ਕੇਂਦਰੀ ਸਿੱਖ ਅਜਾਇਬ ਘਰ ‘ਚ ਸੁਸ਼ੋਭਿਤ ਕੀਤੀਆਂ ਸ਼ਹੀਦਾਂ ਦੀਆਂ ਤਸਵੀਰਾਂ

ਅੰਮ੍ਰਿਤਸਰ 18 ਅਪ੍ਰੈਲ (          ) –  ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ‘ਚ ਹੋਏ ਫੈਸਲੇ ਅਨੁਸਾਰ ੪ ਫਰਵਰੀ ੧੯੮੬ ਵਿੱਚ ਗੁਰਦੁਆਰਾ ਸ੍ਰੀ ਗੁਰੂ ਨਾਨਕਪੁਰਾ ਨਕੋਦਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਲੈ ਕੇ ਰੋਸ ਪ੍ਰਗਟ ਕਰਦੇ ਸਮੇਂ ਸ਼ਹੀਦ ਹੋਏ ਚਾਰ ਸਿੱਖ ਨੌਜਵਾਨਾਂ ਭਾਈ ਰਵਿੰਦਰ ਸਿੰਘ ਲਿੱਤਰਾਂ, ਭਾਈ ਹਰਮਿੰਦਰ ਸਿੰਘ ਸ਼ਾਮ ਚੁਰਾਸੀ, ਭਾਈ ਬਲਧੀਰ ਸਿੰਘ ਫ਼ੌਜੀ ਰਾਮਗੜ੍ਹ ਤੇ ਭਾਈ ਝਿਲਮਣ ਸਿੰਘ ਰਾਜੇਵਾਲ ਗੋਰਸੀਆਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ‘ਚ ਸੁਸ਼ੋਭਿਤ ਕੀਤੀਆਂ।ਇਸ ਤੋਂ ਪਹਿਲਾਂ ਭਾਈ ਸੁਖਬੀਰ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਵੈਰਾਗਮਈ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਤੇ ਅਰਦਾਸ ਭਾਈ ਗੁਰਚਰਨ ਸਿੰਘ ਅਰਦਾਸੀਏ ਨੇ ਕੀਤੀ।
ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸਿੱਖ ਇਤਿਹਾਸ, ਵਿਰਾਸਤ ਤੇ ਪ੍ਰੰਪਰਾਵਾਂ ਦੀ ਸਾਂਭ-ਸੰਭਾਲ ਕਰਨਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੁੱਢਲਾ ਫਰਜ਼ ਹੈ।ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਤੇ ਗੁਰੂ ਪੰਥ ਦੀ ਸ਼ਾਨ ਨੂੰ ਬਹਾਲ ਰੱਖਣ ਲਈ ਨਕੋਦਰ ਸਾਕੇ ‘ਚ ਸ਼ਹੀਦ ਹੋਏ ਚਾਰ ਸਿੱਖ ਨੌਜਵਾਨਾਂ ਦੀ ਅਦੁੱਤੀ ਕੁਰਬਾਨੀ ਤੋਂ ਸਮੁੱਚੀ ਕੌਮ ਨੂੰ ਪ੍ਰੇਰਨਾ ਲੈਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਸਿੱਖ ਕੌਮ ਹਮੇਸ਼ਾ ਹੀ ਹੱਕ-ਸੱਚ ਅਤੇ ਧਰਮ ਦੀ ਖਾਤਰ ਜਾਨਾਂ ਕੁਰਬਾਨ ਕਰਦੀ ਆਈ ਹੈ ਅਤੇ ਇਸੇ ਪ੍ਰਸੰਗ ਵਿੱਚ ਹੀ ਨਕੋਦਰ ਸਾਕੇ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਵੇਖਿਆ ਜਾ ਸਕਦਾ ਹੈ।