ਅੰਮ੍ਰਿਤਸਰ 30 ਜੁਲਾਈ- ਸ. ਗੁਰਦੇਵ ਸਿੰਘ ਉਬੋਕੇ ਮੀਤ ਸਕੱਤਰ ਸ਼੍ਰੋਮਣੀ ਕਮੇਟੀ ਦੇ ਸਤਿਕਾਰਯੋਗ ਮਾਤਾ ਬੀਬੀ ਸਵਿੰਦਰ ਕੌਰ ਅਚਾਨਕ ਦਿਲ ਦਾ ਦੌਰਾ ਪੈਣ ਕਰਕੇ ਅਕਾਲ ਚਲਾਣਾ ਕਰ ਗਏ।ਉਹ ੮੦ ਸਾਲਾਂ ਦੇ ਸਨ।ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਪਿੰਡ ਉਬੋਕੇ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ।ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦੇ ਨਿਜੀ ਸਕੱਤਰ ਸ. ਮਨਜੀਤ ਸਿੰਘ ਨੇ ਬੀਬੀ ਸਵਿੰਦਰ ਕੌਰ ਦੇ ਅੰਤਿਮ ਸੰਸਕਾਰ ਮੌਕੇ ਸ਼ਿਰਕਤ ਕੀਤੀ ਤੇ ਇਸ ਦੁੱਖ ਦੀ ਘੜੀ ‘ਚ ਸ. ਗੁਰਦੇਵ ਸਿੰਘ ਉਬੋਕੇ ਮੀਤ ਸਕੱਤਰ ਸ਼੍ਰੋਮਣੀ ਕਮੇਟੀ ਤੇ ਪਰਿਵਾਰ ਨਾਲ ਅਫਸੋਸ ਪ੍ਰਗਟ ਕੀਤਾ।
ਸ. ਮਨਜੀਤ ਸਿੰਘ ਸਕੱਤਰ ਨੇ ਕਿਹਾ ਕਿ ਜਨਮ ਤੇ ਮੌਤ ਪ੍ਰਮਾਤਮਾ ਦੇ ਵੱਸ ਹਨ ਉਸ ਅੱਗੇ ਕਿਸੇ ਦਾ ਜ਼ੋਰ ਨਹੀਂ।ਅਰਦਾਸ ਹੈ ਕਿ ਸਤਿਗੁਰੂ ਜੀ ਬੀਬੀ ਜੀ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖ਼ਸ਼ਣ ਤੇ ਪਿੱਛੇ ਪਰਿਵਾਰ ਤੇ ਸੁਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
ਇਸ ਸਮੇਂ ਉਨ੍ਹਾਂ ਦੇ ਨਾਲ ਸ. ਰਣਜੀਤ ਸਿੰਘ ਤੇ ਸ. ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਸ. ਸਕੱਤਰ ਸਿੰਘ ਮੀਤ ਸਕੱਤਰ ਫਲਾਇੰਗ, ਸ. ਸੁਲੱਖਣ ਸਿੰਘ ਮੈਨੇਜਰ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ, ਸ. ਬਘੇਲ ਸਿੰਘ ਵਧੀਕ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ. ਸੁਖਦੇਵ ਸਿੰਘ ਸੁਪਰਵਾਈਜ਼ਰ ਫਲਾਇੰਗ ਸਕੁਐਡ ਵੀ ਮੌਜੂਦ ਸਨ।