ਅੰਮ੍ਰਿਤਸਰ 27 ਮਈ ( ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੋਸ਼ਲ ਸਾਈਟ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨ ਵਾਂਗ ਧਾਰਮਿਕ ਪ੍ਰੰਪਰਾਵਾਂ ਨਿਭਾਉਣ ਦੀ ਨਕਲ ਕਰਕੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕਿਸੇ ਹੋਰ ਚੀਜ਼ ਨੂੰ ਰੱਖ ਕੇ ਕੀਤੇ ਮਜ਼ਾਕ ਭਰੇ ਲਹਿਜੇ ਵਿੱਚ ਅਰਦਾਸ ਕਰਨ ਵਾਲੀ ਘਟਨਾ ਦੀ ਸਖਤ ਨਿਖੇਧੀ ਕਰਦਿਆਂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸ਼ਰਾਰਤੀ ਅਨਸਰਾਂ ਦਾ ਪਤਾ ਲਗਾ ਕੇ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।
ਇਥੋਂ ਜਾਰੀ ਪ੍ਰੈਸ ਬਿਆਨ ‘ਚ ਉਨ੍ਹਾਂ ਕਿਹਾ ਕਿ ਵੱਟਸ-ਐਪ ਤੇ ਫੇਸਬੁੱਕ ਵਰਗੀਆਂ ਸੋਸ਼ਲ ਸਾਈਟਾਂ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਮਜ਼ਾਕ ਉਡਾਉਣ ਨਾਲ ਪੂਰੇ ਵਿਸ਼ਵ ਵਿੱਚ ਸਿੱਖ ਭਾਈਚਾਰੇ ਦੇ ਹਿਰਦਿਆਂ ਨੂੰ ਭਾਰੀ ਠੇਸ ਪਹੁੰਚੀ ਹੈ।ਉਨ੍ਹਾਂ ਕਿਹਾ ਕਿ ਸਿੱਖ ਹਰੇਕ ਧਰਮ ਦਾ ਦਿਲੋਂ ਸਤਿਕਾਰ ਕਰਦੇ ਹਨ, ਪਰ ਜੇਕਰ ਕੋਈ ਸਿੱਖ ਧਰਮ ਖਿਲਾਫ ਘਿਨੌਣੀ ਹਰਕਤ ਕਰੇ ਤਾਂ ਉਹ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨ੍ਹਾਂ ਪ੍ਰਸ਼ਾਸਨ ਨੂੰ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਅਨਸਰਾਂ ਦਾ ਕੋਈ ਧਰਮ ਨਹੀਂ ਹੁੰਦਾ ਇਸ ਲਈ ਇਨ੍ਹਾਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ ਤਾਂ ਕਿ ਅੱਗੇ ਤੋਂ ਧਰਮ ਦੇ ਨਾਮ ‘ਤੇ ਹੁੰਦੀਆਂ ਅਜਿਹੀਆਂ ਘਿਨਾਉਣੀਆਂ ਤੇ ਨਾ-ਬਰਦਾਸ਼ਤਯੋਗ ਘਟਨਾਵਾਂ ਨੂੰ ਰੋਕਿਆ ਜਾ ਸਕੇ।