ਅੰਮ੍ਰਿਤਸਰ, ੧੯ ਜਨਵਰੀ- ਗੁਰਮਤਿ ਸੰਗੀਤ ਵਿਚ ਵਿਸ਼ੇਸ਼ ਸਥਾਨ ਰੱਖਣ ਵਾਲੇ ਅਤੇ ਉੱਘੇ ਸਿੱਖ ਵਿਦਵਾਨ ਡਾ. ਗੁਰਨਾਮ ਸਿੰਘ ਡੀਨ ਅਲੂਮਨੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ ਪੁੱਜੇ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਭਾਰਤ ਦੇ ਰਾਸ਼ਟਰਪਤੀ ਵੱਲੋਂ ਉਨ੍ਹਾਂ ਨੂੰ ਗੁਰਮਤਿ ਸੰਗੀਤ ਵਿਚ ਵਿਸ਼ੇਸ਼ ਯੋਗਦਾਨ ਲਈ ਸੰਗੀਤ ਨਾਟਕ ਅਕੈਡਮੀ ਐਵਾਰਡ ਨਾਲ ਨਿਵਾਜਿਆ ਗਿਆ। ਉਨ੍ਹਾਂ ਨਾਲ ਉਨ੍ਹਾਂ ਦੀ ਧਰਮਪਤਨੀ ਡਾ. ਅੰਮ੍ਰਿਤਪਾਲ ਕੌਰ ਸਨ। ਡਾ. ਗੁਰਨਾਮ ਸਿੰਘ ਨੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ। ਨਤਮਸਤਕ ਹੋਣ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਨੇ ਸਾਂਝੇ ਤੌਰ ‘ਤੇ ਡਾ. ਗੁਰਨਾਮ ਸਿੰਘ ਅਤੇ ਉਨ੍ਹਾਂ ਦੀ ਪਤਨੀ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਡਾ. ਰੂਪ ਸਿੰਘ ਨੇ ਡਾ. ਗੁਰਨਾਮ ਸਿੰਘ ਦੇ ਗੁਰਮਤਿ ਸੰਗੀਤ ਵਿਚ ਪਾਏ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਵੱਲੋਂ ਗੁਰਮਤਿ ਸੰਗੀਤ ਅਕੈਡਮੀ ਐਵਾਰਡ ਮਿਲਣ ‘ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੇ ਉਨ੍ਹਾਂ ਨੂੰ ਜੀ-ਆਇਆਂ ਕਿਹਾ ਅਤੇ ਮਿਲੇ ਐਵਾਰਡ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪਰਮਾਤਮਾ ਡਾ. ਸਾਹਿਬ ‘ਤੇ ਆਪਣਾ ਮਿਹਰ ਭਰਿਆ ਹੱਥ ਬਣਾਈ ਰੱਖਣ ਤੇ ਇਹ ਬਿਨਾਂ ਰੁਕਾਵਟ ਦੇ ਨਿਰੰਤਰ ਗੁਰਮਤਿ ਸੰਗੀਤ ਦੇ ਖੇਤਰ ਵਿਚ ਸੇਵਾ ਨਿਭਾਉਂਦੇ ਰਹਿਣ।
ਇਸੇ ਦੌਰਾਨ ਡਾ. ਗੁਰਨਾਮ ਸਿੰਘ ਨੇ ਕਿਹਾ ਕਿ ਉਹ ਗੁਰੂ ਸਾਹਿਬ ਦੇ ਸ਼ੁਕਰਗੁਜ਼ਾਰ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਇਸ ਕਾਬਲ ਬਣਾਇਆ ਕਿ ਉਹ ਗੁਰਮਤਿ ਸੰਗੀਤ ਦੀ ਸੇਵਾ ਕਰ ਸਕਣ। ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਉਨ੍ਹਾਂ ਨੂੰ ਸੁਤੰਤਰ ਰੂਪ ਵਿਚ ਗੁਰਮਤਿ ਦੇ ਖੇਤਰ ਵਿਚ ਕਾਰਜ ਕਰਨ ਦਿੱਤਾ। ਇਕ ਗੱਲ ਉਨ੍ਹਾਂ ਵਿਸ਼ੇਸ਼ ਤੌਰ ‘ਤੇ ਕਹੀ ਕੇ ਗੁਰਮਤਿ ਸੰਗੀਤ ਭਾਰਤੀ ਕਲਾ ਵਿਚ ਇਕ ਵੱਖਰੀ ਪਛਾਣ ਬਣਾਉਣ ਵਿਚ ਕਾਮਯਾਬ ਹੋਇਆ ਹੈ। ਇਹ ਸਾਡੀ ਕੌਮ ਲਈ ਬਹੁਤ ਮਾਣ ਵਾਲੀ ਗੱਲ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ ਸਨਮਾਨ ‘ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਸਿੱਧ ਕਥਾਵਾਚਕ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸਾਬਕਾ ਸਕੱਤਰ ਸ. ਸਤਬੀਰ ਸਿੰਘ ਧਾਮੀ, ਵਧੀਕ ਮੈਨੇਜਰ ਸ. ਬਘੇਲ ਸਿੰਘ ਅਤੇ ਹੋਰ ਮੌਜੂਦ ਸਨ।