ਅੰਮ੍ਰਿਤਸਰ, 15 ਮਾਰਚ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਵਰਤੇ ਜਾਂਦੇ ਪਲਾਸਟਿਕ ਦੇ ਲਿਫ਼ਾਫ਼ੇ ਪਹਿਲੀ ਅਪ੍ਰੈਲ ਤੋਂ ਬੰਦ ਹੋ ਜਾਣਗੇ ਅਤੇ ਇਨ੍ਹਾਂ ਦੀ ਥਾਂ ‘ਤੇ ਮੱਕੀ ਅਤੇ ਆਲੂਆਂ ਤੋਂ ਬਣੇ ਹੋਏ ਲਿਫ਼ਾਫ਼ਿਆਂ ਦੀ ਵਰਤੋਂ ਹੋਵੇਗੀ। ਇਸ ਸਬੰਧ ਵਿਚ ਪੰਜਾਬ ਪ੍ਰਦੂਸ਼ਣ ਕੇਂਦਰ ਕੰਟਰੋਲ ਬੋਰਡ ਦੇ ਚੇਅਰਮੈਨ ਸ. ਕਾਹਨ ਸਿੰਘ ਪੰਨੂ ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਸਮੇਤ ਹੋਰ ਅਧਿਕਾਰੀਆਂ ਨਾਲ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਮੀਟਿੰਗ ਕੀਤੀ। ਸ. ਕਾਹਨ ਸਿੰਘ ਪੰਨੂ ਨੇ ਇਸ ਮੌਕੇ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸੂਬੇ ਅੰਦਰ ਪ੍ਰਦੂਸ਼ਣ ਦੇ ਖ਼ਾਤਮੇ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਦੀ ਤਾਜ਼ਾ ਕੋਸ਼ਿਸ਼ ਪੰਜਾਬ ਵਿੱਚੋਂ ਪਲਾਸਟਿਕ ਦੇ ਲਿਫ਼ਾਫ਼ੇ ਖ਼ਤਮ ਕਰਨ ਦੀ ਹੈ। ਉਨ੍ਹਾਂ ਕਿਹਾ ਕਿ ਲਿਫ਼ਾਫ਼ਿਆਂ ਦੀ ਲੋੜ ਨੂੰ ਨਕਾਰਿਆਂ ਨਹੀਂ ਜਾ ਸਕਦਾ, ਪਰ ਇਸ ਦੀ ਥਾਂ ‘ਤੇ ਹੋਰ ਬਦਲ ਨੂੰ ਵੀ ਰੱਦ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਦੱਸਿਆ ਕਿ ਪਲਾਸਟਿਕ ਦੀ ਥਾਂ ‘ਤੇ ਆਲੂ ਅਤੇ ਮੱਕੀ ਤੋਂ ਤਿਆਰ ਕੀਤੇ ਗਏ ਗਲਣਸ਼ੀਲ ਲਿਫ਼ਾਫ਼ੇ ਇਕ ਚੰਗਾ ਬਦਲ ਹਨ। ਇਨ੍ਹਾਂ ਲਿਫ਼ਾਫ਼ਿਆਂ ਨੂੰ ਤਿਆਰ ਕਰਨ ਲਈ ਚਾਰ ਫ਼ਰਮਾਂ ਨਾਲ ਗੱਲ ਕੀਤੀ ਜਾ ਚੁੱਕੀ ਹੈ ਅਤੇ ਅਗਲੇ ਸਮੇਂ ਇਸ ਵਿਚ ਹੋਰ ਵਾਧਾ ਕੀਤਾ ਜਾਵੇਗਾ। ਗਲਣਸ਼ੀਲ ਲਿਫ਼ਾਫ਼ਿਆਂ ਦੀ ਸ਼ੁਰੂਆਤ ਗੁਰੂ ਨਗਰੀ ਅੰਮ੍ਰਿਤਸਰ ਤੋਂ ਇਕ ਅਪ੍ਰੈਲ ਨੂੰ ਕੀਤੀ ਜਾਵੇਗੀ ਅਤੇ ਸਭ ਤੋਂ ਪਹਿਲਾਂ ਇਨ੍ਹਾਂ ਦੀ ਵਰਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਵੇਗੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਪ੍ਰਦੂਸ਼ਣ ਦੇ ਖ਼ਾਤਮੇ ਲਈ ਸ਼੍ਰੋਮਣੀ ਕਮੇਟੀ ਪਹਿਲਾਂ ਵੀ ਨਿਰੰਤਰ ਯਤਨਸ਼ੀਲ ਹੈ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਪਲਾਸਟਿਕ ਦੇ ਲਿਫ਼ਾਫ਼ਿਆਂ ਨੂੰ ਖ਼ਤਮ ਕਰਨ ਦੀ ਮੁਹਿੰੰਮ ਦਾ ਜ਼ੋਰਦਾਰ ਢੰਗ ਨਾਲ ਸਾਥ ਦਿੱਤਾ ਜਾਵੇਗਾ। ਗੁਰੂ ਘਰਾਂ ਅੰਦਰ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਥਾਂ ਗਲਣਸ਼ੀਲ ਲਿਫ਼ਾਫ਼ੇ ਲਾਗੂ ਕਰਨ ਲਈ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਹੋਈ ਅੰਤ੍ਰਿੰਗ ਕਮੇਟੀ ਦੀ ਪਿਛਲੀ ਮੀਟਿੰਗ ਵਿਚ ਪ੍ਰਵਾਨਗੀ ਦੇ ਦਿੱਤੀ ਗਈ ਹੈ। ਡਾ. ਰੂਪ ਸਿੰਘ ਨੇ ਇਸ ਕਾਰਜ ਨੂੰ ਲੋਕਾਂ ਦੇ ਭਲੇ ਵਿਚ ਦੱਸਦਿਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿਚ ਵੀ ਪਲਾਸਟਿਕ ਦੀ ਵਰਤੋਂ ਬੰਦ ਕਰਨ ਲਈ ਅੱਗੇ ਆਉਣ। ਮੁੱਖ ਸਕੱਤਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ੨੦੦ ਕੁਇੰਟਲ ਸਾਲਾਨਾ ਦੇ ਕਰੀਬ ਲਿਫ਼ਾਫ਼ਿਆਂ ਦੀ ਵਰਤੋਂ ਹੁੰਦੀ ਹੈ ਅਤੇ ਇਸ ਤੋਂ ਇਲਾਵਾ ਪਿੰਨੀ ਪ੍ਰਸ਼ਾਦ ਦੀ ਪੈਕਿੰਗ ਲਈ ਵੀ ੬੫ ਕੁਇੰਟਲ ਦੇ ਲਗਪਗ ਲਿਫ਼ਾਫ਼ੇ ਵਰਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਅੱਜ ਇਕ ਵੱਡੀ ਸਮੱਸਿਆ ਵਜੋਂ ਸਾਹਮਣੇ ਹੈ ਅਤੇ ਇਸ ਦੀ ਮਾਰ ਨੂੰ ਘਟਾਉਣ ਲਈ ਸ਼੍ਰੋਮਣੀ ਕਮੇਟੀ ਸੁਚੇਤ ਉਪਰਾਲੇ ਕਰ ਰਹੀ ਹੈ। ਇਸੇ ਤਹਿਤ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਆਪਣੇ ਖਰਚੇ ‘ਤੇ ਸ਼੍ਰੋਮਣੀ ਕਮੇਟੀ ਵੱਲੋਂ ੬੬ਕੇ.ਵੀ. ਪਾਵਰ ਹਾਊਸ ਸਬ-ਸਟੇਸ਼ਨ ਮੁਕੰਮਲ ਹੋਣ ਨੇੜੇ ਹੈ ਅਤੇ ਇਸ ਦੇ ਚਾਲੂ ਹੋਣ ਨਾਲ ੨੪ ਘੰਟੇ ਨਿਰਵਿਘਨ ਬਿਜਲੀ ਮਿਲੇਗੀ। ਇਸ ਨਾਲ ਜਨਰੇਟਰ ਦੀ ਵਰਤੋਂ ਕਾਰਨ ਪੈਦਾ ਹੋ ਰਹੇ ਪ੍ਰਦੂਸ਼ਣ ਨੂੰ ਵੀ ਯਕੀਨਨ ਠੱਲ੍ਹ ਪਵੇਗੀ। ਇਸ ਮੌਕੇ ਪੱਤਰਕਾਰਾਂ ਵੱਲੋਂ ਕੀਤੇ ਇਕ ਸਵਾਲ ਦਾ ਜਵਾਬ ਦਿੰਦਿਆਂ ਡਾ. ਰੂਪ ਸਿੰਘ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਇਜਾਜ਼ਤ ਦੇਵੇ ਤਾਂ ਸ਼੍ਰੋਮਣੀ ਕਮੇਟੀ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਵਿਰਾਸਤੀ ਮਾਰਗ ‘ਤੇ ਬੂਟੇ ਲਗਾਉਣ ਦੀ ਸੇਵਾ ਕਰ ਸਕਦੀ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾਂ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਹਾਇਕ ਸ. ਜਗਜੀਤ ਸਿੰਘ ਜੱਗੀ, ਸ. ਸੁਲੱਖਣ ਸਿੰਘ ਭੰਗਾਲੀ ਮੈਨੇਜਰ, ਸ. ਸੁਖਮਿੰਦਰ ਸਿੰਘ ਐਕਸੀਅਨ, ਸ. ਲਖਬੀਰ ਸਿੰਘ ਵਧੀਕ ਮੈਨੇਜਰ, ਸ. ਗੁਰਿੰਦਰ ਸਿੰਘ ਮਜੀਠੀਆ ਚੀਫ਼ ਇੰਜੀਨੀਅਰ ਪ੍ਰਦੂਸ਼ਣ ਕੰਟਰੋਲ ਬੋਰਡ, ਸ. ਹਰਦੀਪ ਸਿੰਘ ਸੀਨੀਅਰ ਵਾਤਾਵਰਣ ਇੰਜੀਨੀਅਰ, ਸ. ਕਮਲਜੀਤ ਸਿੰਘ ਐਸ.ਡੀ.ਓ. ਸਮੇਤ ਹੋਰ ਮੌਜੂਦ ਸਨ।