ਅੰਮ੍ਰਿਤਸਰ 7 ਨਵੰਬਰ (     ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਖ਼ਤ ਸੱਚਖੰਡ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਨੂੰ ਉਡਾਉਣ ਦੀ ਧਮਕੀ ਦੇਣ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕਰਦਿਆਂ ਬਿਹਾਰ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਇਸ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇ ਅਤੇ ਦੋਸ਼ੀਆਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਤਖ਼ਤ ਸਾਹਿਬ ਨੂੰ ਉਡਾਉਣ ਦੀ ਦਿੱਤੀ ਧਮਕੀ ਸਬੰਧੀ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਦੇ ਹਵਾਲੇ ਨਾਲ ਕਿਹਾ ਕਿ ਕੁਝ ਅਧਰਮੀ ਲੋਕ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਭੰਗ ਕਰਨ ਦੀ ਤਾਕ ‘ਚ ਰਹਿੰਦੇ ਹਨ ਅਤੇ ਜਦੋਂ ਵੀ ਉਨ੍ਹਾਂ ਨੂੰ ਕੋਈ ਸਮਾਂ ਮਿਲੇ ਉਹ ਅਜਿਹੀਆਂ ਕਾਰਵਾਈਆਂ ਨੂੰ ਅੰਜ਼ਾਮ ਦਿੰਦੇ ਹਨ ਜਿਸ ਨਾਲ ਆਪਸੀ ਭਾਈਚਾਰਕ ਸਾਂਝ ਵਿੱਚ ਫਿਰਕੂ ਜ਼ਹਿਰ ਘੋਲ ਕੇ ਇਸ ਨੂੰ ਖਤਮ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਸਿੱਖ ਧਰਮ ਅਸਥਾਨ ਸਮੁੱਚੀ ਮਨੁੱਖਤਾ ਲਈ ਸਾਂਝੇ ਹਨ।ਗੁਰਦੁਆਰਾ ਸਾਹਿਬਾਨ ਵਿੱਚ ਕਿਸੇ ਵੀ ਫਿਰਕੇ ਦੇ ਲੋਕ ਬਿਨਾ ਰੋਕ ਟੋਕ ਦਰਸ਼ਨ ਕਰਨ ਆ ਸਕਦੇ ਹਨ ਤੇ ਇਥੋਂ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਦਾ ਉਪਦੇਸ਼ ਲੈ ਕੇ ਆਪਣਾ ਮਨੁੱਖਾ ਜੀਵਨ ਸਵਾਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਸਿੱਖ ਧਰਮ ਹਰੇਕ ਦੂਸਰੇ ਧਰਮਾਂ ਦਾ ਦਿਲੋਂ ਸਤਿਕਾਰ ਕਰਦਾ ਹੈ, ਪਰ ਕੁਝ ਲੋਕ ਹਮੇਸ਼ਾ ਇਸ ਨੂੰ ਤਾਰਪੀਡੋ ਕਰਨ ਦੀ ਨੀਯਤ ਨਾਲ ਅਜਿਹੀਆਂ ਧਮਕੀਆਂ ਦੇ ਕੇ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰਦੇ ਹਨ ਜਿਸ ਨੂੰ ਕਦਾਚਿਤ ਸਵੀਕਾਰ ਨਹੀਂ ਕੀਤਾ ਜਾ ਸਕਦਾ।ਉਨ੍ਹਾਂ ਕਿਹਾ ਕਿ ਅਜਿਹੇ ਸ਼ਰਾਰਤੀ ਅਨਸਰਾਂ ਜਾ ਸਾਜਿਸ਼ਕਾਰਾਂ ਦਾ ਪਤਾ ਲਗਾਇਆ ਜਾਣਾ ਜ਼ਰੂਰੀ ਹੈ ਤੇ ਅਜਿਹੇ ਲੋਕਾਂ ਨੂੰ ਨਿਆਂ ਦੇ ਕਟਹਿਰੇ ਵਿੱਚ ਖੜਾ ਕੀਤਾ ਜਾਣਾ ਚਾਹੀਦਾ ਹੈ।ਇਸ ਲਈ ਬਿਹਾਰ ਸਰਕਾਰ ਨੂੰ ਅਪੀਲ ਹੈ ਕਿ ਉਹ ਤਖ਼ਤ ਸਾਹਿਬ ਨੂੰ ਉਡਾਉਣ ਦੀ ਦਿੱਤੀ ਧਮਕੀ ਬਾਰੇ ਗੰਭੀਰਤਾ ਨਾਲ ਜਾਂਚ ਕਰੇ।