3-05-2016-2(1)ਅੰਮ੍ਰਿਤਸਰ : 3 ਮਈ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੀ ੩੦੦ ਸਾਲਾ ਸ਼ਹੀਦੀ ਨੂੰ ਸਮਰਪਿਤ ਵੱਖ-ਵੱਖ ਮਿਸ਼ਨਰੀ ਕਾਲਜਾਂ ਦੇ ਵਿਦਿਆਰਥੀਆਂ ਲਈ ਇਕ ਰੋਜ਼ਾ ਗੁਰਮਤਿ ਕੈਂਪ ਗੁਰਦੁਆਰਾ ਬੀੜ ਬਾਬਾ ਬੁੱਢਾ ਜੀ ਠੱਠਾ (ਤਰਨ ਤਾਰਨ) ਦੇ ਬਾਬਾ ਖੜਕ ਸਿੰਘ ਦੀਵਾਨ ਹਾਲ ਵਿਖੇ ਕਰਵਾਇਆ ਗਿਆ।ਗੁਰਮਤਿ ਕੈਂਪ ਦੀ ਆਰੰਭਤਾ ਤੋਂ ਪਹਿਲਾਂ ਭਾਈ ਪਰਦੀਪ ਸਿੰਘ ਦੇ ਹਜ਼ੂਰੀ ਰਾਗੀ ਜਥੇ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗਿਆਨੀ ਮੱਸਾ ਸਿੰਘ ਤੇ ਗਿਆਨੀ ਹਰਪਾਲ ਸਿੰਘ ਦੇ ਕਵੀਸ਼ਰੀ ਜਥਿਆਂ ਨੇ ਬੀਰ ਰਸੀ ਵਾਰਾਂ ਰਾਹੀਂ ਬਾਬਾ ਬੰਦਾ ਸਿੰਘ ਜੀ ਬਹਾਦਰ ਦੇ ਜੀਵਨ ਤੇ ਰੌਸ਼ਨੀ ਪਾਈ।ਅਰਦਾਸ ਸਿੰਘ ਸਾਹਿਬ ਗਿਆਨੀ ਨਿਸ਼ਾਨ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਬੀੜ ਬਾਬਾ ਬੁੱਢਾ ਜੀ ਨੇ ਕੀਤੀ ਤੇ ਹੁਕਮਨਾਮਾ ਭਾਈ ਨਿਰਵੈਲ ਸਿੰਘ ਗ੍ਰੰਥੀ ਨੇ ਲਿਆ।
ਗੁਰਮਤਿ ਕੈਂਪ ਸਮੇਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਾ. ਰੂਪ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਨੌਜਵਾਨਾਂ ਦੇ ਇਕੱਠ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਉਨ੍ਹਾਂ ਦੀ ਸਿੱਖ ਧਰਮ ਵਿਚ ਕਾਫੀ ਰੁਚੀ ਹੈ। ਉਨ੍ਹਾਂ ਬਾਬਾ ਜੀ ਦੇ ਜੀਵਨ ਬਾਰੇ ਬੋਲਦਿਆਂ ਕਿਹਾ ਕਿ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਥਾਪੜਾ ਪ੍ਰਾਪਤ ਬਾਬਾ ਬੰਦਾ ਸਿੰਘ ਬਹਾਦਰ ਸੂਰਬੀਰ ਯੋਧਾ, ਨਾਇਕ ਤੇ ਗੁਰੂ ਦੇ ਲਾਡਲੇ ਸਨ। ਉਨ੍ਹਾ ਕਿਹਾ ਕਿ ਗੁਰਬਾਣੀ ਨਾਲ ਅਟੂੱਟ ਰਿਸ਼ਤਾ ਹੋਣ ਕਰਕੇ ਹੀ ਬਾਬਾ ਬੰਦਾ ਸਿੰਘ ਜੀ ਬਹਾਦਰ ਮਾਧੋ ਦਾਸ ਤੋਂ ਗੁਰੂ ਦੇ ਸਿੰਘ ਸਜੇ ਤੇ ਖਾਲਸਾ ਰਾਜ ਦੇ ਪਹਿਲੇ ਸੰਸਥਾਪਕ ਹੋਣ ਦਾ ਮਾਣ ਹਾਸਿਲ ਕੀਤਾ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ੮ ਸਾਲਾਂ ‘ਚ ਜੋ ਸਿੱਖ ਪੰਥ ਲਈ ਕੀਤਾ ਹੈ ਉਹ ਇਤਿਹਾਸ ਦੇ ਸੁਨਹਿਰੀ ਅੱਖਰਾਂ ਵਿਚ ਦਰਜ ਹੈ। ਉਨ੍ਹਾਂ ਨੌਜਵਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਬਾਬਾ ਬੰਦਾ ਸਿੰਘ ਜੀ ਬਹਾਦਰ ਦੇ ਜੀਵਨ ਤੋਂ ਪ੍ਰੇਰਣਾ ਲੈਂਦੇ ਹੋਏ ਖੰਡੇ ਬਾਟੇ ਦੀ ਪਾਹੁਲ ਛਕ ਕੇ ਗੁਰੂ ਵਾਲੇ ਬਨਣ ਤੇ ਕਲਗੀਧਰ ਦਸਮੇਸ਼ ਪਿਤਾ ਦੀਆ ਖੁਸ਼ੀਆਂ ਲੈਣ।    
ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਗੁਰਮਤਿ ਵਿਚਾਰਾਂ ਸਾਂਝੇ ਕਰਦਿਆਂ ਕਿਹਾ ਕਿ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਜਦੋਂ ਔਰੰਗਜ਼ੇਬ ਨੂੰ ਜਫਰਨਾਮਾ ਲਿੰਿਖਆ ਸੀ ਤਾਂ ਉਨ੍ਹਾਂ ਕਿਹਾ ਸੀ ਕਿ ਮੇਰੇ ਚਾਰ ਸਾਹਿਬਜ਼ਾਦੇ ਮੇਰੇ ਤੋਂ ਵਿਛੜ ਗਏ ਹਨ ਪਰ ਮੇਰਾ ਖਾਲਸਾ ਪੰਥ ਅਜੇ ਵੀ ਜਿਉਂਦਾ ਹੈ। ਉਨ੍ਹਾਂ ਕਿਹਾ ਬੈਰਾਗੀ ਮਾਧੋ ਦਾਸ ਜੋ ਕਿ ਬਾਅਦ ਵਿਚ ਬਾਬਾ ਬੰਦਾ ਸਿੰਘ ਬਹਾਦਰ ਵਜੋਂ ਜਾਣੇ ਗਏ ਨੂੰ ਦਸਮ ਪਿਤਾ ਜੀ ਨੇ ਆਪਣਾ ਪੁੱਤਰ ਬਣਾ ਲਿਆ ਸੀ। ਉਨ੍ਹਾਂ ਕਿਹਾ ਬਾਬਾ ਬੰਦਾ ਸਿੰਘ ਬਹਾਦਰ ਨੇ ਜਜ਼ਬੇ ਦੇ ਦਮ ‘ਤੇ ਸਰਹਿੰਦ ਦੀ ਇੱਟ ਨਾਲ ਇੱਟ ਖੜਕਾ ਦਿੱਤੀ ਤੇ ਆਪਣੇ ਗੁਰੂ ਕੋਲ ਕੀਤੇ ਪ੍ਰਣ ਨੂੰ ਆਖਰੀ ਸਵਾਸਾਂ ਤੀਕ ਸਿੱਖੀ ਸਿਦਕ ਨਿਭਾਉਂਦੇ ਹੋਏ ਪੂਰਾ ਕੀਤਾ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਅਜਿਹੇ ਬਹਾਦਰ ਜਰਨੈਲ ਸਨ ਜਿਨ੍ਹਾਂ ਨੂੰ ਉਨ੍ਹਾਂ ਦੇ ਪੁੱਤਰ ਦੇ ਦੁੱਖ ਨੇ ਡੋਲਣ ਨਹੀਂ ਦਿੱਤਾ ਤੇ ਉਨ੍ਹਾਂ ਸਿੱਖੀ ਲਈ ਆਪਾ ਕੁਰਬਾਨ ਕਰ ਦਿੱਤਾ। ਉਨ੍ਹਾਂ ਵਿਦਿਆਰਥੀਆਂ ਨੂੰ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਵਿਸ਼ਵਾਸ ਰੱਖਣ ਤੇ ਸਿੱਖੀ ਵਿੱਚ ਦ੍ਰਿੜ ਰਹਿੰਦਿਆਂ ਬਾਣੀ ਤੇ ਬਾਣੇ ਨਾਲ ਜੁੜਨ ਲਈ ਕਿਹਾ।
