ਅੰਮ੍ਰਿਤਸਰ 12 ਅਗਸਤ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੀਬੀ ਹਰਭਜਨ ਕੌਰ ਜੋ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਰਣਜੀਤ ਸਿੰਘ ਦੀ ਭੈਣ ਸਨ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।ਉਨ੍ਹਾਂ ਦਾ ਅੰਤਿਮ ਸੰਸਕਾਰ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਨੇੜੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ।ਉਹ ੭੧ ਸਾਲਾਂ ਦੇ ਸਨ।ਪਰਿਵਾਰ ਤੋਂ ਇਲਾਵਾ ਸੈਂਕੜੇ ਸਨੇਹੀਆਂ ਨੇ ਨਮ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ।
ਇਥੋਂ ਜਾਰੀ ਪ੍ਰੈਸ ਬਿਆਨ ‘ਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਜਨਮ ਅਤੇ ਮੌਤ ਦੋਵੇਂ ਪਰਮਾਤਮਾ ਦੇ ਵਸ ਹਨ।ਉਨ੍ਹਾਂ ਕਿਹਾ ਕਿ ਜੋ ਇਨਸਾਨ ਇਸ ਫਾਨੀ ਸੰਸਾਰ ਤੇ ਆਇਆ ਹੈ ਇਕ ਦਿਨ ਉਸ ਨੇ ਜਾਣਾ ਹੀ ਹੈ।ਉਨ੍ਹਾਂ ਕਿਹਾ ਕਿ ਬੀਬੀ ਹਰਭਜਨ ਕੌਰ ਸ਼ਾਂਤ ਸੁਭਾਅ ਤੇ ਪਰਮਾਤਮਾ ਨੂੰ ਮੰਨਣ ਵਾਲੇ ਸਨ।ਉਨ੍ਹਾਂ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਤੇ ਪਰਿਵਾਰ ਤੇ ਰਿਸ਼ਤੇਦਾਰਾਂ ਨੂੰ ਵੱਡਾ ਘਾਟਾ ਪਿਆ ਹੈ।ਉਨ੍ਹਾਂ ਕਿਹਾ ਕਿ ਅਰਦਾਸ ਹੈ ਸਤਿਗੁਰੂ ਜੀ ਬੀਬੀ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਿੱਛੇ ਪਰਿਵਾਰ ਤੇ ਸਨੇਹੀਆਂ ਨੂੰ ਬਲ ਪ੍ਰਦਾਨ ਕਰਨ।ਇਸੇ ਤਰ੍ਹਾਂ ਬੀਬੀ ਹਰਭਜਨ ਕੌਰ ਦੇ ਅਕਾਲ ਚਲਾਣੇ ਤੇ ਡਾਕਟਰ ਰੂਪ ਸਿੰਘ ਤੇ ਸ. ਅਵਤਾਰ ਸਿੰਘ ਸਕੱਤਰ, ਸ. ਦਿਲਜੀਤ ਸਿੰਘ ਬੇਦੀ, ਸ. ਕੇਵਲ ਸਿੰਘ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪਰਮਜੀਤ ਸਿੰਘ ਸਰੋਆ ਤੇ ਸ. ਜਸਪਾਲ ਸਿੰਘ ਵਧੀਕ ਸਕੱਤਰ, ਸ. ਸਤਿੰਦਰ ਸਿੰਘ ਨਿਜੀ ਸਹਾਇਕ, ਸ. ਪ੍ਰਤਾਪ ਸਿੰਘ, ਸ. ਗੁਰਿੰਦਰ ਸਿੰਘ ਤੇ ਸ. ਸੁਲੱਖਣ ਸਿੰਘ ਮੈਨੇਜਰ ਅਤੇ ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ ਨੇ ਵੀ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਸ. ਰਣਜੀਤ ਸਿੰਘ ਵਧੀਕ ਸਕੱਤਰ ਸ਼੍ਰੋਮਣੀ ਕਮੇਟੀ ਨਾਲ ਅਫਸੋਸ ਜਾਹਰ ਕੀਤਾ ਤੇ ਬੀਬੀ ਜੀ ਦੇ ਅੰਤਿਮ ਸੰਸਕਾਰ ‘ਚ ਸ਼ਮੂਲੀਅਤ ਕੀਤੀ।