ਗੁਰਦੁਆਰਿਆਂ ਦੇ ਪ੍ਰਬੰਧ ‘ਚ ਸੁਧਾਰ, ਨਾਨਕਸ਼ਾਹੀ ਕੈਲੰਡਰ ਤੇ ਸਿੱਖਾਂ ਦੀ ਜਾਨ-ਮਾਲ ਦੀ ਰਾਖੀ ਲਈ  ਪਾਕਿਸਤਾਨੀ ਸਰਕਾਰ ਨਾਲ ਗੱਲਬਾਤ ਕੀਤੀ ਜਾਵੇਗੀ-ਬਹਿਣੀਵਾਲ

21-6-2015-1ਅੰਮ੍ਰਿਤਸਰ: 21 ਜੂਨ- ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਮਨਾਉਣ ਅਤੇ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਸ. ਰਾਮਪਾਲ ਸਿੰਘ ਬਹਿਣੀਵਾਲ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ‘ਚ ੧੯੦ ਸਿੱਖ ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ‘ਚ ੨੧ ਜੂਨ ਨੂੰ ਤੇਜਾ ਸਿੰਘ ਸਮੁੰਚਰੀ ਹਾਲ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਪਾਕਿਸਤਾਨ ਲਈ ਰਵਾਨਾ ਕਰ ਦਿੱਤਾ ਗਿਆ। ਜਨਰਲ ਪ੍ਰਬੰਧਕ ਵਜੋਂ ਸ੍ਰ: ਬਲਜਿੰਦਰ ਸਿੰਘ ਬੱਦੋਵਾਲ ਸੁਪਰਵਾਈਜ਼ਰ, ਸ੍ਰ: ਵਰਿੰਦਰ ਸਿੰਘ ਠਰੂ ਅਤੇ ਹੋਰ ਸਟਾਫ਼ ਵੀ ਨਾਲ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਹ ਜਥਾ ਡਾ: ਰੂਪ ਸਿੰਘ ਤੇ ਸ੍ਰ: ਮਨਜੀਤ ਸਿੰਘ ਸਕੱਤਰ ਨੇ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ ਕੀਤਾ।
ਪ੍ਰੈਸ ਨਾਲ ਗੱਲਬਾਤ ਦੌਰਾਨ ਸ੍ਰ: ਰਾਮਪਾਲ ਸਿੰਘ ਬਹਿਣੀਵਾਲ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਦੇ ਸਬੰਧ ਵਿੱਚ ਮਾਣਯੋਗ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੈਨੂੰ ਬਤੌਰ ਪਾਰਟੀ ਲੀਡਰ ਵਜੋਂ ਜਾਣ ਲਈ ਸੇਵਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਜਥਾ ਪਹਿਲਾਂ ਸ੍ਰੀ ਨਨਕਾਣਾ ਸਾਹਿਬ ਵਿਖੇ ਪੁੱਜੇਗਾ ਤੇ ਫੇਰ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਉਪਰੰਤ ੨੯ ਜੂਨ ਨੂੰ ਡੇਹਰਾ ਸਾਹਿਬ ਲਾਹੌਰ ਵਿਖੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ੩੦ ਜੂਨ ਨੂੰ ਵਾਪਸ ਭਾਰਤ ਪਰਤ ਆਵੇਗਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਗੁਰਦੁਆਰਿਆਂ ਦੇ ਪ੍ਰਬੰਧ’ਚ ਸੁਧਾਰ ਲਿਆਉਣ, ਗੁਰੂ ਸਾਹਿਬਾਨ ਤੇ ਹੋਰ ਇਤਿਹਾਸਕ ਦਿਹਾੜਿਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਉਣ ਅਤੇ ਪਾਕਿਸਤਾਨ ਵਿੱਚ ਰਹਿਣ ਵਾਲੇ ਸਿੱਖਾਂ ਦੀ ਜਾਨ ਮਾਲ ਦੀ ਰਾਖੀ ਲਈ ਪਾਕਿਸਤਾਨੀ ਸਰਕਾਰ ਅਤੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਗੱਲਬਾਤ ਕੀਤੀ ਜਾਵੇਗੀ।
