ਭਾਰਤ ਸਰਕਾਰ ੧੯੮੪ ਦੇ ਘੱਲੂਘਾਰੇ ਨਾਲ ਸਬੰਧਤ ਸਰਕਾਰੀ ਦਸਤਾਵੇਜ਼ਾਂ ਨੂੰ ਜਨਤਕ ਕਰੇ – ਗਿਆਨੀ ਗੁਰਬਚਨ ਸਿੰਘ

ਸਰਕਾਰਾਂ ਬੈਰਕਾਂ ਛੱਡਣ ਵਾਲੇ ਧਰਮੀ ਫ਼ੌਜੀਆਂ ਅਤੇ ਜੋਧਪੁਰ ਜ਼ੇਲ੍ਹ ਵਿਚ ਨਜ਼ਰਬੰਦ ਰਹੇ ਸਿੱਖਾਂ ਦੇ ਮੁੜ ਵਸੇਬੇ ਦਾ ਪ੍ਰਬੰਧ ਕਰਨ– ਗਿਆਨੀ ਗੁਰਬਚਨ ਸਿੰਘ

ਅੰਮ੍ਰਿਤਸਰ, ੬ ਜੂਨ – ਜੂਨ ੧੯੮੪ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਕੇਂਦਰ ਦੀ ਕਾਂਗਰਸ ਸਰਕਾਰ ਦੇ ਹੁਕਮ ‘ਤੇ ਭਾਰਤੀ ਫੌਜ ਵੱਲੋਂ ਕੀਤੇ ਗਏ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਦੀ ੩੪ਵੀਂ ਸਲਾਨਾ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਇ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਸ੍ਰੀ ਅਕਾਲ ਤਖਤ ਸਾਹਿਬ ਦੇ ਹੈਡ ਗ੍ਰੰਥੀ ਭਾਈ ਮਲਕੀਤ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਲਿਆ। ਸ਼ਹੀਦੀ ਸਮਾਗਮ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਸਮੇਤ ਵੱਡੀ ਗਿਣਤੀ ਵਿਚ ਪੰਥਕ ਸ਼ਖ਼ਸੀਅਤਾਂ, ਸ਼ਹੀਦ ਹੋਏ ਸਿੰਘਾਂ ਦੇ ਪਰਿਵਾਰਕ ਮੈਂਬਰ ਅਤੇ ਸੰਗਤਾਂ ਹਾਜ਼ਰ ਹੋਈਆਂ।

ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕੌਮ ਦੇ ਨਾਮ ਸੰਦੇਸ਼ ਦਿੰਦਿਆਂ ਕਿਹਾ ਕਿ ਜੂਨ ੧੯੮੪ ਵਿਚ ਜ਼ਾਲਮ ਕੇਂਦਰ ਸਰਕਾਰ ਵੱਲੋਂ ਕਰਵਾਏ ਗਏ ਘੱਲੂਘਾਰੇ ਨੂੰ ਸਿੱਖ ਕੌਮ ਕਦੇ ਵੀ ਭੁਲਾ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ੧੯੮੪ ਦੇ ਘੱਲੂਘਾਰੇ ਵਿਚ ਭਾਰਤੀ ਫੌਜ ਵੱਲੋਂ ਕੀਤੇ ਗਏ ਜ਼ੁਲਮ ਵਿਰੁੱਧ ਸੂਰਬੀਰ ਯੋਧੇ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ, ਸ਼ਹੀਦ ਭਾਈ ਅਮਰੀਕ ਸਿੰਘ, ਜਨਰਲ ਸ਼ੁਬੇਗ ਸਿੰਘ, ਬਾਬਾ ਠਾਹਰਾ ਸਿੰਘ ਸਮੇਤ ਬੇਅੰਤ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਨੇ ਸ਼ਹਾਦਤਾਂ ਦਿੱਤੀਆਂ, ਜਿਨ੍ਹਾਂ ਨੂੰ ਸਿੱਖ ਕੌਮ ਹਰ ਸਾਲ ਸ਼ਹੀਦੀ ਸਮਾਗਮ ਕਰ ਕੇ ਯਾਦ ਕਰਦੀ ਹੈ। ਆਪਣੇ ਸੰਦੇਸ਼ ਦੌਰਾਨ ਸਿੰਘ ਸਾਹਿਬ ਨੇ ਭਾਰਤ ਅਤੇ ਪੰਜਾਬ ਸਰਕਾਰ ਨੂੰ ਬੈਰਕਾਂ ਛੱਡਣ ਵਾਲੇ ਧਰਮੀ ਫ਼ੌਜੀਆਂ ਅਤੇ ਜੋਧਪੁਰ ਜ਼ੇਲ੍ਹ ਵਿਚ ਨਜ਼ਰਬੰਦ ਰਹੇ ਸਿੱਖਾਂ ਦੇ ਮੁੜ ਵਸੇਬੇ ਦਾ ਪ੍ਰਬੰਧ ਕਰਨ ਲਈ ਕਿਹਾ। ਉਨ੍ਹਾਂ ਭਾਰਤ ਸਰਕਾਰ ਨੂੰ ਸੁਨੇਹਾ ਦਿੰਦਿਆਂ ਕਿਹਾ ਕਿ ਜਿਸ ਤਰ੍ਹਾਂ ਇੰਗਲੈਂਡ ਦੀ ਸਰਕਾਰ ਵੱਲੋਂ ੧੯੮੪ ਦੇ ਫ਼ੌਜੀ ਹਮਲੇ ਨਾਲ ਸਬੰਧਤ ਦਸਤਾਵੇਜ਼ਾਂ ਨੂੰ ਜਾਰੀ ਕੀਤਾ ਗਿਆ ਹੈ, ਇਸੇ ਤਰ੍ਹਾਂ ਉਹ ਵੀ ੧੯੮੪ ਦੇ ਘੱਲੂਘਾਰੇ ਨਾਲ ਸਬੰਧਤ ਸਰਕਾਰੀ ਦਸਤਾਵੇਜ਼ਾਂ ਨੂੰ ਜਨਤਕ ਕਰੇ, ਤਾਂ ਜੋ ਦੁਨੀਆਂ ਨੂੰ ਪਤਾ ਲੱਗਾ ਸਕੇ ਕਿ ਇਸ ਘੱਲੂਘਾਰੇ ਪਿੱਛੇ ਕਿਹੜੇ-ਕਿਹੜੇ ਦੇਸ਼ ਅਤੇ ਕਿਹੜੀਆਂ ਕਿਹੜੀਆਂ ਸ਼ਕਤੀਆਂ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਸਾਬਕਾ ਰੱਖਿਆ ਮੰਤਰੀ ਜਾਰਜ ਫਰਨਾਂਡਿਜ ਨੇ ਮੰਨਿਆ ਸੀ ਕਿ ੧੯੮੪ ਦੇ ਹਮਲੇ ਦੌਰਾਨ ਸਿੱਖ ਕੌਮ ਦਾ ਚੁੱਕਿਆ ਮਨਮੋਲ ਖ਼ਜ਼ਾਨਾ ਅਤੇ ਸਿੱਖ ਰੈਂਫਰੈਂਸ ਲਾਇਬ੍ਰੇਰੀ ਵਿੱਚੋਂ ਲਿਜਾਏ ਗਏ ਅਹਿਮ ਦਸਤਾਵੇਜ਼ ਭਾਰਤ ਸਰਕਾਰ ਪਾਸ ਮੌਜੂਦ ਹਨ, ਇਸ ਲਈ ਭਾਰਤ ਦੀ ਮੌਜੂਦਾ ਸਰਕਾਰ ਸਿੱਖ ਕੌਮ ਦਾ ਅਨਮੋਲ ਖ਼ਜ਼ਾਨਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵਾਪਸ ਕਰੇ। ਉਨ੍ਹਾਂ ਕਿਹਾ ਕਿ ਸਿੱਖ ਇਕ ਵੱਖਰੀ ਕੌਮ ਹੈ, ਜਦਕਿ ਕੁਝ ਪੰਥ ਵਿਰੋਧੀ ਸ਼ਕਤੀਆਂ ਇਸਦੀ ਵਿਲੱਖਣ ਹੋਂਦ ਹਸਤੀ ਤੋਂ ਭੈਅ-ਭੀਤ ਹੁੰਦਿਆਂ ਇਸ ਵਿਰੁੱਧ ਸਦਾ ਚਾਲਾਂ ਚਲਦੀਆਂ ਰਹਿੰਦੀਆਂ ਹਨ। ਅਜਿਹੀਆਂ ਪੰਥ ਵਿਰੋਧੀ ਸ਼ਖਤੀਆਂ ਅਤੇ ਸਿੱਖਾਂ ਨੂੰ ਚੁਣੌਤੀ ਦੇਣ ਵਾਲਿਆਂ ਦਾ ਖ਼ਾਲਸਾ ਪੰਥ ਡਟ ਕੇ ਮੁਕਾਬਲਾ ਕਰੇਗਾ। ਉਨ੍ਹਾਂ ਸਮੁੱਚੇ ਸਿੱਖ ਜਗਤ ਨੂੰ ਪੰਥਕ ਮਸਲਿਆਂ ਅਤੇ ਦਰਪੇਸ਼ ਚੁਣੌਤੀਆਂ ਦੇ ਹੱਲ ਲਈ ਇਕਜੁੱਟ ਹੋ ਕੇ ਯਤਨ ਕਰਨ ਲਈ ਕਿਹਾ। ਸਿੰਘ ਸਾਹਿਬ ਨੇ ਸਿੱਖ ਪ੍ਰਚਾਰਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਜਾਤੀ ਮੁਫਾਦ ਛੱਡ ਕੇ ਪੰਥ ਦੀ ਚੜ੍ਹਦੀ ਕਲਾ ਲਈ ਰਲ-ਮਿਲ ਕੇ ਹੰਭਲਾ ਮਾਰਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਏਕਤਾ ਬਹੁਤ ਜ਼ਰੂਰੀ ਹੈ ਅਤੇ ਇਸ ਲਈ ਸਮੁੱਚੇ ਖ਼ਾਲਸਾ ਪੰਥ ਨੂੰ ਸੰਜੀਦਗੀ ਨਾਲ ਸੋਚਣਾ ਪਵੇਗਾ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭ ਕੀਤੀ ਗਈ ਇਕ ਪਿੰਡ ਇਕ ਗੁਰਦੁਆਰਾ ਮੁਹਿੰਮ ਵਿਚ ਸੰਗਤਾਂ ਨੂੰ ਭਰਪੂਰ ਸਹਿਯੋਗ ਕਰਨ ਲਈ ਕਿਹਾ ਤਾਂ ਜੋ ਗੁਰਦੁਆਰਾ ਸਾਹਿਬਾਨ ਦੀ ਸੇਵਾ-ਸੰਭਾਲ ਸਹੀ ਤਰੀਕੇ ਨਾਲ ਹੋ ਸਕੇ। ਗਿਆਨੀ ਗੁਰਬਚਨ ਸਿੰਘ ਨੇ ਸਰਕਾਰ ਨੂੰ ਕਿਹਾ ਕਿ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾਵਾਂ ਦੇਵੇ। ਸਿੰਘ ਸਾਹਿਬ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਖੰਡੇ ਬਾਟੇ ਦਾ ਅੰਮ੍ਰਿਤ ਛਕ ਕੇ ਪੰਥਕ ਪਰਿਵਾਰ ਦਾ ਹਿੱਸਾ ਬਣਨ। ਇਸੇ ਦੌਰਾਨ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਸੰਗਤਾਂ ਨੂੰ ਸਮਾਜਿਕ ਕੁਰੀਤੀਆਂ ਤੋਂ ਬਚਣ ਦੀ ਵੀ ਅਪੀਲ ਕੀਤੀ।

ਸਮਾਗਮ ਦੌਰਾਨ ਸੰਤ ਬਾਬਾ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ ਦੇ ਸਪੁੱਤਰ ਭਾਈ ਈਸ਼ਰ ਸਿੰਘ, ਸ਼ਹੀਦ ਭਾਈ ਅਮਰੀਕ ਸਿੰਘ ਦੀ ਸਪੁਤਰੀ ਬੀਬੀ ਸਤਵੰਤ ਕੌਰ ਤੇ ਭਰਾਤਾ ਭਾਈ ਮਨਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਸ਼ਹੀਦ ਭਾਈ ਨਛੱਤਰ ਸਿੰਘ ਭਲਵਾਨ ਦੇ ਸਪੁੱਤਰ ਭਾਈ ਭੁਪਿੰਦਰ ਸਿੰਘ ਭਲਵਾਨ, ਸ਼ਹੀਦ ਭਾਈ ਸਤਵੰਤ ਸਿੰਘ ਅਗਵਾਨ ਦੇ ਭਤੀਜੇ ਭਾਈ ਸੁਖਵਿੰਦਰ ਸਿੰਘ ਅਗਵਾਨ ਅਤੇ ਹੋਰ ਸ਼ਹੀਦਾਂ ਦੇ ਪਰਿਵਾਰਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸਿੰਘ ਸਾਹਿਬ ਗਿਆਨੀ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਬਖ਼ਸ਼ਿਸ ਸਿਰੋਪਾਓ ਦੇ ਕੇ ਸਨਮਾਨ ਦਿੱਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਅੰਤਿੰ੍ਰਗ ਮੈਂਬਰ ਸ. ਗੁਰਤੇਜ ਸਿੰਘ ਢੱਡੇ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਰਾਜਿੰਦਰ ਸਿੰਘ ਮਹਿਤਾ, ਬਾਬਾ ਬੂਟਾ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ, ਸ. ਅਵਤਾਰ ਸਿੰਘ ਵਣਵਾਲਾ, ਸ. ਦਿਆਲ ਸਿੰਘ ਕੋਲਿਆਂਵਾਲੀ, ਭਾਈ ਰਾਮ ਸਿੰਘ, ਸ. ਸੁਰਜੀਤ ਸਿੰਘ ਭਿੱਟੇਵਡ, ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਗਿਆਨੀ ਪੂਰਨ ਸਿੰਘ, ਸ. ਸਿਮਰਨਜੀਤ ਸਿੰਘ ਮਾਨ, ਸ. ਗੁਰਿੰਦਰਪਾਲ ਸਿੰਘ ਗੋਰਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਜਗਸੀਰ ਸਿੰਘ ਮਾਂਗੇਆਣਾ, ਸ. ਬਲਦੇਵ ਸਿੰਘ ਚੂੰਘਾਂ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਭੁਪਿੰਦਰ ਸਿੰਘ ਭਲਵਾਨ, ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਸ. ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਉਦੈ ਸਿੰਘ ਲੌਂਗੋਵਾਲ, ਸ. ਸਰਬਜੀਤ ਸਿੰਘ ਸੋਹਲ, ਸ. ਸੁਖਵਿੰਦਰ ਸਿੰਘ ਅਗਵਾਨ, ਸ. ਮਨਜੀਤ ਸਿੰਘ ਭੋਮਾ, ਭਾਈ ਜਸਬੀਰ ਸਿੰਘ ਘੁੰਮਣ, ਸ. ਪਰਮਜੀਤ ਸਿੰਘ ਖ਼ਾਲਸਾ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ ਤੇ ਸ. ਅਵਤਾਰ ਸਿੰਘ ਸੈਂਪਲਾ, ਨਿੱਜੀ ਸਕੱਤਰ ਸ. ਜਗਜੀਤ ਸਿੰਘ ਜੱਗੀ, ਐਡੀਸ਼ਨਲ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਪ੍ਰਤਾਪ ਸਿੰਘ, ਡਾ. ਪਰਮਜੀਤ ਸਿੰਘ ਸਰੋਆ, ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਕੇਵਲ ਸਿੰਘ ਭੂਰਾਕੋਹਨਾ, ਸ. ਮਹਿੰਦਰ ਸਿੰਘ ਆਹਲੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।