ਪ੍ਰਚਾਰਕਾਂ ਦੀ ਇਕੱਤਰਤਾ ਦੌਰਾਨ ੨੧ ਜਨਵਰੀ ਤੋਂ ਸਰਗਰਮ ਧਰਮ ਪ੍ਰਚਾਰ ਲਹਿਰ ਵਿੱਢਣ ਦਾ ਫੈਸਲਾ

ਸ੍ਰੀ ਅਨੰਦਪੁਰ ਸਾਹਿਬ, 10 ਜਨਵਰੀ-ਅੱਜ ਇਥੇ ਖ਼ਾਲਸੇ ਦੇ ਪ੍ਰਗਟ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪ੍ਰਚਾਰਕਾਂ, ਢਾਡੀ, ਕਵੀਸ਼ਰਾਂ ਅਤੇ ਧਾਰਮਿਕ ਅਧਿਆਪਕਾਂ ਨਾਲ ਧਰਮ ਪ੍ਰਚਾਰ ਸੰਬਧੀ ਕੀਤੀ ਗਈ ਅਹਿਮ ਇਕੱਤਰਤਾ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵਰਤਮਾਨ ਸਮੇਂ ਦੇ ਪ੍ਰਸੰਗ ਵਿਚ ਧਰਮ ਪ੍ਰਚਾਰ ਲਹਿਰ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਪ੍ਰਚਾਰਕ ਸ਼੍ਰੇਣੀ ਨੂੰ ਰਵਾਇਤੀ ਪ੍ਰਚਾਰ ਤਰੀਕਿਆਂ ਵਿਚ ਤਬਦੀਲੀ ਕਰਨ ਅਤੇ ਜ਼ਮੀਨੀ ਪੱਧਰ ਤੇ ਸੰਗਤਾਂ ਨਾਲ ਰਾਬਤਾ ਬਣਾ ਕੇ ਸੰਵਾਦ ਰਚਾਉਣ ਦੀ ਲੋੜ ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪ੍ਰਚਾਰਕ ਸ਼੍ਰੇਣੀ ਦਾ ਵਡਮੁੱਲਾ ਯੋਗਦਾਨ ਹੈ ਅਤੇ ਪ੍ਰਚਾਰਕਾਂ ਨੂੰ ਵੀ ਹਰ ਵਿਸ਼ੇ ‘ਤੇ ਮੁਕੰਮਲ ਗਿਆਨ ਪ੍ਰਾਪਤ ਕਰਕੇ ਹੀ ਸੰਗਤਾਂ ਤੱਕ ਪਹੁੰਚ ਕਰਨੀ ਚਾਹੀਦੀ ਹੈ, ਤਾਂ ਜੋ ਪ੍ਰਚਾਰ ਖੇਤਰ ਵਿਚ ਵਿਚਰਦਿਆਂ ਸਾਹਮਣੇ ਆਉਂਦੇ ਸਵਾਲਾਂ ਦਾ ਜਵਾਬ ਗੁਰਮਤਿ ਜੁਗਤ ਅਨੁਸਾਰ ਦਿੱਤਾ ਜਾ ਸਕੇ।
ਇਸ ਮੌਕੇ ਭਾਈ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ ਪ੍ਰਚੰਡ ਕਰਨ ਲਈ ਤਿਆਰ ਕੀਤੇ ਗਏ ਨਵੇਂ ਪ੍ਰੋਗਰਾਮ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਵਰ੍ਹੇ ਧਰਮ ਪ੍ਰਚਾਰ ਲਹਿਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਹੇਗੀ। ਇਸ ਲਹਿਰ ਦੀ ਆਰੰਭਤਾ ੨੧ ਜਨਵਰੀ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਹੋਵੇਗੀ ਅਤੇ ੨੮ ਜਨਵਰੀ ਨੂੰ ਸ੍ਰੀ ਅੰਮ੍ਰਿਤਸਰ, ੧੧ ਫਰਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਲਹਿਰ ਨੂੰ ਚਾਰ ਜੋਨਾਂ ਵਿਚ ਵੰਡ ਕੇ ਮਾਝਾ ਖੇਤਰ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ, ਮਾਲਵਾ ਖੇਤਰ ਵਿਚ ਤਖ਼ਤ ਸ੍ਰੀ ਦਮਦਮਾ ਸਾਹਿਬ, ਦੁਆਬਾ ਖੇਤਰ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਹਰਿਆਣਾ ਰਾਜ ਅੰਦਰ ਕੁਰਕੂਸ਼ੇਤਰ ਵਿਖੇ ਧਰਮ ਪ੍ਰਚਾਰ ਕੇਂਦਰ ਬਣਾਏ ਗਏ ਹਨ। ਹਰੇਕ ਜੋਨ ਵਿਚ ੨੦ ਪ੍ਰਚਾਰਕ ਜਥੇ ਸੰਗਤਾਂ ਤੱਕ ਪਹੁੰਚ ਕਰਨਗੇ ਅਤੇ ਹਰੇਕ ਜਥੇ ਵਿਚ ੨ ਪ੍ਰਚਾਰਕ, ੧ ਢਾਡੀ ਜਥਾ, ੧ ਕਵੀਸ਼ਰੀ ਜਥਾ ਅਤੇ ਇੱਕ ਧਾਰਮਿਕ ਅਧਿਆਪਕ ਸੇਵਾ ਨਿਭਾਵੇਗਾ। ਸਮੁੱਚੀ ਪ੍ਰਚਾਰ ਲਹਿਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰਾਂ ਦੀ ਦੇਖ-ਰੇਖ ਹੇਠ ਕਾਰਜਸ਼ੀਲ ਰਹੇਗੀ। ਉਨ੍ਹਾਂ ਕਿਹਾ ਕਿ ਸੰਗਤਾਂ ਤੱਕ ਪਹੁੰਚ ਕਰਨ ਦੇ ਨਾਲ-ਨਾਲ ਸਕੂਲਾਂ ਨੂੰ ਵੀ ਪ੍ਰਚਾਰ ਖੇਤਰ ਬਣਾਇਆ ਜਾਵੇਗਾ ਅਤੇ ਸ਼੍ਰੋਮਣੀ ਕਮੇਟੀ ਦੇ ਸਕੂਲਾਂ ਤੋਂ ਇਲਾਵਾ ਹੋਰਨਾਂ ਵਿਦਿਅਕ ਅਦਾਰਿਆਂ ਵਿਚ ਵੀ ਧਾਰਮਿਕ ਅਧਿਆਪਕਾਂ ਵੱਲੋਂ ਪਹੁੰਚ ਕੀਤੀ ਜਾਵੇਗੀ। ਭਾਈ ਲੌਂਗੋਵਾਲ ਨੇ ਇਹ ਵੀ ਕਿਹਾ ਕਿ ਬਣਾਏ ਗਏ ਜੋਨਾਂ ਦੇ ਮੁੱਖ ਕੇਂਦਰਾਂ ਵਿਖੇ ਹਰ ਐਤਵਾਰ ਨੂੰ ਹਫ਼ਤਾਵਾਰੀ ਸਮਾਗਮ ਕੀਤੇ ਜਾਣਗੇ, ਜਿਨ੍ਹਾਂ ਵਿਚ ਰਾਗੀ, ਢਾਡੀ, ਪ੍ਰਚਾਰਕ, ਕਵੀਸ਼ਰ ਆਦਿ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਸਾਝੀਆਂ ਕਰਨਗੇ। ਹਫ਼ਤਾਵਾਰੀ ਸਮਾਗਮ ਤਖ਼ਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ ਦੀ ਅਗਵਾਈ ਵਿਚ ਹੋਣਗੇ।
ਇਸ ਦੌਰਾਨ ਸੰਬੋਧਨ ਕਰਦਿਆਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਮਤਿ ਦੇ ਪ੍ਰਚਾਰ ਪ੍ਰਸਾਰ ਲਈ ਆਰੰਭ ਕੀਤੀ ਜਾਣ ਵਾਲੀ ਲਹਿਰ ਨੂੰ ਸਮੇਂ ਦੀ ਲੋੜ ਦੱਸਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂੰ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਤੇਜਿੰਦਰਪਾਲ ਸਿੰਘ ਢਿੱਲੋਂ, ਸ. ਮਨਜੀਤ ਸਿੰਘ ਬੱਪੀਆਣਾ, ਸ. ਪ੍ਰਿਤਪਾਲ ਸਿੰਘ, ਬੀਬੀ ਰਣਜੀਤ ਕੌਰ, ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਵੀ ਸੰਬੋਧਨ ਕੀਤਾ। ਇਸ ਤੋਂ ਇਲਾਵਾ ਪ੍ਰਚਾਰਕ, ਕਵੀਸ਼ਰ ਤੇ ਢਾਡੀ ਜਥਿਆਂ ਨੇ ਵੀ ਵਿਚਾਰ ਸਾਂਝੇ ਕੀਤੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸ. ਦਲਜੀਤ ਸਿੰਘ ਭਿੰਡਰ, ਬੀਬੀ ਰਣਜੀਤ ਕੌਰ ਮਾਹਿਲਪੁਰ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਪ੍ਰਿਤਪਾਲ ਸਿੰਘ, ਸ. ਸੁਖਵਰਸ਼ ਸਿੰਘ ਪੰਨੂੰ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਤਜਿੰਦਰ ਸਿੰਘ ਢਿੱਲੋਂ, ਸ. ਮਨਜੀਤ ਸਿੰਘ ਬੱਪੀਆਣਾ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸ. ਦਿਲਜੀਤ ਸਿੰਘ ਬੇਦੀ, ਮੀਤ ਸਕੱਤਰ ਸ. ਸਿਮਰਜੀਤ ਸਿੰਘ, ਡਾ. ਚਮਕੌਰ ਸਿੰਘ ਡਾਇਰੈਕਟਰ, ਸ. ਗੁਰਿੰਦਰਪਾਲ ਸਿੰਘ ਠਰੂ ਇੰਚਾਰਜ, ਸ. ਰਣਜੀਤ ਸਿੰਘ ਮੈਨੇਜਰ, ਪ੍ਰਿੰਸੀਪਲ ਕਰਤਾਰ ਸਿੰਘ, ਸ. ਦਰਸ਼ਨ ਸਿੰਘ ਨਿੱਜੀ ਸਹਾਇਕ ਸਮੇਤ ਵੱਡੀ ਗਿਣਤੀ ਵਿਚ ਪ੍ਰਚਾਰਕ, ਢਾਡੀ, ਕਵੀਸ਼ਰ ਅਤੇ ਧਾਰਮਿਕ ਅਧਿਆਪਕ ਮੌਜੂਦ ਸਨ।