ਡਾ:ਰੂਪ ਸਿੰਘ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾਲੂਆਂ ਦੇ ਵੀਜ਼ੇ ਲੱਗਣ ਲਈ ੨੭੨ ਨਾਵਾਂ ਦੀ ਸੂਚੀ ਕੇਂਦਰ ਸਰਕਾਰ ਤੇ ਪਾਕਿਸਤਾਨ ਅੰਬੈਸੀ ਨੂੰ ਭੇਜੀ ਗਈ ਸੀ, ਜਿਸ ਵਿੱਚੋਂ ੮੨ ਸ਼ਰਧਾਲੂਆਂ ਦੇ ਨਾਮ ਕੇਂਦਰ ਸਰਕਾਰ ਤੇ ਪਾਕਿਸਤਾਨ ਅੰਬੈਸੀ ਵੱਲੋਂ ਕੱਟ ਦਿੱਤੇ ਗਏ ਹਨ ਅਤੇ ੧੯੦ ਸ਼ਰਧਾਲੂਆਂ ਦਾ ਹੀ ਵੀਜ਼ਾ ਲੱਗਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਵੱਧ ਤੋਂ ਵੱਧ ਵੀਜ਼ੇ ਮਿਲਣੇ ਚਾਹੀਦੇ ਹਨ ਤਾਂ ਜੋ ਸੰਗਤਾਂ ਪਾਕਿਸਤਾਨ ਰਹਿ ਗਏ ਆਪਣੇ ਜਾਨ ਤੋਂ ਪਿਆਰੇ ਮੁਕੱਦਸ ਅਸਥਾਨਾਂ ਦੇ ਦਰਸ਼ਨ ਦੀਦਾਰ ਕਰ ਸਕਣ।
ਉਨ੍ਹਾਂ ਕਿਹਾ ਕਿ ਇਹ ਜਥਾ ਅੱਜ ੨੧ ਜੂਨ ਨੂੰ ਤੇਜਾ ਸਿੰਘ ਸਮੁੰਦਰੀ ਹਾਲ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਸ੍ਰੀ ਅੰਮ੍ਰਿਤਸਰ ਤੋਂ ਪੰਥਕ ਰਵਾਇਤਾਂ ਅਨੁਸਾਰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸ੍ਰ: ਰਾਮਪਾਲ ਸਿੰਘ ਬਹਿਣੀਵਾਲ ਅੰਤ੍ਰਿੰਗ ਕਮੇਟੀ ਮੈਂਬਰ ਦੀ ਅਗਵਾਈ ਵਿੱਚ ਰਵਾਨਾ ਕਰ ਦਿੱਤਾ ਗਿਆ ਹੈ।ਉਨ੍ਹ@ਾਂ ਕਿਹਾ ਕਿ ਸ਼ਰਧਾਲੂਆਂ ਦਾ ਇਹ ਜਥਾ ੨੨ ਜੂਨ ੨੦੧੫ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਗੁਰਦੁਆਰਾ ਸੱਚਾ ਸੌਦਾ  (ਮੰਡੀ ਚੂਹੜਕਾਨਾ ਸ਼ੇਖੂਪੁਰਾ) ਦਰਸ਼ਨ ਕਰਨ ਉਪਰੰਤ ਸ਼ਾਮ ਨੂੰ ਵਾਪਸ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਰਤ ਆਵੇਗਾ। ੨੩ ਜੂਨ ਨੂੰ ਗੁਰਦੁਆਰਾ ਸ੍ਰੀ ਨਾਨਕਾਣਾ ਸਾਹਿਬ ਤੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਲਈ ਰਵਾਨਾ ਹੋਵੇਗਾ ਅਤੇ ੨੬ ਜੂਨ ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਤੋਂ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਪੁੱਜੇਗਾ। ਉਨ੍ਹਾਂ ਕਿਹਾ ਕਿ ਵੱਖ ਵੱਖ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰਨ ਉਪਰੰਤ ਇਹ ਜਥਾ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ੨੯ ਜੂਨ ਨੂੰ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਉਪਰੰਤ ੩੦ ਜੂਨ ਨੂੰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਤੋਂ ਵਾਪਸ ਭਾਰਤ ਪਰਤ ਆਵੇਗਾ।
ਇਸ ਮੌਕੇ ਉਨ੍ਹਾਂ ਨਾਲ ਸ੍ਰ: ਜਸਪਾਲ ਸਿੰਘ, ਸ੍ਰ: ਹਰਭਜਨ ਸਿੰਘ ਮਨਾਵਾਂ, ਸ੍ਰ: ਸੁਖਦੇਵ ਸਿੰਘ ਭੂਰਾਕੋਹਨਾ, ਸ੍ਰ: ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸ੍ਰ: ਬਿਜੈ ਸਿੰਘ ਵਧੀਕ ਸਕੱਤਰ, ਸ੍ਰ: ਜਗਜੀਤ ਸਿੰਘ, ਸ੍ਰ: ਜਸਵਿੰਦਰ ਸਿੰਘ ਦੀਨਪੁਰ ਤੇ ਸ੍ਰ: ਗੁਰਦੇਵ ਸਿੰਘ ਉਬੋਕੇ ਮੀਤ ਸਕੱਤਰ, ਸ੍ਰ: ਜਤਿੰਦਰ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰ: ਜਸਵਿੰਦਰ ਸਿੰਘ ਦੀਪ ਇੰਚਾਰਜ, ਸ੍ਰ: ਇੰਦਰ ਮੋਹਣ ਸਿੰਘ ‘ਅਨਜਾਣ’, ਸ੍ਰ: ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਿੰਟੈਂਡੈਂਟ, ਸ੍ਰ: ਪਰਮਜੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦਾ ਸਟਾਫ ਹਾਜ਼ਰ ਸੀ।