ਅੰਮ੍ਰਿਤਸਰ, 16 ਜਨਵਰੀ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਬੀਤੇ ਦਿਨੀਂ ਬਿਹਾਰ ਦੀ ਰਾਜਧਾਨੀ ਪਟਨਾ ਸਾਹਿਬ ਵਿਖੇ ਗੰਗਾ ਨਦੀ ਵਿਚ ਇਕ ਕਿਸ਼ਤੀ ਪਲਟਣ ਨਾਲ ੨੪ ਵਿਅਕਤੀਆਂ ਦੀ ਹੋਈ ਬੇਵਕਤੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਇਸ ਦਰਦਨਾਕ ਹਾਦਸੇ ਵਿਚ ਡੁੱਬ ਕੇ ਮਰਨ ਵਾਲੇ ਅਤੇ ਲਾਪਤਾ ਹੋਏ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਦਿਲੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉਨ੍ਹਾਂ ਦੇ ਨਾਲ ਪੂਰੀ ਤਰ੍ਹਾਂ ਖੜ੍ਹੀ ਹੈ।

ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਇਸ ਹਾਦਸੇ ਵਿਚ ਮਰਨ ਵਾਲੇ ਵਿਅਕਤੀਆਂ ਦੀ ਆਤਮਿਕ ਸ਼ਾਂਤੀ ਲਈ ਜਿਥੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ, ਉਥੇ ਨਾਲ ਹੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਪ੍ਰਮਾਤਮਾ ਦਾ ਭਾਣਾ ਮੰਨਣ ਲਈ ਵੀ ਕਿਹਾ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤਿਸ਼ ਕੁਮਾਰ ਨਾਲ ਵੀ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ੍ਰੀ ਪਟਨਾ ਸਾਹਿਬ ਵਿਖੇ ਮਨਾਏ ਗਏ 350ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਫਲ ਕਰਨ ਹਿਤ ਜੋ ਭੂਮਿਕਾ ਬਿਹਾਰ ਸਰਕਾਰ ਅਤੇ ਉਥੋਂ ਦੇ ਨਿਵਾਸੀਆਂ ਨੇ ਨਿਭਾਈ ਉਹ ਆਪਣੇ ਆਪ ਵਿਚ ਇਕ ਮਿਸਾਲੀ ਕਾਰਜ ਸੀ। ਜਿਸ ਸਦਕਾ ਸਿੱਖ ਸੰਗਤ ਤੇ ਬਿਹਾਰ ਨਿਵਾਸੀਆਂ ਦੀ ਆਪਸੀ ਸਾਂਝ ਹੋਰ ਪ੍ਰਪੱਕ ਹੋਈ ਹੈ। ਇਸ ਲਈ ਸਮੁੱਚਾ ਸਿੱਖ ਭਾਈਚਾਰਾ ਦਰਦਨਾਕ ਕਿਸ਼ਤੀ ਹਾਦਸੇ ਵਿਚ ਡੁੱਬ ਕੇ ਮਰਨ ਵਾਲੇ ਅਤੇ ਲਾਪਤਾ ਹੋਏ ਵਿਅਕਤੀਆਂ ਪ੍ਰਤੀ ਹਮਦਰਦੀ ਰੱਖਦਾ ਹੈ।