ਭਾਰਤ ਤੇ ਪਾਕਿਸਤਾਨ ਦੇ ਸਫਾਰਤਖਾਨੇ ਨੂੰ ਵੀਜ਼ਾ ਸਿਸਟਮ ਨੂੰ ਠੀਕ ਕਰਨ ਦੀ ਜ਼ਰੂਰਤ : ਸ. ਹਰਚਰਨ ਸਿੰਘ
ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਕੇ ੨੯ ਨਵੰਬਰ ਨੂੰ ਵਾਪਸ ਦੇਸ਼ ਪਰਤੇਗਾ
DSC_0019 ਅੰਮ੍ਰਿਤਸਰ ੨੦ ਨਵੰਬਰ- ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ੨੫ ਨਵੰਬਰ ਨੂੰ ਗੁਰਦੁਆਰਾ ਜਨਮ-ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇ ਦੇ ਮੁਖੀ ਸ. ਗੁਰਮੀਤ ਸਿੰਘ ਬੂਹ ਮੈਂਬਰ ਸ਼੍ਰੋਮਣੀ ਕਮੇਟੀ, ਡਿਪਟੀ ਪਾਰਟੀ ਲੀਡਰ ਸ. ਅਮਰਜੀਤ ਸਿੰਘ ਭਲਾਈਪੁਰ ਅਤੇ ਪ੍ਰਬੰਧਕ ਵਜੋਂ ਸ. ਜੱਸਾ ਸਿੰਘ ਚੀਫ ਗੁਰਦੁਆਰਾ ਇੰਸਪੈਕਟਰ ਦੀ ਅਗਵਾਈ ‘ਚ ੯੨੪ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ ਹੋਇਆ।ਜਥੇ ਦੇ ਮੁਖੀ, ਡਿਪਟੀ ਪਾਰਟੀ ਲੀਡਰ ਤੇ ਪ੍ਰਬੰਧਕ ਨੂੰ ਦਫਤਰ ਸ਼੍ਰੋਮਣੀ ਕਮੇਟੀ ਤੋਂ ਸ. ਹਰਚਰਨ ਸਿੰਘ ਮੁੱਖ ਸਕੱਤਰ, ਸ. ਮਨਜੀਤ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਤੇ ਬਾਕੀ ਅਧਿਕਾਰੀਆਂ ਨੇ ਸਿਰੋਪਾਓ ਅਤੇ ਫੁੱਲਾਂ ਦੇ ਸਿਹਰੇ ਪਾ ਕੇ ਜੈਕਾਰਿਆਂ ਦੀ ਗੂੰਜ ‘ਚ ਰਵਾਨਾ ਕੀਤਾ।
ਜਥਾ ਰਵਾਨਾ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਹਰਚਰਨ ਸਿੰਘ ਮੁੱਖ ਸਕੱਤਰ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ ਇਸ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼-ਪੁਰਬ ਮਨਾਉਣ ਲਈ ਪਾਕਿਸਤਾਨ ਜਾਣ ਵਾਲੇ ਜਥੇ ਦੇ ਕੁੱਲ ੯੭੫ ਯਾਤਰੂਆਂ ਦੀ ਸੂਚੀ ਕੇਂਦਰ ਅਤੇ ਪਾਕਿਸਤਾਨ ਸਫਾਰਤਖਾਨੇ ਨੂੰ ਵੀਜ਼ੇ ਜਾਰੀ ਕਰਨ ਲਈ ਭੇਜੀ ਗਈ ਸੀ ਜਿਸ ਵਿੱਚੋਂ ੫੧ ਯਾਤਰੂਆਂ ਦੇ ਨਾਮ ਕੇਂਦਰ ਸਰਕਾਰ ਅਤੇ ਪਾਕਿਸਤਾਨ ਸਫਾਰਤਖਾਨੇ ਵੱਲੋਂ ਬਿਨਾਂ ਕਾਰਨ ਦੱਸੇ ਕੱਟ ਦਿੱਤੇ ਗਏ ਹਨ।ਸ਼ਰਧਾਲੂਆਂ ਦੇ ਕੱਟੇ ਗਏ ਨਾਵਾਂ ਬਾਰੇ ਉਨ੍ਹਾਂ ਕਿਹਾ ਕਿ ਨਾਮ ਕੱਟਣ ਦੀ ਬਜਾਏ ਭਾਰਤ ਸਰਕਾਰ ਅਤੇ ਪਾਕਿਸਤਾਨ ਦੇ ਸਫਾਰਤਖਾਨੇ ਨੂੰ ਸਿਸਟਮ ਠੀਕ ਕਰਨ ਦੀ ਜ਼ਰੂਰਤ ਹੈ।ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਿੱਖਾਂ ਦੇ ਪਹਿਲੇ ਗੁਰੂ ਹੋਏ ਹਨ ਤੇ ਉਹਨਾਂ ਦਾ ਪ੍ਰਕਾਸ਼ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ‘ਚ ਹੋਣ ਕਰਕੇ ਸਿੱਖਾਂ ਦੀ ਭਾਵਨਾ ਸ੍ਰੀ ਨਨਕਾਣਾ ਸਾਹਿਬ ਨਾਲ ਜੁੜੀ ਹੋਈ ਹੈ ਤੇ ਜਦੋਂ ਕਿਸੇ ਯਾਤਰੂ ਦਾ ਨਾਮ ਬਿਨਾਂ ਵਜ੍ਹਾ ਕੱਟਿਆ ਜਾਂਦਾ ਹੈ ਤਾਂ ਉਸ ਦੇ ਮਨ ਨੂੰ ਭਾਰੀ ਠੇਸ ਪੁੱਜਦੀ ਹੈ।ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਨਾਲ ਸਿੱਖਾਂ ਵੱਲੋਂ ਬਹੁਤ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਕਰਤਾਰਪੁਰ ਲਾਂਘੇ ਦੀ ਮੰਗ ਬਾਰੇ ਵੀ ਗੱਲਬਾਤ ਕੀਤੀ ਜਾਵੇਗੀ।
