ਅੰਮ੍ਰਿਤਸਰ, 22 ਨਵੰਬਰ- ਹਿੰਦ ਦੀ ਚਾਦਰ, ਧਰਮ ਤੇ ਮਜ਼ਲੂਮਾਂ ਦੇ ਰੱਖਿਅਕ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਗਿਆ। ਇਹ ਨਗਰ ਕੀਰਤਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋ ਕੇ ਗੁਰਦੁਆਰਾ ਸਾਹਿਬ ਗੁਰੂ ਕੇ ਮਹਿਲ ਵਿਖੇ ਸੰਪੰਨ ਹੋਇਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਸੁਨਹਿਰੀ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ।ਪਰੰਪਰਾ ਅਨੁਸਾਰ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਨਗਰ ਕੀਰਤਨ ਦੀ ਆਰੰਭਤਾ ਸਮੇਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੀ ਉਚੇਚੇ ਤੌਰ ‘ਤੇ ਸ਼ਾਮਲ ਹੋਏ। ਇਸ ਮੌਕੇ ਦੇਸ਼-ਵਿਦੇਸ਼ਾਂ ਤੋਂ ਪੁੱਜੀਆਂ ਸੰਗਤਾਂ ਦੀ ਸੇਵਾ ਲਈ ਸਥਾਨਕ ਸਭਾ ਸੁਸਾਇਟੀਆਂ ਤੇ ਸੰਗਤਾਂ ਵੱਲੋਂ ਥਾਂ-ਥਾਂ ਲੰਗਰ ਲਗਾਏ ਗਏ। ਇਸ ਮੌਕੇ ਨਗਰ ਕੀਰਤਨ ਵਿਚ ਸਕੂਲੀ ਬੱਚਿਆਂ, ਗੱਤਕਾ ਪਾਰਟੀਆਂ ਅਤੇ ਸੰਗਤਾਂ ਨੇ ਸ਼ਰਧਾ ਸਹਿਤ ਸ਼ਮੂਲੀਅਤ ਕੀਤੀ।
ਇਹ ਨਗਰ ਕੀਰਤਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋ ਕੇ ਚੌਂਕ ਪ੍ਰਾਗਦਾਸ, ਚੌਂਕ ਬਾਬਾ ਸਾਹਿਬ, ਚੌਂਕ ਕਰੋੜੀ, ਬਾਬਾ ਦੀਪ ਸਿੰਘ ਕਾਲੋਨੀ, ਚੌਂਕ ਮੋਨੀ, ਹਵੇਲੀ ਅਬਲਵਾਈਆ, ਚੌਂਕ ਜੈ ਸਿੰਘ, ਬਾਜ਼ਾਰ ਲੁਹਾਰਾਂ, ਚੌਂਕ ਲਛਮਣਸਰ, ਕਣਕ ਮੰਡੀ, ਦਾਲ ਮੰਡੀ, ਚਾਵਲ ਮੰਡੀ, ਚੌਂਕ ਭਾਈ ਮਤੀ ਦਾਸ, ਚੌਂਕ ਛੱਤੀ ਖੂਹੀ, ਬਾਜ਼ਾਰ ਬਾਂਸਾਂ, ਬਾਜ਼ਾਰ ਪਾਪੜਾਂ, ਬਾਜ਼ਾਰ ਕਾਠੀਆਂ, ਦਰਸ਼ਨੀ ਡਿਉਢੀ, ਗੁਰੂ ਬਾਜ਼ਾਰ ਤੋਂ ਹੁੰਦਾ ਹੋਇਆ ਇਤਿਹਾਸਕ ਗੁਰਦੁਆਰਾ ਸਾਹਿਬ ਗੁਰੂ ਕੇ ਮਹਿਲ ਵਿਖੇ ਸੰਪੂਰਨ ਹੋਇਆ।
ਇਸ ਮੌਕੇ ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਕਾਲਾਬੂਲਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ ਤੇ ਸ. ਹਰਭਜਨ ਸਿੰਘ ਮਨਾਵਾਂ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸ. ਦਿਲਜੀਤ ਸਿੰਘ ਬੇਦੀ, ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਸ. ਗੁਰਿੰਦਰ ਸਿੰਘ ਮਥਰੇਵਾਲ ਤੇ ਸ. ਰਘਬੀਰ ਸਿੰਘ ਮੰਡ, ਸੁਪ੍ਰਿੰਟੈਂਡੈਂਟ ਸ. ਸਤਨਾਮ ਸਿੰਘ, ਸ. ਕਰਨਜੀਤ ਸਿੰਘ ਤੇ ਸ. ਸੁਖਦੇਵ ਸਿੰਘ ਇੰਚਾਰਜ, ਐਡੀਸ਼ਨਲ ਮੈਨੇਜਰ ਸ. ਸੁਖਬੀਰ ਸਿੰਘ, ਸ. ਰਾਜਿੰਦਰ ਸਿੰਘ ਅਟਾਰੀ, ਸ. ਸੁਖਰਾਜ ਸਿੰਘ, ਸ. ਨਰਿੰਦਰ ਸਿੰਘ, ਸ. ਹਰਜਿੰਦਰ ਸਿੰਘ ਤੇ ਸ. ਬਘੇਲ ਸਿੰਘ, ਸ/ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।