ਅੰਮ੍ਰਿਤਸਰ, ੬ ਜੁਲਾਈ- ਪਾਕਿਸਤਾਨ ਅੰਦਰ ਬੀਤੇ ਦਿਨੀਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਪਰਤ ਰਹੇ ਸ਼ਰਧਾਲੂਆਂ ਦੀ ਬੱਸ ਹਾਦਸਾ ਗ੍ਰਸਤ ਹੋਣ ਨਾਲ ਮਾਰੇ ਗਏ ਸਿੱਖਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਇਸ ਸਬੰਧੀ ਵਿਚ ਸ਼ੋਕ ਇਕੱਤਰਤਾ ਦੌਰਾਨ ਚਲਾਣਾ ਕਰ ਗਏ ਸਿੱਖਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਗਈ। ਇਸ ਤੋਂ ਪਹਿਲਾਂ ਮੂਲਮੰਤਰ ਅਤੇ ਗੁਰਮੰਤਰ ਦੇ ਜਾਪ ਹੋਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਪਾਕਿਸਤਾਨ ਅੰਦਰ ਵੱਸਦੇ ਸਿੱਖਾਂ ਦਾ ਹਾਦਸੇ ਦੌਰਾਨ ਅਕਾਲ ਚਲਾਣਾ ਬੇਹੱਦ ਦੁਖਮਈ ਹੈ। ਇਸ ਹਾਦਸੇ ਨੇ ਸਿੱਖ ਕੌਮ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹਰ ਸੰਜੀਦਾ ਮਨੁੱਖ ਇਸ ਭਿਆਨਕ ਹਾਦਸੇ ‘ਤੇ ਦੁੱਖ ਪ੍ਰਗਟ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਮ੍ਰਿਤਕ ਸਿੱਖਾਂ ਦੇ ਪਰਿਵਾਰਾਂ ਨਾਲ ਹਮਦਰਦੀ ਰੱਖਦੀ ਹੈ। ਭਾਈ ਮਹਿਤਾ ਨੇ ਕਿਹਾ ਕਿ ਮ੍ਰਿਤਕਾਂ ਨਮਿਤ ਸ਼੍ਰੋਮਣੀ ਕਮੇਟੀ ਵੱਲੋਂ ਜਲਦ ਹੀ ਸ੍ਰੀ ਅਖੰਡ ਪਾਠ ਸਾਹਿਬ ਵੀ ਕਰਵਾਇਆ ਜਾਵੇਗਾ। ਇਸ ਮੌਕੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਦੁਨੀਆਂ ਅੰਦਰ ਕਿਸੇ ਸਿੱਖ ਨੂੰ ਕੰਡਾ ਵੀ ਚੁੱਭਦਾ ਹੈ ਤਾਂ ਸ਼੍ਰੋਮਣੀ ਕਮੇਟੀ ਉਸ ਦੀ ਪੀੜ ਮਹਿਸੂਸ ਕਰਦੀ ਹੈ। ਉਨ੍ਹਾਂ ਚਲਾਣਾ ਕਰ ਗਏ ਸਿੱਖਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ ਅਤੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਗੁਰਮੀਤ ਸਿੰਘ ਬੁੱਟਰ, ਸ. ਸੁਲੱਖਣ ਸਿੰਘ ਭੰਗਾਲੀ, ਮੈਨੇਜਰ ਸ. ਮੁਖਤਾਰ ਸਿੰਘ ਚੀਮਾ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਪਲਵਿੰਦਰ ਸਿੰਘ ਚਿੱਟਾ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਨਰਿੰਦਰ ਸਿੰਘ, ਸ. ਹਰਪ੍ਰੀਤ ਸਿੰਘ, ਸ. ਪਰਮਜੀਤ ਸਿੰਘ, ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਸੁਖਰਾਜ ਸਿੰਘ, ਇੰਚਾਰਜ ਸ. ਕੁਲਦੀਪ ਸਿੰਘ ਰੋਡੇ, ਪ੍ਰੋ. ਸੁਖਦੇਵ ਸਿੰਘ, ਸ. ਗੁਰਨਾਮ ਸਿੰਘ, ਸ. ਨਿਰਵੈਲ ਸਿੰਘ, ਸ. ਸੁਖਬੀਰ ਸਿੰਘ ਆਦਿ ਮੌਜੂਦ ਸਨ।