ਗੁਰੂ ਸਾਹਿਬਾਨ ਤੇ ਹੋਰ ਇਤਿਹਾਸਕ ਦਿਹਾੜਿਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਮਨਾਉਣ ਲਈ ਪਾਕਿਸਤਾਨੀ ਸਰਕਾਰ ਨਾਲ ਗੱਲਬਾਤ ਕੀਤੀ ਜਾਵੇਗੀ- ਜਥੇਦਾਰ ਬੂਹ

ਅੰਮ੍ਰਿਤਸਰ: 21 ਜੂਨ- ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 177 ਵੀਂ ਬਰਸੀ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਮਨਾਉਣ ਅਤੇ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਸ. ਗੁਰਮੀਤ ਸਿੰਘ ਬੂਹ ਪਾਰਟੀ ਲੀਡਰ ਤੇ ਸ੍ਰ: ਬਲਦੇਵ ਸਿੰਘ ਐਮ ਏ ਡਿਪਟੀ ਪਾਰਟੀ ਲੀਡਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ‘ਚ 319 ਸਿੱਖ ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ‘ਚ 21 ਜੂਨ ਨੂੰ ਤੇਜਾ ਸਿੰਘ ਸਮੁੰਚਰੀ ਹਾਲ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਪਾਕਿਸਤਾਨ ਲਈ ਰਵਾਨਾ ਕਰ ਦਿੱਤਾ ਗਿਆ। ਜਨਰਲ ਪ੍ਰਬੰਧਕ ਵਜੋਂ ਸ੍ਰ: ਕਰਮਬੀਰ ਸਿੰਘ ਇੰਚਾਰਜ ਸੈਕਸ਼ਨ (87) ਅਤੇ ਹੋਰ ਸਟਾਫ਼ ਵੀ ਨਾਲ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਹ ਜਥਾ ਸ੍ਰ: ਹਰਚਰਨ ਸਿੰਘ ਮੁੱਖ ਸਕੱਤਰ ਨੇ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ ਕੀਤਾ।

ਪ੍ਰੈਸ ਨਾਲ ਗੱਲਬਾਤ ਦੌਰਾਨ ਸ੍ਰ: ਗੁਰਮੀਤ ਸਿੰਘ ਬੂਹ ਪਾਰਟੀ ਲੀਡਰ ਤੇ ਸ੍ਰ: ਬਲਦੇਵ ਸਿੰਘ ਐਮ ਏ ਡਿਪਟੀ ਪਾਰਟੀ ਲੀਡਰ ਮੈਂਬਰ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਦੇ ਸਬੰਧ ਵਿੱਚ ਮਾਣਯੋਗ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਨੂੰ ਬਤੌਰ ਪਾਰਟੀ ਲੀਡਰ ਤੇ ਡਿਪਟੀ ਪਾਰਟੀ ਲੀਡਰ ਵਜੋਂ ਜਾਣ ਲਈ ਸੇਵਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਜਥਾ ਪਹਿਲਾਂ ਸ੍ਰੀ ਨਨਕਾਣਾ ਸਾਹਿਬ ਵਿਖੇ ਪੁੱਜੇਗਾ ਤੇ ਫੇਰ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਉਪਰੰਤ 29 ਜੂਨ ਨੂੰ ਡੇਹਰਾ ਸਾਹਿਬ ਲਾਹੌਰ ਵਿਖੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ 30 ਜੂਨ ਨੂੰ ਵਾਪਸ ਭਾਰਤ ਪਰਤ ਆਵੇਗਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਗੁਰਦੁਆਰਿਆਂ ਦੇ ਪ੍ਰਬੰਧ’ਚ ਸੁਧਾਰ ਲਿਆਉਣ, ਗੁਰੂ ਸਾਹਿਬਾਨ ਤੇ ਹੋਰ ਇਤਿਹਾਸਕ ਦਿਹਾੜਿਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਉਣ ਅਤੇ ਪਾਕਿਸਤਾਨ ਵਿੱਚ ਰਹਿਣ ਵਾਲੇ ਸਿੱਖਾਂ ਦੀ ਜਾਨ ਮਾਲ ਦੀ ਰਾਖੀ ਲਈ ਪਾਕਿਸਤਾਨੀ ਸਰਕਾਰ ਅਤੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਗੱਲਬਾਤ ਕੀਤੀ ਜਾਵੇਗੀ।

