ਸ. ਗੁਰਪ੍ਰੀਤ ਸਿੰਘ ਝੱਬਰ ਮੈਂਬਰ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ
01

ਅੰਮ੍ਰਿਤਸਰ 26 ਜੁਲਾਈ- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਵੱਲੋਂ ਤਿਆਰ ਕੀਤੀ ਗਈ ਹਲਕਾ ਜੋਗਾ (ਮਾਨਸਾ) ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵੈੱਬਸਾਈਟ ਦਾ ਮੁਆਇਨਾ ਕੀਤਾ। ਵੈੱਬਸਾਈਟ ਬਾਰੇ ਜਾਣਕਾਰੀ ਦਿੰਦਿਆਂ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ sgpchalkajoga.com ਦੇ ਨਾਮ ਨਾਲ ਤਿਆਰ ਕੀਤੀ ਗਈ ਵੈੱਬਸਾਈਟ ਵਿਚ ਸੰਗਤਾਂ ਜ਼ਿਲ੍ਹਾ ਮਾਨਸਾ ਦੇ ਹਲਕਾ ਜੋਗਾ ਵਿਚ ਆਉਂਦੇ ਪਿੰਡਾਂ, ਉਨ੍ਹਾਂ ਪਿੰਡਾਂ ਵਿਚ ਸੰਗਤਾਂ ਵੱਲੋਂ ਸਥਾਪਿਤ ਕੀਤੇ ਗਏ ਗੁਰਦੁਆਰਾ ਸਾਹਿਬਾਨ, ਇਤਿਹਾਸਕ ਗੁਰਦੁਆਰਾ ਸਾਹਿਬਾਨ ਤੇ ਉਨ੍ਹਾਂ ਦਾ ਸੰਖੇਪ ਇਤਿਹਾਸ, ਗੁਰਦੁਆਰਾ ਸਾਹਿਬ ਦੇ ਵਿਚ ਸ੍ਰੀ ਗੁਰੂ ਗ੍ਰੰਥ ਜੀ ਦੇ ਪਾਵਨ ਸਰੂਪਾਂ ਦੀ ਗਿਣਤੀ, ਗੁਰਦੁਆਰਾ ਸਾਹਿਬਾਨ ਦੇ ਗ੍ਰੰਥੀ ਸਿੰਘ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਦਾ ਨਾਮ ਤੇ ਮੋਬਾਈਲ ਨੰਬਰ, ਹਲਕਾ ਜੋਗਾ ਦੇ ਪਿੰਡਾਂ ਦੇ ਗੁਰਦੁਆਰਾ ਸਾਹਿਬਾਨ ਨੂੰ ਦਿੱਤੀ ਗਈ ਸਹਾਇਤਾ ਦਾ ਵੇਰਵਾ ਦਿੱਤਾ ਗਿਆ ਹੈ। ਵੱਖ-ਵੱਖ ਸਮਾਗਮਾਂ ਵਿਚ ਕਿੰਨੇਂ ਪ੍ਰਾਣੀਆਂ ਨੇ ਅੰਮ੍ਰਿਤਪਾਨ ਕੀਤਾ, ਕਿਹੜੇ-ਕਿਹੜੇ ਪਿੰਡ ਦੀ ਲਾਇਬ੍ਰੇਰੀ ਵਿਚ ਸ਼੍ਰੋਮਣੀ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਵੱਲੋਂ ਸੰਗਤਾਂ ਦੇ ਗਿਆਨ ਵਿਚ ਵਾਧਾ ਕਰਨ ਲਈ ਸਿੱਖ ਇਤਿਹਾਸ, ਗੁਰਬਾਣੀ ਤੇ ਸਿੱਖ ਰਹਿਤ ਮਰਿਆਦਾ ਨਾਲ ਸਬੰਧਤ ਪੁਸਤਕਾਂ ਦਿੱਤੀਆਂ ਗਈਆਂ। ਹਲਕਾ ਜੋਗਾ ਦੇ ਪਿੰਡ ਫਫੜੇ ਭਾਈ ਕੇ ਵਿਖੇ ਭਾਈ ਬਹਿਲੋ ਜੀ ਦੇ ਨਾਮ ‘ਤੇ ਬਣਿਆ ਸਕੂਲ ਤੇ ਕਾਲਜ, ਪੂਰੇ ਜੋਗਾ ਹਲਕੇ ਦਾ ਨਕਸ਼ਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰੇ ਵਡਮੁੱਲੀ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਬਹੁਤ ਹੀ ਜਲਦ ਇਹ ਵੈੱਬਸਾਈਟ ਸੰਗਤਾਂ ਦੀ ਸਹੂਲਤ ਲਈ ਸ਼ੁਰੂ ਹੋ ਜਾਵੇਗੀ।
ਜਥੇ. ਅਵਤਾਰ ਸਿੰਘ ਨੇ ਕਿਹਾ ਕਿ ਨੌਜਵਾਨ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਨੇ ਇਸ ਵਿਸ਼ੇਸ਼ ਕਾਰਜ ਵਿਚ ਪਹਿਲਕਦਮੀ ਕਰਕੇ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਕੀਤਾ ਹੈ। ਇਸ ਨਾਲ ਦੇਸ਼-ਵਿਦੇਸ਼ ਵਿਚ ਵੱਸਦੀਆਂ ਸਿੱਖ ਸੰਗਤਾਂ ਜ਼ਿਲ੍ਹਾ ਮਾਨਸਾ ਦੇ ਜੋਗਾ ਹਲਕੇ ਦੇ ਗੁਰਦੁਆਰਾ ਸਾਹਿਬਾਨ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਇਸ ਹਲਕੇ ਵਿਚ ਕੀਤੇ ਧਰਮ ਪ੍ਰਚਾਰ ਦੇ ਕਾਰਜਾਂ ਤੇ ਸਮਾਜ ਸੇਵਾ ਬਾਰੇ ਗਤੀਵਿਧੀਆਂ ਦੀ ਜਾਣਕਾਰੀ ਲੈ ਸਕਣਗੀਆਂ। ਉਨ੍ਹਾਂ ਕਿਹਾ ਕਿ ਬਾਕੀ ਮੈਂਬਰ ਸਾਹਿਬਾਨ ਨੂੰ ਵੀ ਆਪਣੇ-ਆਪਣੇ ਹਲਕਿਆਂ ਤੇ ਉਨ੍ਹਾਂ ਨਾਲ ਸਬੰਧਤ ਗੁਰਦੁਆਰਾ ਸਾਹਿਬਾਨ ਆਦਿ ਲਈ ਅੱਗੇ ਹੋ ਕੇ ਧਰਮ ਪ੍ਰਚਾਰ ਸਬੰਧੀ ਵਿਸ਼ੇਸ਼ ਉਪਰਾਲੇ ਕਰਨੇ ਚਾਹੀਦੇ ਹਨ।
ਇਸ ਮੌਕੇ ਸ. ਹਰਚਰਨ ਸਿੰਘ ਮੁੱਖ ਸਕੱਤਰ, ਸ. ਦਿਲਜੀਤ ਸਿੰਘ ‘ਬੇਦੀ’, ਸ. ਪਰਮਜੀਤ ਸਿੰਘ ਸਰੋਆ ਤੇ ਸ. ਸੁਖਦੇਵ ਸਿੰਘ ਭੂਰਾ ਕੋਹਨਾ ਵਧੀਕ ਸਕੱਤਰ, ਸ. ਪਰਮਜੀਤ ਮੁੰਡਾ ਪਿੰਡ ਨਿੱਜੀ ਸਹਾਇਕ, ਸ. ਕੁਲਵਿੰਦਰ ਸਿੰਘ ਮੀਤ ਸਕੱਤਰ, ਸ. ਸੁਲੱਖਣ ਸਿੰਘ ਤੇ ਸ. ਗੁਰਿੰਦਰ ਸਿੰਘ ਮੈਨੇਜਰ, ਸ. ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ, ਸ. ਇੰਦਰ ਮੋਹਣ ਸਿੰਘ ਅਨਜਾਣ ਇੰਚਾਰਜ ਪਬਲੀਸਿਟੀ, ਸ. ਗੁਰਵਿੰਦਰ ਸਿੰਘ ਪੀ.ਏ., ਸ. ਮਨਦੀਪ ਸਿੰਘ ਗਾਖਾ ਆਦਿ ਹਾਜ਼ਰ ਸਨ।