20-02-2015-(1)ਅੰਮ੍ਰਿਤਸਰ 20 ਫਰਵਰੀ ( ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਧਰਮ ਪ੍ਰਚਾਰ ਕਮੇਟੀ ਦੇ ਸਿੱਖ ਮਿਸ਼ਨ ਦਿੱਲੀ ਵੱਲੋਂ ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਪੁਸਤਕ ਪ੍ਰਦਰਸ਼ਨੀ ਲਗਾਈ ਗਈ। ਜਿਸ ਵਿੱਚ ਸ. ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਸ. ਸੁਖਦੇਵ ਸਿੰਘ ਭੌਰ ਜਨਰਲ ਸਕੱਤਰ, ਸ. ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਮੈਂਬਰ, ਸ. ਰੂਪ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਤੇ ਸ. ਸਤਬੀਰ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ ਅਤੇ ਵਿਸ਼ਵ ਪੁਸਤਕ ਮੇਲੇ ਦਾ ਆਯੋਜਨ ਕਰਨ ਵਾਲੇ ਨੈਸ਼ਨਲ ਬੁੱਕ ਟਰੱਸਟ ਦੇ ਸਟਾਫ਼ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ. ਰਘੂਜੀਤ ਸਿੰਘ ਵਿਰਕ, ਸ. ਸੁਖਦੇਵ ਸਿੰਘ ਭੌਰ ਤੇ ਸ. ਰਜਿੰਦਰ ਸਿੰਘ ਮਹਿਤਾ ਨੇ ਸਾਂਝੇ ਤੌਰ ‘ਤੇ ਕਿਹਾ ਕਿ ਸਿੱਖ ਮਿਸ਼ਨ ਦਿੱਲੀ, ਸਿੱਖ ਇਤਿਹਾਸ ਅਤੇ ਗੁਰਮਤਿ ਸਿਧਾਂਤਾਂ ਨੂੰ ਪੇਸ਼ ਕਰਦੇ ਸਾਹਿਤ ਨੂੰ ਵਿਸ਼ਵ ਪੱਧਰ ਦੇ ਪਾਠਕਾਂ ਤੱਕ ਪੁੱਜਦਾ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ਵ ਪੁਸਤਕ ਮੇਲੇ ਵਿਚ ਕੀਤੀ ਸ਼ਿਰਕਤ ਨੂੰ ਮੇਲੇ ਵਿੱਚ ਆ ਰਹੇ ਪਾਠਕਾਂ ਵੱਲੋਂ ਸਰਾਹਿਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਵਿਸ਼ਵ ਪੁਸਤਕ ਮੇਲਾ ਸੰਸਾਰ ਪ੍ਰਸਿੱਧ ਲੇਖਕਾਂ ਦੀਆਂ ਲਿਖਤਾਂ ਨੂੰ ਇਕ ਛੱਤ ਥੱਲੇ ਪ੍ਰਾਪਤ ਕਰਨ ਦਾ ਇਕ ਸੁਨਹਿਰੀ ਮੌਕਾ ਹੁੰਦਾ ਹੈ।ਉਨ੍ਹਾਂ ਕਿਹਾ ਕਿ ਬਹੁਤ ਜਲਦੀ ਹੀ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਇਤਿਹਾਸ ਅਤੇ ਗੁਰਮਤਿ ਸਾਹਿਤ ਨੂੰ ਆਨਲਾਈਨ ਕੀਤਾ ਜਾ ਰਿਹਾ ਹੈ, ਜਿਸ ਨਾਲ ਦੂਰ-ਦੁਰਾਂਡੇ ਰਹਿੰਦੀਆਂ ਸੰਗਤਾਂ ਘਰ ਬੈਠੇ ਹੀ ਸਿੱਖ ਕੌਮ ਦੇ ਗੌਰਵਮਈ ਇਤਿਹਾਸ ਅਤੇ ਗੁਰਮਤਿ ਸਿਧਾਂਤਾਂ ਬਾਰੇ ਭਰਪੂਰ ਜਾਣਕਾਰੀ ਹਾਸਿਲ ਕਰ ਸਕਣਗੀਆਂ।
ਸ. ਰੂਪ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਅਤੇ ਸ. ਸਤਬੀਰ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ ਨੇ ਸਹਿਤ ਪ੍ਰੇਮੀਆਂ ਲਈ ਇਸ ਤਰ੍ਹਾਂ ਦੇ ਮੇਲਿਆਂ ਨੂੰ ਜ਼ਰੂਰੀ ਦੱਸਦਿਆਂ ਕਿਹਾ ਕਿ ਆਉਂਦੇ ਸਮੇਂ ਵਿੱਚ ਧਰਮ ਪ੍ਰਚਾਰ ਕਮੇਟੀ ਵੱਲੋਂ ਵੱਧ ਤੋਂ ਵੱਧ ਸਿੱਖ ਇਤਿਹਾਸ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਭਾਸ਼ਾਵਾਂ ਵਿੱਚ ਪ੍ਰਕਾਸ਼ਿਤ ਕੀਤਾ ਜਾਵੇਗਾ ਤਾਂ ਜੋ ਗੁਰਮਤਿ ਦੇ ਕਲਿਆਣਕਾਰੀ ਸਿਧਾਂਤਾਂ ਨੂੰ ਵੱਧ ਤੋਂ ਵੱਧ ਸਾਹਿਤ ਪ੍ਰੇਮੀਆਂ ਵਿੱਚ ਪੁੱਜਦਾ ਕੀਤਾ ਜਾ ਸਕੇ।ਉਨ੍ਹਾਂ ਕਿਹਾ ਕਿ ਸਿੱਖ ਮਿਸ਼ਨ ਦਿੱਲੀ ਦੇ ਪ੍ਰਚਾਰਕਾਂ ਵੱਲੋਂ ਦਿੱਲੀ ਦੀਆਂ ਵੱਖ-ਵੱਖ ਸਿੰਘ ਸਭਾਵਾਂ ਦੇ ਸਹਿਯੋਗ ਨਾਲ ਸੰਗਤਾਂ ਨੂੰ ਗੁਰਮਤਿ ਸਿਧਾਂਤਾਂ ਤੋਂ ਜਾਣੂੰ ਕਰਵਾਉਣ ਹਿਤ ਗੁਰਬਾਣੀ ਸੰਥਿਆ ਅਤੇ ਗੁਰ ਇਤਿਹਾਸ ਦੀਆਂ ਕਲਾਸਾਂ ਵੀ ਲਗਾਈਆਂ ਜਾ ਰਹੀਆਂ ਹਨ।ਇਸ ਦੌਰਾਨ ਧਰਮ ਪ੍ਰਚਾਰ ਕਮੇਟੀ ਵੱਲੋਂ ਦਸਮ ਪਿਤਾ ਸਾਹਿਬ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੀ ਜੀਵਨੀ ਨਾਲ ਸਬੰਧਿਤ ਫਰੀ ਪੁਸਤਕਾਂ ਵੀ ਵੰਡੀਆਂ ਗਈਆਂ।
ਇਸ ਮੌਕੇ ਭਾਈ ਸੁਰਿੰਦਰਪਾਲ ਸਿੰਘ ਸਮਾਣਾ ਇੰਚਾਰਜ ਸਿੱਖ ਮਿਸ਼ਨ ਦਿੱਲੀ, ਭਾਈ ਸਿਮਰਨਜੀਤ ਸਿੰਘ, ਭਾਈ ਜੀਵਨਜੀਤ ਸਿੰਘ, ਭਾਈ ਪ੍ਰਗਟ ਸਿੰਘ, ਭਾਈ ਜਗਦੀਪ ਸਿੰਘ ਆਦਿ ਹਾਜ਼ਰ ਸਨ।