ਨਵਾਬ ਰਾਏ ਕੱਲ੍ਹਾ ਜੀ ਤੇ ਗੰਗਾ ਸਾਗਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸੁਸ਼ੋਭਿਤ

ਪ੍ਰੋ. ਬਡੂੰਗਰ ਦੇ ਨਾਂ ਰਾਏ ਅਜੀਜ਼ ਉਲ੍ਹਾ ਖਾਨ ਨੇ ਭੇਜਿਆ ਧੰਨਵਾਦੀ ਪੱਤਰ

ਅੰਮ੍ਰਿਤਸਰ, 24 ਜੁਲਾਈ – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਨਿਨ ਸੇਵਕ ਨਵਾਬ ਰਾਏ ਕੱਲ੍ਹਾ ਜੀ ਦੀ ਤਸਵੀਰ ਗੰਗਾ ਸਾਗਰ ਸਮੇਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸੁਸ਼ੋਭਿਤ ਕੀਤੀ ਗਈ। ਤਸਵੀਰ ਤੋਂ ਪਰਦਾ ਹਟਾਉਣ ਦੀ ਰਸਮ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਾਂਝੇ ਤੌਰ ’ਤੇ ਨਿਭਾਈ। ਇਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਰਾਜਦੀਪ ਸਿੰਘ ਨੇ ਅਰਦਾਸ ਕੀਤੀ।

ਤਸਵੀਰ ਤੋਂ ਪਰਦਾ ਹਟਾਉਣ ਤੋਂ ਬਾਅਦ ਸੰਗਤ ਨੂੰ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਸਿੱਖ ਇਤਿਹਾਸ ਅੰਦਰ ਅਜਿਹੀਆਂ ਅਨੇਕਾਂ ਸ਼ਖ਼ਸੀਅਤਾਂ ਦਾ ਜ਼ਿਕਰ ਮਿਲਦਾ ਹੈ ਜਿਨ੍ਹਾਂ ਨੇ ਗੁਰੂ ਸਾਹਿਬਾਨ ਪ੍ਰਤੀ ਅਥਾਹ ਸ਼ਰਧਾ ਦਾ ਪ੍ਰਗਟਾਵਾ ਕਰਦਿਆਂ ਗੁਰੂ ਬਖਸ਼ਿਸ਼ਾਂ ਪ੍ਰਾਪਤ ਕੀਤੀਆਂ ਅਤੇ ਇਨ੍ਹਾਂ ਵਿੱਚੋਂ ਹੀ ਨਵਾਬ ਰਾਏ ਕੱਲ੍ਹਾ ਜੀ ਵੀ ਇੱਕ ਹਨ। ਉਨ੍ਹਾਂ ਆਖਿਆ ਕਿ ਔਰੰਗਜ਼ੇਬ ਦੇ ਜ਼ੁਲਮੀ ਰਾਜ ਸਮੇਂ ਗੁਰੂ ਘਰ ਪ੍ਰਤੀ ਨਿਭਾਈ ਸੇਵਾ ਤੇ ਨਿਸ਼ਠਾ ਲਈ ਦਸਵੇਂ ਪਾਤਸ਼ਾਹ ਜੀ ਨੇ ਰਾਏ ਕੱਲ੍ਹਾ ਨੂੰ ਗੰਗਾ ਸਾਗਰ (ਸੁਰਾਹੀ), ਕਿਰਪਾਨ ਤੇ ਰਹਿਲ ਦੇ ਕੇ ਨਿਵਾਜਿਆ ਸੀ ਜੋ ਅੱਜ ਵੀ ਉਨ੍ਹਾਂ ਦੇ ਵੰਸ਼ਜਾਂ ਕੋਲ ਸੁਰੱਖਿਅਤ ਹਨ। ਸਿੰਘ ਸਾਹਿਬ ਨੇ ਸ਼੍ਰੋਮਣੀ ਕਮੇਟੀ ਵੱਲੋਂ ਰਾਏ ਕੱਲ੍ਹਾ ਜੀ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਸੰਗਤਾਂ ਨੂੰ ਗੁਰੂ ਸਾਹਿਬਾਨ ਅਤੇ ਧਰਮ ਪ੍ਰਤੀ ਸਮਰਪਣ ਦੀ ਪ੍ਰੇਰਨਾ ਪ੍ਰਾਪਤ ਹੋਏਗੀ। ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਹਲਕਾ ਰਾਏਕੋਟ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਸ. ਜਗਜੀਤ ਸਿੰਘ ਤਲਵੰਡੀ ਅਤੇ ਸ੍ਰੀ ਸਤਨਾਮ ਸਿੰਘ ਮਾਣਕ ਨੇ ਸਾਂਝੇ ਤੌਰ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਸਮੇਤ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅੰਤ੍ਰਿੰਗ ਕਮੇਟੀ ਦਾ ਹਲਕਾ ਰਾਏਕੋਟ ਦੀ ਸੰਗਤ ਵੱਲੋਂ ਧੰਨਵਾਦ ਕੀਤਾ।

