ਅੰਮ੍ਰਿਤਸਰ, 19 ਨਵੰਬਰ-
ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 23 ਨਵੰਬਰ ਨੂੰ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 21 ਨਵੰਬਰ ਨੂੰ ਰਵਾਨਾ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਵੱਲੋਂ ਇਸ ਜਥੇ ਨਾਲ ਜਾਣ ਲਈ 1630 ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 1227 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਵੱਡੀ ਗਿਣਤੀ ਵਿਚ ਵੀਜੇ ਰੱਦ ਕਰਨ ਨੂੰ ਸਿੱਖ ਭਾਵਨਾਵਾਂ ਨਾਲ ਜਿਆਦਤੀ ਕਰਾਰ ਦਿੱਤਾ ਹੈ। ਉਨ੍ਹਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 1630 ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਲਈ ਭੇਜੇ ਗਏ ਸਨ ਪਰੰਤੂ ਇਨ੍ਹਾਂ ਵਿੱਚੋਂ 403 ਸ਼ਰਧਾਲੂਆਂ ਨੂੰ ਵੀਜੇ ਨਹੀਂ ਦਿੱਤੇ ਗਏ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿਚ ਵੀਜੇ ਰੱਦ ਹੋਣ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਵੱਧ ਤੋਂ ਵੱਧ ਵੀਜੇ ਦਿੱਤੇ ਜਾਣੇ ਚਾਹੀਦੇ ਸਨ। ਜਥੇ ਦੀ ਰਵਾਨਗੀ ਬਾਰੇ ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦਫਤਰ ਤੋ ਸ਼ਰਧਾਲੂਆਂ ਦਾ ਇਹ ਜਥਾ 21 ਨਵੰਬਰ ਨੂੰ ਰਵਾਨਾ ਕੀਤਾ ਜਾਵੇਗਾ ਜੋ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਉਣ ਅਤੇ ਵੱਖ ਵੱਖ ਗੁਰਧਾਮਾਂ ਦੇ ਦਰਸ਼ਨ ਕਰਨ ਮਗਰੋਂ 30 ਨਵੰਬਰ ਨੂੰ ਦੇਸ਼ ਵਾਪਸ ਪਰਤ ਆਵੇਗਾ। ਮੁੱਖ ਸਕੱਤਰ ਨੇ ਕਿਹਾ ਕਿ ਜਥੇ ਨਾਲ ਜਾਣ ਵਾਲੇ ਸ਼ਰਧਾਲੂ ਆਪਣੇ ਪਾਸਪੋਰਟ 20 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫਤਰ ਤੋਂ ਪ੍ਰਾਪਤ ਕਰਨ। ਡਾ. ਰੂਪ ਸਿੰਘ ਅਨੁਸਾਰ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਸ. ਅਮਰਜੀਤ ਸਿੰਘ ਭਲਾਈਪੁਰ ਕਰ ਰਹੇ ਹਨ।