ਅੰਮ੍ਰਿਤਸਰ, 26 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਸਬੰਧੀ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਵੱਲੋਂ ਲਏ ਗਏ ਫੈਸਲੇ ਤੋਂ ਬਾਅਦ ਪਾਕਿਸਤਾਨ ਸਰਕਾਰ ਵੱਲੋਂ ੨੮ ਨਵੰਬਰ ਨੂੰ ਲਾਂਘੇ ਦੇ ਨੀਂਹ ਪੱਥਰ ਸਮਾਗਮ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੀ ਸ਼ਮੂਲੀਅਤ ਕਰਨਗੇ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਈ ਗੋਬਿੰਦ ਸਿੰਘ ਲੌਂਗੋਵਾਲ ੨੮ ਨਵੰਬਰ ਨੂੰ ਸਵੇਰ ਸਮੇਂ ਪਾਕਿਸਤਾਨ ਲਈ ਸੜਕ ਰਸਤੇ ਰਵਾਨਾ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਸਿੱਖ ਜਗਤ ਲਈ ਵੱਡੇ ਮਾਣ ਵਾਲੀ ਗੱਲ ਹੈ ਅਤੇ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਨੁਮਾਇੰਦਾ ਧਾਰਮਿਕ ਸੰਸਥਾ ਹੋਣ ਕਾਰਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸ੍ਰੀ ਕਰਤਾਰਪੁਰ ਸਾਹਿਬ ਦੇ ਸਮਾਗਮ ‘ਚ ਸ਼ਾਮਲ ਹੋਣ ਲਈ ਜਾ ਰਹੇ ਹਨ। ਸ. ਬੇਦੀ ਅਨੁਸਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿਸਤਾਨ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਦੇ ਮੱਦੇਨਜ਼ਰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਪਾਕਿਸਤਾਨ ਓਕਾਫ਼ ਬੋਰਡ ਅਤੇ ਉਥੋਂ ਦੀਆਂ ਸਰਕਾਰਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕਰਨ ਦੀ ਵੀ ਸੰਭਾਵਨਾ ਹੈ।