ਇਸ ਮੌਕੇ ਨਵਾਬ ਰਾਏ ਕੱਲ੍ਹਾ ਜੀ ਦੀ ਵੰਸ਼ ਵਿੱਚੋਂ ਪਾਕਿਸਤਾਨ ਦੇ ਸਾਬਕਾ ਸੰਸਦ ਮੈਂਬਰ ਰਾਏ ਅਜੀਜ਼ ਉਲ੍ਹਾ ਖਾਨ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੇ ਨਾਂਅ ਭੇਜਿਆ ਗਿਆ ਧੰਨਵਾਦੀ ਪੱਤਰ ਅਤੇ ਸਨਮਾਨ ਸ੍ਰੀ ਸਤਨਾਮ ਸਿੰਘ ਮਾਣਕ ਅਤੇ ਰਾਏਕੋਟ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਸ. ਜਗਜੀਤ ਸਿੰਘ ਤਲਵੰਡੀ ਨੇ ਸ਼੍ਰੋਮਣੀ ਕਮੇਟੀ ਦੇ ਐਡੀਸ਼ਨਲ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ ਨੂੰ ਦਿੱਤਾ। ਇਸ ਤੋਂ ਇਲਾਵਾ ਰਾਏ ਅਜੀਜ਼ ਉਲ੍ਹਾ ਖਾਨ ਵੱਲੋਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਅਤੇ ਨਵਾਬ ਰਾਏ ਕੱਲ੍ਹਾ ਜੀ ਦੀ ਤਸਵੀਰ ਬਣਾਉਣ ਵਾਲੇ ਆਰਟਿਸਟ ਸ. ਗੁਰਵਿੰਦਰਪਾਲ ਸਿੰਘ ਦਾ ਵੀ ਸਨਮਾਨ ਕੀਤਾ ਗਿਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਨੇ ਰਾਏਕੋਟ ਹਲਕੇ ਵਿੱਚੋਂ ਉਚੇਚੇ ਤੌਰ ਤੇ ਪਹੁੰਚੀਆਂ ਸ਼ਖਸੀਅਤਾਂ ਨੂੰ ਵੀ ਸਨਮਾਨਿਤ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ, ਭਾਈ ਗੁਰਚਰਨ ਸਿੰਘ ਗਰੇਵਾਲ, ਮੈਂਬਰ ਸ਼੍ਰੋਮਣੀ ਕਮੇਟੀ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ, ਸ. ਜਗਜੀਤ ਸਿੰਘ ਤਲਵੰਡੀ, ਸ਼੍ਰੋਮਣੀ ਕਮੇਟੀ ਦੇ ਐਡੀਸ਼ਨਲ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਸੁਲੱਖਣ ਸਿੰਘ ਭੰਗਾਲੀ ਮੈਨੇਜਰ, ਮਲਕੀਤ ਸਿੰਘ ਬਹਿਡ਼ਵਾਲ, ਸ. ਲਖਬੀਰ ਸਿੰਘ, ਸ. ਸੁਖਰਾਜ ਸਿੰਘ. ਸ. ਇਕਬਾਲ ਸਿੰਘ ਮੁਖੀ, ਸ. ਹਰਪ੍ਰੀਤ ਸਿੰਘ, ਸ. ਨਰਿੰਦਰ ਸਿੰਘ, ਸ. ਸਤਨਾਮ ਸਿੰਘ, ਸ. ਬਘੇਲ ਸਿੰਘ, ਸ. ਰਾਜਿੰਦਰ ਸਿੰਘ ਰੂਬੀ, ਸ. ਹਰਭਜਨ ਸਿੰਘ ਵਕਤਾ, ਪ੍ਰੋ. ਨਿਰਮਲ ਸਿੰਘ ਜੌਡ਼ਾ, ਸ੍ਰੀ ਰਮੇਸ਼ ਯਾਦਵ, ਸ. ਗੁਰਦੇਵ ਸਿੰਘ ਮਹਿਲਾਂਵਾਲਾ, ਸ੍ਰੀ ਰਮੇਸ਼ ਕੌਡ਼ਾ, ਸ. ਗੁਰਚਰਨ ਸਿੰਘ ਲੁਧਿਆਣਾ ਆਦਿ ਹਾਜ਼ਰ ਸਨ।