ਅੰਮ੍ਰਿਤਸਰ ੨੪ ਸਤੰਬਰ (       ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਠਿੰਡਾ ਦੇ ਪਿੰਡ ਜੀਵਨ ਸਿੰਘ ਵਾਲਾ ਵਿਖੇ ਇਕ ਵਿਅਕਤੀ ਵੱਲੋਂ ਆਪਣਾ ਅੰਮ੍ਰਿਤ ਭੰਗ ਕਰਨ ਉਪਰੰਤ ਕੱਪੜਿਆਂ ਨਾਲ ਤਿੰਨ ਗੁਟਕਾ ਸਾਹਿਬ ਨੂੰ ਅੱਗ ਲਗਾਉਣ ਦੀ ਘਟਨਾ ਦਾ ਸਖ਼ਤ ਸ਼ਬਦਾਂ ਵਿੱਚ ਵਿਰੋਧ ਕੀਤਾ ਹੈ।
ਇਥੋਂ ਜਾਰੀ ਪ੍ਰੈੱਸ ਬਿਆਨ ‘ਚ ਉਨ੍ਹਾਂ ਕਿਹਾ ਕਿ ਸ. ਨਿਰਮਲ ਸਿੰਘ ਨੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਖਸ਼ਿਸ਼ ਅੰਮ੍ਰਿਤ ਦੀ ਦਾਤ ਦਾ ਨਿਰਾਦਰ ਤੇ ਤਿੰਨ ਗੁਟਕਾ ਸਾਹਿਬ ਨੂੰ ਅਗਨ ਭੇਟ ਕਰਕੇ ਵੱਡੀ ਗਲਤੀ ਕੀਤੀ ਹੈ।ਉਨ੍ਹਾਂ ਕਿਹਾ ਕਿ ਵੱਡੀਆਂ ਘਾਲਨਾਵਾਂ ਘਾਲ ਕੇ ਸਾਨੂੰ ਸਿੱਖੀ ਮਿਲੀ ਹੈ ਤੇ ਗੁਰੂ ਸਾਹਿਬਾਨ ਵੱਲੋਂ ਮਿਲੀਆਂ ਸਿੱਖਿਆਵਾਂ ਅਤੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹੁਕਮ ਸਾਡੇ ਲਈ ਇਲਾਹੀ ਹੈ।ਉਨ੍ਹਾਂ ਕਿਹਾ ਕਿ ਬਾਣੀ ਦੀ ਬੇਅਦਬੀ ਕਰਨ ਵਾਲਾ ਕੋਈ ਵੀ ਵਿਅਕਤੀ ਮੁਆਫੀ ਦਾ ਹੱਕਦਾਰ ਨਹੀਂ ਹੁੰਦਾ।ਉਨ੍ਹਾਂ ਕਿਹਾ ਕਿ ਪ੍ਰਸਾਸ਼ਨ ਨੂੰ ਸਬੰਧਿਤ ਦੋਸ਼ੀ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਕਿ ਗੁਰੂ ਸਾਹਿਬਾਨ ਅਤੇ ਬਾਣੀ ਦੇ ਸਤਿਕਾਰ ਨੂੰ ਬਹਾਲ ਰੱਖਿਆ ਜਾ ਸਕੇ।
 ਇਕ ਹੋਰ ਘਟਨਾ ਵਿੱਚ ਜਥੇਦਾਰ ਅਵਤਾਰ ਸਿੰਘ ਨੇ ਜਲੰਧਰ-ਕਪੂਰਥਲਾ ਰੋਡ ਨੇੜੇ ਸ਼ੇਰ ਸਿੰਘ ਕਲੋਨੀ ਵਿਖੇ ਛੋਟੀ ਨਹਿਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਮਿਲਣ ‘ਤੇ ਗੰਭੀਰ ਇਤਰਾਜ਼ ਜਤਾਇਆ ਹੈ।ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਨੂੰ ਅੰਜ਼ਾਮ ਦੇਣ ਵਾਲੇ ਦੋਸ਼ੀਆਂ ਨੂੰ ਧਰਮ ਬਾਰੇ ਕੋਈ ਜਾਣਕਾਰੀ ਨਹੀਂ ਤੇ ਉਹ ਸਿਰਫ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਖ਼ਰਾਬ ਕਰਨਾ ਚਾਹੁੰਦੇ ਹਨ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸਿੱਖਾਂ ਦੀਆਂ ਡੂੰਘੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ ਤੇ ਅਜਿਹੀਆਂ ਘਟਨਾਵਾਂ ਨਾਲ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਤੇ ਰੋਹ ਪਾਇਆ ਜਾ ਰਿਹਾ ਹੈ।ਉਨ੍ਹਾਂ ਪ੍ਰਸਾਸ਼ਨ ਨੂੰ ਅਪੀਲ ਕੀਤੀ ਕਿ ਬੇਅਦਬੀ ਕਰਨ ਵਾਲੇ ਦੋਸ਼ੀਆਂ ਦੀ ਜਲਦ ਤੋਂ ਜਲਦ ਭਾਲ ਕਰਕੇ ਕਾਨੂੰਨ ਅਨੁਸਾਰ ਸਖ਼ਤ ਸਜਾ ਦਿੱਤੀ ਜਾਵੇ।