ਸ੍ਰ: ਹਰਚਰਨ  ਸਿੰਘ ਮੁੱਖ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਲੂਆਂ ਦੇ ਵੀਜ਼ੇ ਲੱਗਣ ਲਈ 343 ਨਾਵਾਂ ਦੀ ਸੂਚੀ ਕੇਂਦਰ ਸਰਕਾਰ ਤੇ ਪਾਕਿਸਤਾਨ ਅੰਬੈਸੀ ਨੂੰ ਭੇਜੀ ਗਈ ਸੀ, ਜਿਸ ਵਿੱਚੋਂ 24 ਸ਼ਰਧਾਲੂਆਂ ਦੇ ਨਾਮ ਕੇਂਦਰ ਸਰਕਾਰ ਤੇ ਪਾਕਿਸਤਾਨ ਅੰਬੈਸੀ ਵੱਲੋਂ ਕੱਟ ਦਿੱਤੇ ਗਏ ਹਨ ਅਤੇ 319 ਸ਼ਰਧਾਲੂਆਂ ਦਾ ਹੀ ਵੀਜ਼ਾ ਲੱਗਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਵੱਧ ਤੋਂ ਵੱਧ ਵੀਜ਼ੇ ਮਿਲਣੇ ਚਾਹੀਦੇ ਹਨ ਤਾਂ ਜੋ ਸੰਗਤਾਂ ਪਾਕਿਸਤਾਨ ਰਹਿ ਗਏ ਆਪਣੇ ਜਾਨ ਤੋਂ ਪਿਆਰੇ ਮੁਕੱਦਸ ਅਸਥਾਨਾਂ ਦੇ ਦਰਸ਼ਨ ਦੀਦਾਰ ਕਰ ਸਕਣ।
ਉਨ੍ਹਾਂ ਕਿਹਾ ਕਿ ਇਹ ਜਥਾ ਅੱਜ 21 ਜੂਨ ਨੂੰ ਤੇਜਾ ਸਿੰਘ ਸਮੁੰਦਰੀ ਹਾਲ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਸ੍ਰੀ ਅੰਮ੍ਰਿਤਸਰ ਤੋਂ ਪੰਥਕ ਰਵਾਇਤਾਂ ਅਨੁਸਾਰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸ੍ਰ: ਗੁਰਮੀਤ ਸਿੰਘ ਬੂਹ ਤੇ ਸ੍ਰ: ਬਲਦੇਵ ਸਿੰਘ ਐਮ ਏ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਰਵਾਨਾ ਕਰ ਦਿੱਤਾ ਗਿਆ ਹੈ, ਜਿੱਥੇ 22 ਜੂਨ ਨੂੰ ਠਹਿਰਾ ਕਰਨ ਉਪਰੰਤ ਸ਼ਰਧਾਲੂਆਂ ਦਾ ਇਹ ਜਥਾ 23 ਜੂਨ 2016 ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਗੁਰਦੁਆਰਾ ਸੱਚਾ ਸੌਦਾ  (ਮੰਡੀ ਚੂਹੜਕਾਨਾ ਸ਼ੇਖੂਪੁਰਾ) ਦਰਸ਼ਨ ਕਰਨ ਉਪਰੰਤ ਸ਼ਾਮ ਨੂੰ ਵਾਪਸ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਰਤ ਆਵੇਗਾ। 24 ਜੂਨ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਲਈ ਰਵਾਨਾ ਹੋਵੇਗਾ ਅਤੇ 25 ਜੂਨ ਨੂੰ ਉਕਤ ਸਥਾਨ ਪੁਰ ਰਹਿਣ ਉਪਰੰਤ 26 ਜੂਨ ਨੂੰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਪੁੱਜੇਗਾ ਤੇ ਇਥੇ ਹੀ 27 ਜੂਨ ਨੂੰ ਵਿਸ਼ਰਾਮ ਕਰੇਗਾ। 28 ਜੂਨ ਨੂੰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਤੋਂ ਰਵਾਨਾ ਹੋ ਕੇ ਵੱਖ ਵੱਖ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰਨ ਉਪਰੰਤ ਵਾਪਸ ਡੇਹਰਾ ਸਾਹਿਬ ਪਰਤ ਆਵੇਗਾ। 29 ਜੂਨ ਨੂੰ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਉਪਰੰਤ 30 ਜੂਨ ਨੂੰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਤੋਂ ਵਾਪਸ ਭਾਰਤ ਪਰਤ ਆਵੇਗਾ।

ਇਸ ਮੌਕੇ ਸ੍ਰ: ਬਲਵਿੰਦਰ ਸਿੰਘ ਜੌੜਾਸਿੰਘਾ, ਸ੍ਰ: ਬਿਜੈ ਸਿੰਘ ਵਧੀਕ ਸਕੱਤਰ, ਸ੍ਰ: ਪ੍ਰਮਜੀਤ ਸਿੰਘ ਨਿਜੀ ਸਹਾਇਕ, ਸ੍ਰ: ਕੁਲਵਿੰਦਰ ਸਿੰਘ ਰਮਦਾਸ, ਸ੍ਰ: ਬਲਵਿੰਦਰ ਸਿੰਘ ਕਾਹਲਵਾਂ ਮੀਤ ਸਕੱਤਰ ਤੇ ਸ੍ਰ: ਮਹਿੰਦਰ ਸਿੰਘ ਮੀਤ ਸਕੱਤਰ, ਸ੍ਰ: ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ,  ਸ੍ਰ: ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ, ਸ੍ਰ: ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ,  ਸ੍ਰ: ਕਰਨਜੀਤ ਸਿੰਘ, ਸ੍ਰ: ਗੁਰਵਿੰਦਰ ਸਿੰਘ ਠਰੂ, ਸ੍ਰ: ਬਲਵਿੰਦਰ ਸਿੰਘ ਖੈਰਾਬਾਦ, ਸ੍ਰ: ਬਲਜਿੰਦਰ ਸਿੰਘ ਬੱਦੋਵਾਲ ਸੁਪਰਵਾਈਜ਼ਰ ਸ਼੍ਰੋਮਣੀ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਮੁੱਚਾ ਸਟਾਫ਼ ਹਾਜ਼ਰ ਸੀ।