ਪ੍ਰੋ. ਬਡੂੰਗਰ ਨੇ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ‘ਚ ਅਜਿਹੀਆਂ ਮਹਾਨ ਸ਼ਖਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਜਾਂਦੀਆਂ ਹਨ, ਜਿਨ੍ਹਾਂ ਆਪਣੇ ਜੀਵਨ ਕਾਲ ‘ਚ ਸੁੱਚਜੇ ਕਾਰਜ ਕੀਤੇ ਹੋਣ ਤੇ ਜੋ ਦੂਸਰਿਆਂ ਲਈ ਮਾਰਗ ਦਰਸ਼ਨ ਬਣਨ।ਪ੍ਰੋ. ਬਡੂੰਗਰ ਨੇ ਕਿਹਾ ਕਿ ਮਾਪਿਆਂ ਵੱਲੋਂ ਮਿਲੀ ਸਿੱਖਿਆ ‘ਤੇ ਚੱਲ ਕੇ ਸਿੱਖ ਪੰਥ ਦੇ ਹਿੱਤਾਂ ਲਈ ਵਿਲੱਖਣਤਾ ਦਾ ਸਬੂਤ ਦੇਣ ਵਾਲੇ ਸੂਰਬੀਰ ਯੋਧਿਆਂ ਨੂੰ ਕੌਮ ਹਮੇਸ਼ਾ ਯਾਦ ਕਰਦੀ ਰਹੇਗੀ।ਉਪਰੰਤ ਪ੍ਰੋ. ਬਡੂੰਗਰ ਨੇ ਸ਼ਹੀਦ ਹੋਏ ਸਿੱਖ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਅਮਰਜੀਤ ਸਿੰਘ ਚਾਵਲਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੌਮ ਲਈ ਸ਼ਹੀਦ ਹੋਣ ਵਾਲੇ ਸੂਰਬੀਰਾਂ ਦੀ ਯਾਦ ਨੂੰ ਸਦੀਵੀਂ ਰੱਖਣ ਲਈ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਤਸਵੀਰਾਂ ਸੁਸ਼ੋਭਿਤ ਕਰਕੇ ਬਣਦਾ ਮਾਣ ਸਨਮਾਨ ਦੇਣਾ ਸ਼ਲਾਘਾਯੋਗ ਉਪਰਾਲਾ ਹੈ ਜਿਸ ਤੋਂ ਆਉਣ ਵਾਲੀਆਂ ਪੀੜ੍ਹੀਆਂ ਸੇਧ ਲੈਣਗੀਆਂ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਰਾਮ ਸਿੰਘ ਅੰਤ੍ਰਿੰਗ ਕਮੇਟੀ ਮੈਂਬਰ, ਭਾਈ ਮਨਜੀਤ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਭਾਈ ਅਜਾਇਬ ਸਿੰਘ ਅਭਿਆਸੀ ਮੈਂਬਰ ਧਰਮ ਪ੍ਰਚਾਰ ਕਮੇਟੀ, ਸ. ਹਰਚਰਨ ਸਿੰਘ ਮੁੱਖ ਸਕੱਤਰ, ਡਾ. ਰੂਪ ਸਿੰਘ ਸਕੱਤਰ, ਸ. ਸੁਖਦੇਵ ਸਿੰਘ ਭੂਰਾਕੋਹਨਾ ਨਿੱਜੀ ਸਕੱਤਰ, ਸ. ਹਰਭਜਨ ਸਿੰਘ ਮਨਾਵਾਂ, ਡਾ. ਪਰਮਜੀਤ ਸਿੰਘ ਸਰੋਆ, ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਬਿਜੈ ਸਿੰਘ ਤੇ ਸ. ਮਹਿੰਦਰ ਸਿੰਘ ਆਹਲੀ ਵਧੀਕ ਸਕੱਤਰ, ਸ. ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਕੁਲਵਿੰਦਰ ਸਿੰਘ ‘ਰਮਦਾਸ’, ਸ. ਸਕੱਤਰ ਸਿੰਘ, ਸ. ਹਰਜਿੰਦਰ ਸਿੰਘ ਤੇ ਸ. ਬਲਵਿੰਦਰ ਸਿੰਘ ਕਾਹਲਵਾਂ ਮੀਤ ਸਕੱਤਰ, ਸ. ਇਕਬਾਲ ਸਿੰਘ ਮੁਖੀ ਵਧੀਕ ਮੈਨੇਜਰ, ਸ. ਗੁਰਿੰਦਰਪਾਲ ਸਿੰਘ ਆਰਟਿਸਟ, ਸ. ਹਰਪਾਲ ਸਿੰਘ ਚੀਮਾ ਤੇ ਸ. ਕੰਵਰਪਾਲ ਸਿੰਘ ਤੋਂ ਇਲਾਵਾ ਸ਼ਹੀਦ ਸਿੱਖ ਨੌਜਵਾਨਾਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।