ਅੰਮ੍ਰਿਤਸਰ 22 ਜੂਨ – ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਭੋਰਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖੀ ਦੇ ਪ੍ਰਚਾਰ-ਪ੍ਰਸਾਰ ਵਿੱਚ ਯੋਗਦਾਨ ਪਾਉਣ ਵਾਲੀਆਂ ਪ੍ਰਮੁੱਖ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ।

ਇਥੋਂ ਜਾਰੀ ਪ੍ਰੈਸ ਨੋਟ ਵਿੱਚ ਡਾ. ਰੂਪ ਸਿੰਘ ਸਕੱਤਰ ਨੇ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਸਮੇਂ ਬਾਬਾ ਹਰਨਾਮ ਸਿੰਘ ਖਾਲਸਾ ਮੁੱਖੀ ਦਮਦਮੀ ਟਕਸਾਲ (ਮਹਿਤਾ ਚੌਕ), ਸ. ਭੁਪਿੰਦਰਪਾਲ ਸਿੰਘ ਮਿਨਹਾਸ ਮੁੰਬਈ ਨਿਵਾਸੀ, ਪ੍ਰੋਫੈਸਰ ਪ੍ਰਿਥੀਪਾਲ ਸਿੰਘ ਕਪੂਰ, ਗਿਆਨੀ ਗੁਰਬਖਸ਼ ਸਿੰਘ ਗੁਲਸ਼ਨ ਯੂ.ਕੇ., ਗਿਆਨੀ ਸਾਹਿਬ ਸਿੰਘ ਸ਼ਾਹਬਾਦ ਮਾਰਕੰਡਾ (ਹਰਿਆਣਾ), ਸ. ਪ੍ਰੀਤਮ ਸਿੰਘ ਨੇਪਾਲ ਅਤੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਸਕੱਤਰ ਸ. ਸਤਬੀਰ ਸਿੰਘ ਨੂੰ ਤਸਤਰੀ, ਸਿਰੀ ਸਾਹਿਬ, ਲੋਈ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਸਮਾਗਮ ਦੌਰਾਨ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਇਕ ਨਿਵੇਕਲੇ ਇਤਿਹਾਸ ਦੀ ਸਿਰਜਨਾਤਮਿਕ ਹੈ, ਇਥੋਂ ਕੌਮ ਦੀ ਚੜ੍ਹਦੀ ਕਲਾ ਅਤੇ ਕੌਮ ਦੀ ਚੇਤਨਤਾ ਨੂੰ ਸ਼ਕਤੀ ਦੇਣ ਲਈ ਹਮੇਸ਼ਾ ਆਵਾਜ਼ ਉਠਦੀ ਰਹੀ ਹੈ ਤੇ ਉਠਦੀ ਰਹੇਗੀ।ਉਨ੍ਹਾਂ ਕਿਹਾ ਕਿ ਇਸੇ ਪਾਵਨ ਪਵਿੱਤਰ ਧਰਤੀ ਵਿਖੇ ਦੇਸ਼ ਦੇ ਕੋਨੇ-ਕੋਨੇ ਵਿੱਚ ਸਿੱਖੀ ਨੂੰ ਪ੍ਰਫੁੱਲਿਤ ਕਰਨ ਵਾਲੀਆਂ ਸ਼ਖਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ਹੈ।

ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈਡ ਗੰ੍ਰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਜਥੇਦਾਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ, ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸਿੰਘ ਸਾਹਿਬ ਗਿਆਨੀ ਗੁਰਮੁੱਖ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਸ. ਰਜਿੰਦਰ ਸਿੰਘ ਮਹਿਤਾ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਕਰਨੈਲ ਸਿੰਘ ਪੰਜੋਲੀ ਤੇ ਸ. ਨਿਰਮੈਲ ਸਿੰਘ ਜੌਲਾ ਅੰਤਿੰ੍ਰਗ ਮੈਂਬਰ, ਸ. ਅਵਤਾਰ ਸਿੰਘ ਸਕੱਤਰ, ਸ. ਦਿਲਜੀਤ ਸਿੰਘ ਬੇਦੀ, ਸ. ਰਣਜੀਤ ਸਿੰਘ ਤੇ ਸ. ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ ਆਦਿ ਮੌਜੂਦ ਸਨ।