ਡਾ. ਸਰਬਜੀਤ ਸਿੰਘ (ਲੁਧਿਆਣਾ) ਨੇ ਆਪਣੇ ਵਿਚਾਰ ਰੱਖਦਿਆਂ ਕਿਹਾ ਕਿ ਅੱਜ ਦਾ ਸਮਾਂ ਗਿਆਨ ਦਾ ਹੈ। ਉਨ੍ਹਾਂ ਕਿਹਾ ਸਾਡੇ ਗੁਰੂ ਸਾਹਿਬਾਨ ਨੇ ਸਾਨੂੰ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਾਇਆ ਹੈ ਜਿਸ ਵਿੱਚ ਗਿਆਨ ਰੂਪਮਾਨ ਹੈ। ਉਨ੍ਹਾਂ ਕਿਹਾ ਕਿ ਸਿੱਖ ਦੀ ਸੋਚ ਵਿਚ ਜਿੱਤ ਹੈ ਤੇ ਬਾਬਾ ਬੰਦਾ ਸਿੰਘ ਬਹਾਦਰ ਨੇ ਇਸੇ ਦ੍ਰਿੜ ਜਜ਼ਬੇ ਨਾਲ ਸਰਹਿੰਦ ਫਤਹਿ ਕੀਤੀ ਤੇ ਪਾਪੀਆਂ ਨੂੰ ਉਨ੍ਹਾਂ ਦੇ ਕੀਤੇ ਪਾਪਾਂ ਦੀ ਸਜ਼ਾ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਨੂੰ ਆਪਣਾ ਆਦਰਸ਼ ਬਣਾਉਂਦਿਆਂ ਸਿੱਖੀ ਵਿਚ ਪ੍ਰਪੱਕ ਰਹਿ ਕੇ ਬਾਣੀ ਨੂੰ ਆਪਣੇ ਜੀਵਨ ਦਾ ਆਧਾਰ ਬਣਾਉਣ ਲਈ ਕਿਹਾ।
ਇਸ ਮੌਕੇ ਭਾਈ ਮਨਜੀਤ ਸਿੰਘ ਮੈਂਬਰ ਸ਼੍ਰੌਮਣੀ ਕਮੇਟੀ, ਸ. ਸੁਖਦੇਵ ਸਿੰਘ ਭੂਰਾ ਕੋਹਨਾ ਵਧੀਕ ਸਕੱਤਰ ਤੇ ਸ. ਬਲਦੇਵ ਸਿੰਘ ਪ੍ਰਿੰਸੀਪਲ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਨੇ ਵੀ ਵਿਦਿਆਰਥੀਆਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ।
ਸਮਾਗਮ ਉਪਰੰਤ ਧਰਮ ਪ੍ਰਚਾਰ ਕਮੇਟੀ ਵੱਲੋਂ ਭਾਈ ਮਨਜੀਤ ਸਿੰਘ, ਸ੍ਰ: ਅਮਰਜੀਤ ਸਿੰਘ ਭਲਾਈਪੁਰ ਤੇ ਬਾਬਾ ਨਿਰਮਲ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਡਾ: ਰੂਪ ਸਿੰਘ ਸਕੱਤਰ, ਸ੍ਰ: ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ, ਡਾ: ਇੰਦਰਜੀਤ ਸਿੰਘ ਗੋਗੋਆਣੀ ਤੇ ਡਾ: ਸਰਬਜੀਤ ਸਿੰਘ ਨੂੰ ਯਾਦਗਾਰੀ ਚਿੰਨ੍ਹ, ਲੋਈ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸ. ਜਗਜੀਤ ਸਿੰਘ ਤੇ ਸ. ਕੁਲਵਿੰਦਰ ਸਿੰਘ ਮੀਤ ਸਕੱਤਰ, ਸ. ਪਰਮਜੀਤ ਸਿੰਘ ਮੈਨੇਜਰ ਗੁਰਦੁਆਰਾ ਬੀੜ ਬਾਬਾ ਬੁੱਢਾ ਜੀ ਠੱਠਾ (ਤਰਨਤਾਰਨ) ਤੇ ਵੱਖ-ਵੱਖ ਮਿਸ਼ਨਰੀ ਕਾਲਜਾਂ ਦੇ ਪ੍ਰਿੰਸ਼ੀਪਲ ਤੇ ਇੰਚਾਰਜ ਵੀ ਹਾਜ਼ਰ ਸਨ।