ਅੰਮ੍ਰਿਤਸਰ, ੨੦ ਸਤੰਬਰ- ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਸਾਹਿਬ ਜੀ ਦੇ ਜੀਵਨ ਇਤਿਹਾਸ ਤੇ ਉਨ੍ਹਾਂ ਦੀ ਵਿਚਾਰਧਾਰਾ ਸਬੰਧੀ ਕਰਵਾਏ ਜਾਣ ਵਾਲੇ ਸੈਮੀਨਾਰਾਂ ਦਾ ਆਰੰਭ ਪਟਿਆਲਾ ਦੇ ਬਹਾਦਰਗੜ੍ਹ ਸਥਿਤ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ ਅਡਵਾਂਸ ਸਟੱਡੀਜ਼ ਇਨ ਸਿੱਖਇਜ਼ਮ ਤੋਂ ਕੀਤਾ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਤੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਹਿਲੇ ਪਾਤਸ਼ਾਹ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਸਬੰਧੀ ਜਿਥੇ ਹੋਰ ਵੱਖ ਵੱਖ ਸਮਾਗਮ ਉਲੀਕੇ ਗਏ ਹਨ ਉਥੇ ਹੀ ਵਿਸ਼ੇਸ਼ ਸੈਮੀਨਾਰ ਵੀ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੈਮੀਨਾਰਾਂ ਦੀ ਆਰੰਭਤਾ ੨੨ ਸਤੰਬਰ ਨੂੰ ਬਹਾਦਰਗੜ੍ਹ ਪਟਿਆਲਾ ਤੋਂ ਕੀਤੀ ਜਾਵੇਗੀ। ਇਸ ਸੈਮੀਨਾਰ ਦੀ ਰੂਪ ਰੇਖਾ ਬਾਰੇ ਉਨ੍ਹਾਂ ਦੱਸਿਆ ਕਿ ਸੈਮੀਨਾਰ ਦਾ ਵਿਸ਼ਾ ਗੁਰੂ ਸਾਹਿਬ ਜੀ ਦਾ ਮਿਸ਼ਨ ਅਤੇ ਮਨੁੱਖੀ ਜੀਵਨ ਦੇ ਵਰਤਮਾਨ ਸਰੋਕਾਰਾਂ ‘ਤੇ ਆਧਾਰਤ ਰੱਖਿਆ ਗਿਆ ਹੈ। ਸ. ਬੇਦੀ ਅਨੁਸਾਰ ਸੈਮੀਨਾਰ ਦੀ ਪ੍ਰਧਾਨਗੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਕਰਨਗੇ, ਜਦਕਿ ਮੁੱਖ ਮਹਿਮਾਨ ਵਜੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸ਼ਾਮਲ ਹੋਣਗੇ। ਸੈਮੀਨਾਰ ਦੌਰਾਨ ਕੁੰਜੀਵਤ ਭਾਸ਼ਣ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ ਰੂਪ ਸਿੰਘ ਦੇਣਗੇ ਅਤੇ ਤੱਤਸਾਰ ਦੇ ਸ਼ਬਦ ਡਾ. ਬਲਕਾਰ ਸਿੰਘ ਡਾਇਰੈਕਟਰ ਵਰਲਡ ਪੰਜਾਬੀ ਸੈਂਟਰ ਪੰਜਾਬੀ ਯੂਨੀਵਰਸਿਟੀ ਕਹਿਣਗੇ। ਇਸੇ ਤਰ੍ਹਾਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਪ੍ਰੋ. ਬਲਵਿੰਦਰ ਸਿੰਘ ਜੌੜਾਸਿੰਘਾ ਵੀ ਸੰਬੋਧਨ ਕਰਨਗੇ। ਸ. ਬੇਦੀ ਅਨੁਸਾਰ ਇਸ ਸੈਮੀਨਾਰ ਵਿਚ ਪਰਚੇ ਪੜ੍ਹਨ ਵਾਲੇ ਵਿਦਵਾਨਾਂ ਵਿਚ ਡਾ. ਸਰਬਜੀਤ ਸਿੰਘ ਰੇਣੁਕਾ, ਡਾ. ਇੰਦਰਜੀਤ ਸਿੰਘ ਗੋਗੋਆਣੀ, ਡਾ. ਬ੍ਰਿਜਪਾਲ ਸਿੰਘ, ਡਾ. ਹਰਸ਼ਿੰਦਰ ਕੌਰ, ਸ. ਸੁਖਦੇਵ ਸਿੰਘ ਲਾਜ ਦੇ ਨਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸੈਮੀਨਾਰ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।