ਅੰਮ੍ਰਿਤਸਰ 19 ਮਾਰਚ (          ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਡੇਰਾ ਬਾਬਾ ਬਾਲਾ ਜੀ ਪਿੰਡ ਬੱਲੂਆਣਾ ਬਠਿੰਡਾ ਵਿਖੇ ਸਿੱਖ ਮਾਣ ਮਰਿਯਾਦਾ ਦੀ ਉਲੰਘਣਾ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਹੋ ਰਹੇ ਪ੍ਰਕਾਸ਼ ਸਬੰਧੀ ਘੋਖ ਪੜਤਾਲ ਕਰਨ ਵਾਸਤੇ ਇਕ ਸਬ ਕਮੇਟੀ ਦਾ ਗਠਨ ਕੀਤਾ ਹੈ।
ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰਾਨ ਸ. ਮੋਹਨ ਸਿੰਘ ਬੰਗੀ ਤੇ ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਚਾਨਣ ਸਿੰਘ ਮੀਤ ਸਕੱਤਰ, ਭਾਈ ਜਗਦੇਵ ਸਿੰਘ ਹੈੱਡ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਤੇ ਸ. ਕਿਰਪਾਲ ਸਿੰਘ ਚੌਹਾਨ ਇੰਚਾਰਜ ਸਿੱਖ ਮਿਸ਼ਨ ਦਮਦਮਾ ਸਾਹਿਬ ਤੇ ਆਧਾਰਿਤ ਸਬ ਕਮੇਟੀ ਨੂੰ ਮੌਕੇ ‘ਤੇ ਜਾ ਕੇ ਪੜਤਾਲ ਉਪਰੰਤ ਵਿਸਥਾਰਤ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ।
ਸ. ਬੇਦੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ-ਸਤਿਕਾਰ ਤੇ ਮਾਣ ਮਰਯਾਦਾ ਨੂੰ ਲੈ ਕੇ ਪੂਰੀ ਤਰ੍ਹਾਂ ਸੁਹਿਰਦ ਹੈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੁਰੱਖਿਆ ਅਤੇ ਸਤਿਕਾਰ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਪੂਰਨ ਗੁਰ ਮਰਿਯਾਦਾ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਾਂਭ-ਸੰਭਾਲ ਯਕੀਨੀ ਬਣਾਉਣ ਲਈ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਸਾਹਿਬਾਨ ਪਿੰਡਾਂ ਅੰਦਰ ਗੁਰਦੁਆਰਿਆਂ ਵਿੱਚ ਗ੍ਰੰਥੀ ਸਿੰਘਾਂ ਨਾਲ ਰਾਬਤਾ ਕਰਦੇ ਰਹਿੰਦੇ ਹਨ ਅਤੇ ਸਿੱਖ ਰਹਿਤ ਮਰਯਾਦਾ ਅਨੁਸਾਰ ਸੇਵਾ-ਸੰਭਾਲ ਲਈ ਪ੍ਰੇਰਿਤ ਕਰਦੇ ਹਨ।ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਨੂੰ ਢਾਹ ਲਗਾਉਣ ਵਾਲੀ ਕਾਰਵਾਈ ਕਰੇਗਾ ਤਾਂ ਉਸ ਖਿਲਾਫ ਬਣਦੀ ਕਾਰਵਾਈ ਨੂੰ ਅੰਜ਼ਾਮ ਜ਼ਰੂਰ ਦਿੱਤਾ ਜਾਵੇਗਾ।