ਅੰਮ੍ਰਿਤਸਰ, 13 ਫ਼ਰਵਰੀ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੁਬਈ ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿਖੇ ਨਤਮਸਤਕ ਹੋਏ। ਭਾਈ ਲੌਂਗੋਵਾਲ ਦੇ ਦੁਬਈ ਵਿਖੇ ਪਹੁੰਚਣ ’ਤੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਦੀ ਪ੍ਰਬੰਧਕੀ ਕਮੇਟੀ ਤੇ ਇਲਾਕੇ ਦੀ ਸੰਗਤ ਨੇ ਭਰਵਾਂ ਸਵਾਗਤ ਕੀਤਾ। ਭਾਈ ਲੌਂਗੋਵਾਲ ਨੇ ਕਿਹਾ ਕਿ ਸਿੱਖ ਕੌਮ ਆਪਣੀ ਮਿਹਤਨ ਅਤੇ ਇਮਾਨਦਾਰੀ ਦੀ ਬਦੌਲਤ ਅੱਜ ਸਾਰੀ ਦੁਨੀਆਂ ਵਿਚ ਮੱਲ੍ਹਾਂ ਮਾਰ ਰਹੀ ਹੈ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਨੂੰ ਦੁਨੀਆਂ ਦੇ ਕੋਨੇ-ਕੋਨੇ ਵਿਚ ਫੈਲਾਅ ਰਹੀ ਹੈ। ਅੱਜ ਦੁਨੀਆਂ ਵਿਚ ਜੋ ਤਰੱਕੀ ਹੋ ਰਹੀ ਹੈ ਇਸ ਵਿਚ ਸਭ ਤੋਂ ਵੱਧ ਯੋਗਦਾਨ ਸਿੱਖਾਂ ਦਾ ਹੈ। ਭਾਈ ਲੌਂਗੋਵਾਲ ਨੇ ਦੁਬਈ ਦੀ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਵਿਚ ਵਧ ਚੜ੍ਹ ਕੇ ਸ਼ਮੂਲੀਅਤ ਕਰਨ ਦਾ ਸੱਦਾ ਵੀ ਦਿੱਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਦੁਬਈ ਦੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਭਾਈ ਲੌਂਗੋਵਾਲ ਨੇ ਗੁਰਦੁਆਰਾ ਸਾਹਿਬ ਦੀ ਵਿਜ਼ਟਰ ਬੁੱਕ ਵਿਚ ਆਪਣੇ ਸ਼ੁਭ ਵਿਚਾਰ ਵੀ ਲਿਖੇ। ਇਸ ਮੌਕੇ ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਸਾਬਕਾ ਵਧੀਕ ਸਕੱਤਰ ਸ. ਜਗਜੀਤ ਸਿੰਘ ਜੱਗੀ, ਸ. ਦਰਸ਼ਨ ਸਿੰਘ ਲੌਂਗੋਵਾਲ ਪੀ.ਏ. ਅਤੇ ਸੰਗਤ ਮੌਜੂਦ ਸੀ।