ਅੰਮ੍ਰਿਤਸਰ, 05 ਦਸੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ’ਤੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰਾਂ ਨਾਲ ਇਕੱਤਰਤਾ ਕਰਕੇ ਪ੍ਰਬੰਧਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਮੁੱਖ ਸਕੱਤਰ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸਮੁੱਚੇ ਵਿਸ਼ਵ ਦੀਆਂ ਸੰਗਤਾਂ ਲਈ ਸ਼ਰਧਾ ਦਾ ਕੇਂਦਰ ਹੈ ਅਤੇ ਇਥੇ ਪੁੱਜਣ ਵਾਲੀਆਂ ਸੰਗਤਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਲ ਨਹੀਂ ਆਉਣੀ ਚਾਹੀਦੀ। ਉਨ੍ਹਾਂ ਸਮੂਹ ਮੈਨੇਜਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ ਜ਼ੁੰਮੇ ਲੱਗੀ ਡਿਊਟੀ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਆਖਿਆ ਕਿ ਜੇਕਰ ਕਿਸੇ ਵੀ ਕਿਸਮ ਦੀ ਕੁਤਾਹੀ ਸਾਹਮਣੇ ਆਉਂਦੀ ਹੈ ਤਾਂ ਉਸ ਨਾਲ ਸਬੰਧਤ ਮੈਨੇਜਰ ਜ਼ੁੰਮੇਵਾਰ ਹੋਵੇਗਾ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ ਅਤੇ ਸ. ਦਿਲਜੀਤ ਸਿੰਘ ਬੇਦੀ ਨੇ ਵੀ ਮੈਨੇਜਰਾਂ ਨੂੰ ਆਪਣੀ ਡਿਊਟੀ ਸੰਜੀਦਗੀ ਨਾਲ ਨਿਭਾਉਣ ਦੀ ਪ੍ਰੇਰਣਾ ਕੀਤੀ।

ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਆਉਣ ਵਾਲੀਆਂ ਸੰਗਤਾਂ ਦਾ ਸਤਿਕਾਰ ਅਤੇ ਪਾਵਨ ਦਰਬਾਰ ਦੀ ਮਰਯਾਦਾ ਵਿਚ ਕਿਸੇ ਕਿਸਮ ਦੀ ਢਿੱਲ ਨਹੀਂ ਹੋਣੀ ਚਾਹੀਦੀ ਅਤੇ ਇਨ੍ਹਾਂ ਗੱਲਾਂ ਦਾ ਸਾਰੇ ਮੈਨੇਜਰਾਂ ਨੂੰ ਵਿਸ਼ੇਸ਼ ਤੌਰ ’ਤੇ ਖ਼ਿਆਲ ਰੱਖਣਾ ਚਾਹੀਦਾ ਹੈ। ਇਕੱਤਰਤਾ ਵਿਚ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ ਤੇ ਸ. ਬਿਜੈ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸ. ਮਨਜਿੰਦਰ ਸਿੰਘ ਮੰਡ, ਸ. ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਸੁਖਰਾਜ ਸਿੰਘ, ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਪਰਮਜੀਤ ਸਿੰਘ, ਸ. ਇਕਬਾਲ ਸਿੰਘ ਮੁਖੀ, ਸ. ਸੁਖਬੀਰ ਸਿੰਘ, ਸ. ਨਰਿੰਦਰ ਸਿੰਘ ਮਥਰੇਵਾਲ, ਸ. ਬਘੇਲ ਸਿੰਘ, ਸ. ਗੁਰਾ ਸਿੰਘ, ਸ. ਨਿਸ਼ਾਨ ਸਿੰਘ, ਸ. ਹਰਪ੍ਰੀਤ ਸਿੰਘ, ਸ. ਜਗਤਾਰ ਸਿੰਘ ਸ਼ਹੂਰਾ, ਮੀਤ ਮੈਨੇਜਰ ਸ. ਜਸਪਾਲ ਸਿੰਘ, ਸ. ਗੁਰਪ੍ਰੀਤ ਸਿੰਘ ਤੇ ਹੋਰ ਮੌਜੂਦ ਸਨ।