ਭਰਾਤਰੀ ਭਾਵ ਅਤੇ ਸਰਬੱਤ ਦੇ ਭਲੇ ਦਾ ਉਪਦੇਸ਼ ਦੇਂਦੀ ਹੈ, ਪਰ ਵਰਤਮਾਨ ਵਿੱਚ ਵਾਪਰ ਰਹੀਆਂ ਇਹ ਘਟਨਾਵਾਂ ਸਮਕਾਲੀਨ ਇਤਿਹਾਸ ਦੇ ਕਾਲੇ ਪੰਨਿਆਂ ਨੂੰ ਫਰੋਲ ਜਾਂਦੀਆਂ ਹਨ, ਜਿਸ ਤੋਂ ਦੇਸ਼ ਦੀ ਅਮਨ-ਸ਼ਾਂਤੀ ਭੰਗ ਹੋਣ ਅਤੇ ਅਰਾਜਕਤਾ ਫੈਲਣ ਨਾਲ ਹਾਲਾਤ ਬਦ ਤੋਂ ਵੀ ਬਦਤਰ ਹੋ ਸਕਦੇ ਹਨ।ਉਨ੍ਹਾਂ ਕਿਹਾ ਕਿ ਗੁਰੂ ਘਰ ਦੇ ਨਿੰਦਕਾਂ, ਦੋਖੀਆਂ ਤੇ ਸ਼ਰਾਰਤੀ ਲੋਕਾਂ ਵੱਲੋਂ ਬਾਰ-ਬਾਰ ਲੁਕਵੇਂ ਢੰਗ ਨਾਲ ਗੁਰੂ ਸਾਹਿਬ ਤੇ ਗੁਰਬਾਣੀ ਦਾ ਅਪਮਾਨ ਕਰਨਾ ਅਸਹਿਣਯੋਗ ਹੈ।ਉਨ੍ਹਾਂ ਕਿਹਾ ਕਿ ਪੰਥ ਦੋਖੀਆਂ ਵੱਲੋਂ ਬਾਰ-ਬਾਰ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਤੋਂ ਇਹ ਸਾਫ਼ ਜ਼ਾਹਿਰ ਹੈ ਕਿ ਇਹ ਦੇਸ਼ ‘ਚ ਅਸ਼ਾਂਤੀ ਫੈਲਾਉਣ ਤੇ ਭਾਈਚਾਰਕ ਸਾਂਝ ਨੂੰ ਤੋੜਣ ਦੀ ਬਹੁਤ ਵੱਡੀ ਸਾਜਿਸ਼ ਹੈ।ਉਨ੍ਹਾਂ ਪੰਜਾਬ ਤੇ ਕੇਂਦਰ ਸਰਕਾਰ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਜੋ ਸਖਸ਼ ਕਿਸੇ ਧਾਰਮਿਕ ਗ੍ਰੰਥ ਦੀ ਬੇਅਦਬੀ ਕਰਦਾ ਹੈ ਉਹ ਕਾਇਰ ਤੇ ਮਾਨਸਿਕ ਤੌਰ ਤੇ ਬਿਮਾਰ ਵਿਅਕਤੀ ਹੈ ਜਿਸ ਦਾ ਕੋਈ ਦੀਨ-ਧਰਮ ਨਹੀਂ ਹੋ ਸਕਦਾ।ਇਸ ਲਈ ਸਰਕਾਰ ਇਹੋ ਜਿਹੇ ਘਿਨਾਉਣੇ ਜ਼ੁਰਮ ਲਈ ਸੰਵਿਧਾਨ ਵਿੱਚ ਸੋਧ ਕਰਦਿਆਂ ਅਜਿਹਾ ਸਖ਼ਤ ਕਾਨੂੰਨ ਬਣਾਏ ਜਿਸ ਨਾਲ ਪੰਥ ਦੋਖੀਆਂ ਨੂੰ ਨੱਥ ਪਾਈ ਜਾ ਸਕੇ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਤਰਨ-ਤਾਰਨ ਦੇ ਪਿੰਡ ਮੱਲ੍ਹੀਆਂ ਤੇ ਕੱਦਗਿੱਲ ਅਤੇ ਜ਼ਿਲ੍ਹਾ ਮੋਗੇ ਦੇ ਪਿੰਡ ਮੱਲਕੇ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ।