ਅੰਮ੍ਰਿਤਸਰ 2 ਜਨਵਰੀ (        )   ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਸਿੱਧ ਢਾਡੀ ਭਾਈ ਗੁਰਬਖ਼ਸ਼ ਸਿੰਘ ਅਲਬੇਲਾ ਦੀ ਸਿਹਤ ਠੀਕ ਨਾ ਹੋਣ ਕਾਰਨ ਉਨ੍ਹਾਂ ਦੇ ਇਲਾਜ ਲਈ ਧਰਮ ਪ੍ਰਚਾਰ ਕਮੇਟੀ ਵੱਲੋਂ 1 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।
ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਭਾਈ ਗੁਰਬਖ਼ਸ਼ ਸਿੰਘ ਪਿਛਲੇ ਕਾਫ਼ੀ ਸਮੇਂ ਤੋਂ ਜਿਗਰ ਤੇ ਅੰਤੜੀਆਂ ਦੀ ਭਿਆਨਕ ਬਿਮਾਰੀ ਤੋਂ ਪੀੜ੍ਹਤ ਹਨ ਤੇ ਉਨ੍ਹਾਂ ਦੀ ਆਰਥਿਕ ਹਾਲਤ ਵੀ ਡਾਵਾਂਡੋਲ ਹੋ ਚੁੱਕੀ ਹੈ।ਇਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਇਨ੍ਹਾਂ ਦੇ ਇਲਾਜ ਲਈ ਆਰਥਿਕ ਸਹਾਇਤਾ ਦਿੱਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਮੇਰੀ ਸਤਿਗੁਰੂ ਅੱਗੇ ਅਰਦਾਸ ਹੈ ਕਿ ਭਾਈ ਗੁਰਬਖਸ਼ ਸਿੰਘ ਜਲਦ ਸਿਹਤਯਾਬ ਹੋਣ ਤੇ ਮੁੜ ਤੋਂ ਸੰਗਤਾਂ ਦੇ ਰੂਬਰੂ ਹੋ ਕੇ ਉਨ੍ਹਾਂ ਨੂੰ ਸਿੱਖ ਇਤਿਹਾਸ ਸਰਵਣ ਕਰਵਾਉਣ।
ਇਸ ਮੌਕੇ ਸ. ਸੁਰਜੀਤ ਸਿੰਘ ਭਿੱਟੇਵਿੰਡ ਮੈਂਬਰ ਸ਼੍ਰੋਮਣੀ ਕਮੇਟੀ, ਜਥੇਦਾਰ ਰਤਨ ਸਿੰਘ ਜੱਫਰਵਾਲ ਮੈਂਬਰ ਧਰਮ ਪ੍ਰਚਾਰ ਕਮੇਟੀ, ਸ. ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਸ. ਸਤਿੰਦਰ ਸਿੰਘ ਨਿਜੀ ਸਹਾਇਕ, ਸ. ਸਤਬੀਰ ਸਿੰਘ ਓ. ਐੱਸ. ਡੀ. ਧਰਮ ਪ੍ਰਚਾਰ ਕਮੇਟੀ, ਸ. ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਸ. ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਿੰਟੈਂਡੈਂਟ ਤੇ ਸ. ਗੁਰਵਿੰਦਰ ਸਿੰਘ ਨਿਜੀ ਸਹਾਇਕ ਆਦਿ ਹਾਜ਼ਰ ਸਨ।