ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਤੇ ਅਧਿਕਾਰੀਆਂ ਨੇ ਸਮਾਗਮਾਂ ਸਬੰਧੀ ਕੀਤਾ ਵਿਚਾਰ-ਵਟਾਂਦਰਾ

ਅੰਮ੍ਰਿਤਸਰ, 19 ਜੂਨ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਿਥੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸੰਗਤਾਂ ਦੀ ਸਹੂਲਤ ਲਈ ਅਗਾਊਂ ਪ੍ਰਬੰਧ ਆਰੰਭੇ ਜਾ ਚੁੱਕੇ ਹਨ, ਉਥੇ ਹੀ ਧਰਮ ਪ੍ਰਚਾਰ ਲਹਿਰ ਤਹਿਤ ਵੱਖ-ਵੱਖ ਥਾਵਾਂ ‘ਤੇ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਅੱਜ ਇਕ ਇਕੱਤਰਤਾ ਦੌਰਾਨ ਉੜੀਸਾ, ਕਰਨਾਟਕ ਤੇ ਉਤਰਾਖੰਡ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਹਰਪਾਲ ਸਿੰਘ ਜੱਲਾ, ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਮੈਂਬਰ ਸ. ਲਖਬੀਰ ਸਿੰਘ ਅਰਾਈਆਂਵਾਲਾ, ਸ਼੍ਰੋਮਣੀ ਕਮੇਟੀ ਮੈਂਬਰ ਸਰਵਣ ਸਿੰਘ ਕੁਲਾਰ, ਸ. ਬਲਦੇਵ ਸਿੰਘ ਕਾਇਮਪੁਰ, ਸ. ਕੁਲਵੰਤ ਸਿੰਘ ਮੰਨਣ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪਨੂੰ, ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਸੁਖਮੀਤ ਸਿੰਘ ਕਾਦੀਆਂ ਆਦਿ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।
ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਦੱਸਿਆ ਕਿ ਪਹਿਲੇ ਪਾਤਸ਼ਾਹ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਸਮਾਗਮ ਉਲੀਕੇ ਗਏ ਹਨ। ਉਨ੍ਹਾਂ ਦੱਸਿਆ ਕਿ ਉਤਰਾਖੰਡ ਦੇ ਕੁੜਿਆਲ ਘਾਟ ਤੋਂ ਸੁਲਤਾਨਪੁਰ ਲੋਧੀ ਤੱਕ ਇਕ ਵਿਸ਼ਾਲ ਨਗਰ ਕੀਰਤਨ ੧ ਅਕਤੂਬਰ ਨੂੰ ਆਰੰਭ ਕੀਤਾ ਜਾਵੇਗਾ ਜੋ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸੰਪੰਨ ਹੋਵੇਗਾ। ਇਸੇ ਤਰ੍ਹਾਂ ਉਤਰਾਖੰਡ, ਉੜੀਸਾ ਤੇ ਕਰਨਾਟਕ ਵਿਖੇ ਗੁਰਮਤਿ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸਮਾਗਮਾਂ ਦੀ ਰੂਪ-ਰੇਖਾ ਅਤੇ ਤਿਆਰੀ ਸਬੰਧੀ ਸ਼੍ਰੋਮਣੀ ਕਮੇਟੀ ਅਹੁਦੇਦਾਰ ਤੇ ਅਧਿਕਾਰੀ ਵੱਖ-ਵੱਖ ਸੂਬਿਆਂ ਵਿਚ ਜਾਣਗੇ। ਉੜੀਸਾ ਲਈ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਹਰਪਾਲ ਸਿੰਘ ਜੱਲਾ, ਅੰਤ੍ਰਿੰਗ ਮੈਂਬਰ ਸ. ਲਖਬੀਰ ਸਿੰਘ ਅਰਾਈਆਂਵਾਲਾ ਅਤੇ ਮੀਤ ਸਕੱਤਰ ਸ. ਸਕੱਤਰ ਸਿੰਘ ਅਤੇ ਕਰਨਾਟਕਾ ਲਈ ਸ਼੍ਰੋਮਣੀ ਕਮੇਟੀ ਮੈਂਬਰ ਸ. ਕੁਲਵੰਤ ਸਿੰਘ ਮੰਨਣ, ਸ. ਸਰਵਣ ਸਿੰਘ ਕੁਲਾਰ, ਸ. ਪਰਮਜੀਤ ਸਿੰਘ ਰਾਏਪੁਰ ਤੋਂ ਇਲਾਵਾ ਗਿਆਨੀ ਭਗਵਾਨ ਸਿੰਘ ਜੌਹਲ ਅਤੇ ਮੀਤ ਸਕੱਤਰ ਸ. ਤੇਜਿੰਦਰ ਸਿੰਘ ਪੱਡਾ ਨੂੰ ਨਿਰਧਾਰਤ ਕੀਤਾ ਗਿਆ ਹੈ ਜੋ ਸਥਾਨਕ ਸੰਗਤਾਂ, ਸਿੱਖ ਆਗੂਆਂ ਅਤੇ ਕਮੇਟੀਆਂ ਨੂੰ ਮਿਲ ਕੇ ਸਮਾਗਮਾਂ ਸਬੰਧੀ ਵਿਚਾਰ-ਵਿਟਾਂਦਰਾ ਕਰਨਗੇ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਹੀ ਉਤਰਾਖੰਡ ਦੇ ਸਮਾਗਮਾਂ ਦੀ ਰੂਪ-ਰੇਖਾ ਲਈ ਵੀ ਜਲਦੀ ਹੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਤੇ ਅਧਿਕਾਰੀ ਜਾਣਗੇ।
ਇਕੱਤਰਤਾ ਦੌਰਾਨ ਸ. ਸੁਖਮੀਤ ਸਿੰਘ ਕਾਦੀਆਂ, ਗਿਆਨੀ ਭਗਵਾਨ ਸਿੰਘ ਜੌਹਲ, ਸ. ਤੀਰਥ ਸਿੰਘ ਢਿੱਲੋਂ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਸਿਮਰਜੀਤ ਸਿੰਘ, ਸ. ਤੇਜਿੰਦਰ ਸਿੰਘ ਪੱਡਾ ਤੇ ਹੋਰ ਮੌਜੂਦ ਸਨ।