ਉਨ੍ਹਾਂ ਜਥੇ ਦੇ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਥੇ ਦੇ ਮੁਖੀ ਸ. ਗੁਰਮੀਤ ਸਿੰਘ ਬੂਹ ਮੈਂਬਰ ਸ਼੍ਰੋਮਣੀ ਕਮੇਟੀ ਹਨ।ਇਹ ਜਥਾ ਪਹਿਲਾ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਜਾਵੇਗਾ ਤੇ ਉਥੋਂ ਇਹ ੨੩ ਨਵੰਬਰ ਨੂੰ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਹੁੰਚੇਗਾ, ੨੪ ਨਵੰਬਰ ਨੂੰ ਗੁਰਦੁਆਰਾ ਸੱਚਾ ਸੌਦਾ (ਫਾਰੂਕਾਬਾਦ) ਦੇ ਦਰਸ਼ਨ ਕਰੇਗਾ।੨੫ ਨਵੰਬਰ ਨੂੰ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਉਣ ਉਪਰੰਤ ੨੬ ਨਵੰਬਰ ਨੂੰ ਇਹ ਜਥਾ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਪਹੁੰਚੇਗਾ।ਉਨ੍ਹਾਂ ਕਿਹਾ ਕਿ ੨੮ ਨਵੰਬਰ ਨੂੰ ਇਹ ਜਥਾ ਗੁਰਦੁਆਰਾ ਸ੍ਰੀ ਰੋੜੀ ਸਾਹਿਬ ਏਮਾਨਾਬਾਦ ਜ਼ਿਲ੍ਹਾ ਗੁਜਰਾਂਵਾਲਾ ਅਤੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਨਾਰੋਵਾਲ ਦੇ ਦਰਸ਼ਨ ਕਰਨ ਜਾਵੇਗਾ ਤੇ ੨੯ ਨਵੰਬਰ ਨੂੰ ਵਾਪਸ ਦੇਸ਼ ਪਰਤੇਗਾ।ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਗੁਰਦੁਆਰਾ ਡੇਹਰਾ ਸਾਹਿਬ ਕਰਤਾਰਪੁਰ ਦੀ ਸੇਵਾ ਸ਼੍ਰੋਮਣੀ ਕਮੇਟੀ ਨੂੰ ਮਿਲ ਚੁੱਕੀ ਹੈ ਹੁਣ ਉਸ ਦੀ ਅਗਲੇਰੀ ਕਾਰਵਾਈ ਕਰਨ ਲਈ ਓਕਾਫ ਬੋਰਡ ਨਾਲ ਗੱਲਬਾਤ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਬਾਕੀ ਗੁਰਧਾਮਾਂ ਦੀ ਸੇਵਾ ਵੀ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦੇਣ ਵਾਸਤੇ ਓਕਾਫ ਬੋਰਡ ਨੂੰ ਕਿਹਾ ਜਾਵੇਗਾ।
ਇਸ ਮੌਕੇ ਸ. ਅਮਰਜੀਤ ਸਿੰਘ ਭਲਾਈਪੁਰ ਮੈਂਬਰ ਸ਼੍ਰੋਮਣੀ ਕਮੇਟੀ, ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸ. ਜਸਪਾਲ ਸਿੰਘ ਵਧੀਕ ਸਕੱਤਰ, ਸ. ਸਤਿੰਦਰ ਸਿੰਘ ਨਿਜੀ ਸਹਾਇਕ, ਸ. ਜਗਜੀਤ ਸਿੰਘ, ਸ. ਬਲਵਿੰਦਰ ਸਿੰਘ ਤੇ ਸ. ਕੁਲਵਿੰਦਰ ਸਿੰਘ ‘ਰਮਦਾਸ’ ਮੀਤ ਸਕੱਤਰ, ਸ. ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਿੰਟੈਂਡੈਂਟ, ਸ. ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ ਵਿਭਾਗ, ਸ. ਅਰਵਿੰਦਰ ਸਿੰਘ ਸਾਸਨ ਏ ਪੀ ਆਰ ਓ, ਸ. ਸੁਖਬੀਰ ਸਿੰਘ, ਸ. ਗੁਰਮੀਤ ਸਿੰਘ, ਸ. ਲਖਵਿੰਦਰ ਸਿੰਘ ਬਦੋਵਾਲ ਤੇ ਸ. ਕਰਮਬੀਰ ਸਿੰਘ ਇੰਚਾਰਜ, ਸ. ਪ੍ਰੀਤਪਾਲ ਸਿੰਘ ਐਲ ਏ, ਸ. ਸੁਖਦੀਪ ਸਿੰਘ ਸੁਪਰਵਾਈਜ਼ਰ ਅਤੇ ਸ਼੍ਰੋਮਣੀ ਕਮੇਟੀ ਕਰਮਚਾਰੀ ਵੀ ਹਾਜ਼ਰ ਸਨ।