ਅੰਮ੍ਰਿਤਸਰ, 7 ਜੂਨ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਅਤੇ ਅੰਤਿੰ੍ਰਗ ਮੈਂਬਰ ਰਹੇ ਉਘੇ ਪੰਥਕ ਅਤੇ ਰਾਜਨੀਤਕ ਆਗੂ ਜਥੇਦਾਰ ਕੁਲਦੀਪ ਸਿੰਘ ਵਡਾਲਾ ਦੇ ਅਕਾਲ ਚਲਾਣੇ ਦੇ ਸ਼ੋਕ ਵਜੋਂ ਅੱਜ ਸ਼੍ਰੋਮਣੀ ਕਮੇਟੀ ਦੇ ਦਫਤਰ ਬਾਅਦ ਦੁਪਹਿਰ ਅੱਧਾ ਦਿਨ ਲਈ ਬੰਦ ਰਹੇ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਜਥੇਦਾਰ ਵਡਾਲਾ ਲੰਮਾ ਸਮਾ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਰਹੇ ਅਤੇ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਮੈਂਬਰ, ਜਨਰਲ ਸਕੱਤਰ ਤੇ ਅੰਤ੍ਰਿੰਗ ਕਮੇਟੀ ਮੈਂਬਰ ਵਜੋਂ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਦੇ ਪ੍ਰਬੰਧ ਨੂੰ ਸੁਚਾਰੂ ਬਣਾਉਣ ਲਈ ਅਹਿਮ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ ‘ਤੇ ਜਥੇਦਾਰ ਵਡਾਲਾ ਨੂੰ ਸ਼ਰਧਾਂਜਲੀ ਵਜੋਂ ਅੱਜ ਬਾਅਦ ਦੁਪਹਿਰ ਅੱਧੇ ਦਿਨ ਲਈ ਸ਼੍ਰੋਮਣੀ ਕਮੇਟੀ ਦੇ ਦਫਤਰ ਬੰਦ ਕਰ ਦਿਤੇ ਗਏ। ਉਨ੍ਹਾਂ ਕਿਹਾ ਕਿ ਜਥੇਦਾਰ ਵਡਾਲਾ ਦਾ ਅਕਾਲ ਚਲਾਣਾ ਸਿੱਖ ਜਗਤ ਨੂੰ ਵੱਡਾ ਘਾਟਾ ਪਿਆ ਹੈ, ਜਿਸ ਨੂੰ ਪੂਰਿਆ ਨਹੀਂ ਜਾ ਸਕਦਾ।