ਗਿਆਨੀ ਮਹਿੰਦਰ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬਘਰ ਵਿੱਚ ਲੱਗੇਗੀ
ਅੰਤਿੰ੍ਰਗ ਕਮੇਟੀ ਦੀ ਇਕੱਤਰਤਾ ‘ਚ ਲਏ ਅਹਿਮ ਫੈਸਲੇ

ਅੰਮ੍ਰਿਤਸਰ 22 ਮਈ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਹੇਠ ਇਕੱਤਰਤਾ ਹਾਲ ਵਿਖੇ ਹੋਈ, ਜਿਸ ਵਿੱਚ ਸੈਕਸ਼ਨ-੮੭, ਟਰੱਸਟ ਤੇ ਅਮਲਾ ਵਿਭਾਗ ਦੇ ਮਾਮਲਿਆ ਸਬੰਧੀ ਫੈਸਲੇ ਲਏ ਗਏ।

ਇਕੱਤਰਤਾ ਉਪਰੰਤ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਦੱਸਿਆ ਕਿ ਗੁਆਂਢੀ ਮੁਲਕ ਨੇਪਾਲ ‘ਚ ਆਈ ਕੁਦਰਤੀ ਆਫਤ ਭੁਚਾਲ ਦੌਰਾਨ ਮਾਰੇ ਗਏ ਲੋਕਾਂ ਪ੍ਰਤੀ ਸ਼੍ਰੋਮਣੀ ਕਮੇਟੀ ਨੇ ਇਕ ਸ਼ੋਕ ਮਤੇ ਰਾਹੀਂ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ ਤੇ ਜਿਹੜੇ ਇਸ ਭਿਆਨਕ ਤ੍ਰਾਸਦੀ ਦੌਰਾਨ ਜ਼ਖਮੀ ਲੋਕ ਹਨ ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਅਰਦਾਸ ਕੀਤੀ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਗੁਰੂ ਸਾਹਿਬਾਨ ਵੱਲੋਂ ਬਖ਼ਸ਼ੇ ਸਿਧਾਂਤ ਮੁਤਾਬਿਕ ਨੇਪਾਲ ਵਿੱਚ ਆਈ ਕੁਦਰਤੀ ਆਫਤ (ਭੁਚਾਲ) ਸਮੇਂ ਮਨੁੱਖਤਾ ਦੀ ਭਲਾਈ ਲਈ ਜੋ ਉਪਰਾਲਾ ਕੀਤਾ ਹੈ ਉਸ ਦੀ ਨੇਪਾਲ ਦੇ ਮੌਜੂਦਾ ਪ੍ਰਧਾਨ ਮੰਤਰੀ ਸ੍ਰੀ ਸ਼ੁਸੀਲ ਕੋਇਰਾਲਾ ਅਤੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਇਸ ਨਾਲ ਰਾਸ਼ਟਰੀ ਪੱਧਰ ‘ਤੇ ਸਿੱਖਾਂ ਦਾ ਮਾਣ ਸਤਿਕਾਰ ਵਧਿਆ ਹੈ।ਉਨ੍ਹਾਂ ਕਿਹਾ ਕਿ ੬ ਮਈ ਨੂੰ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਪਟਿਆਲਾ ਤੋਂ ਗੁਰੂ ਸਾਹਿਬਾਨ ਦੇ ਸ਼ਸਤਰ ਤੇ ਨਿਸ਼ਾਨੀਆਂ ਵਾਲੀ ਦਰਸ਼ਨ ਯਾਤਰਾ ਦੌਰਾਨ ਪੰਜਾਬ ਦੇ ਲੋਕ ਲੱਖਾਂ ਦੀ ਗਿਣਤੀ ਵਿੱਚ ਸ਼ਸਤਰਾਂ, ਵਸਤਰਾਂ ਤੇ ਨਿਸ਼ਾਨੀਆਂ ਦੇ ਦਰਸ਼ਨ ਕਰ ਰਹੇ ਹਨ।ਇਸ ਲਈ ਸ਼੍ਰੋਮਣੀ ਕਮੇਟੀ ਸਮੂਹ ਸੰਗਤ ਦਾ ਧੰਨਵਾਦ ਕਰਦੀ ਹੈ।ਉਨ੍ਹਾਂ ਗੱਲਬਾਤ ਜਾਰੀ ਰੱਖਦਿਆਂ ਕਿਹਾ ਕਿ ਇਹ ਸ਼ਸਤਰ ਅਤੇ ਨਿਸ਼ਾਨੀਆਂ ਦੇ ਦਰਸ਼ਨਾਂ ਲਈ ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਅਤੇ ਸ. ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲ ਦਲ ਤੇ ਉਪ ਮੁੱਖ ਮੰਤਰੀ ਪੰਜਾਬ ਦਾ ਸ਼੍ਰੋਮਣੀ ਕਮੇਟੀ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦੀ ਹੈ ਕਿਉਂਕਿ ਪੰਜਾਬ ਸਰਕਾਰ ਦੇ ਉਦਮ ਉਪਰਾਲੇ ਨਾਲ ਹੀ ਇਹ ਨਿਸ਼ਾਨੀਆਂ ਦੇ ਦਰਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਗਤਾਂ ਨੂੰ ਕਰਵਾ ਰਹੀ ਹੈ।ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਚੀਫ ਸੈਕਟਰੀ ਦੀ ਨਿਯੁਕਤੀ ਲਈ ਸਬ-ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਵਿੱਚ ਸ. ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਸ. ਸੁਖਦੇਵ ਸਿੰਘ ਭੌਰ ਜਨਰਲ ਸਕੱਤਰ ਤੇ ਸ. ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਕਮੇਟੀ ਨੂੰ ਸ਼ਾਮਲ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਇਹ ਨਿਯੁਕਤੀ ਕੰਟਰੈਕਟ ਬੇਸ ਤੇ ਆਧਾਰਿਤ ਹੋਵੇਗੀ।

ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਖਾਲਸਾ ਕਾਲਜ ਪਟਿਆਲਾ ਦੀ ਸਾਢੇ ੧੮ ਏਕੜ ਜ਼ਮੀਨ ਸ਼੍ਰੋਮਣੀ ਕਮੇਟੀ ਨੇ ੭੩ ਕਰੋੜ ਰੁਪਏ ‘ਚ ਖਰੀਦੀ ਹੈ ਜਿਸ ਦੀ ਕਾਲਜ ਨੂੰ ਬੜੀ ਜ਼ਰੂਰਤ ਸੀ।ਉਨ੍ਹਾਂ ਕਿਹਾ ਕਿ ਅਗਲੇ ੨ ਸਾਲਾ ਤੀਕ ਇਸ ਕਾਲਜ ਵਿੱਚ ੧੦ ਹਜ਼ਾਰ ਵਿਦਿਆਰਥੀ ਸਿੱਖਿਆ ਹਾਸਲ ਕਰਨਗੇ।ਉਨ੍ਹਾਂ ਅੱਗੇ ਦੱਸਿਆ ਕਿ ਸਿੱਖੀ ਦੇ ਪ੍ਰਚਾਰ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ‘ਚਾਰ ਸਾਹਿਬਜ਼ਾਦੇ’ ਫਿਲਮ ਦੇ ਡੀ.ਵੀ.ਡੀ. ਰਾਈਟ ਖਰੀਦ ਲਏ ਹਨ।ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮਨਾਉਣ ਸਬੰਧੀ ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਲਈ ਸੁਪਰੀਮ ਹੈ ਤੇ ਇਥੋਂ ਹੋਇਆ ਹਰੇਕ ਫੈਸਲਾ ਮੰਨਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਬੰਦ ਹੈ।ਉਨ੍ਹਾਂ ਕਿਹਾ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕਿਸੇ ਇਕ ਵਿਅਕਤੀ ਦੇ ਬਹਿਕਾਵੇ ਵਿੱਚ ਨਾ ਆਵੇ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਰਵਉਚ ਫੈਸਲੇ ਨੂੰ ਪ੍ਰਵਾਨ ਕਰੇ।

ਪੱਤਰਕਾਰਾਂ ਵੱਲੋਂ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਵਿੱਚ ਨਸ਼ਾਂ-ਖੋਰੀ ਜਾਂ ਪਤਿਤਪੁਣੇ ਦੀ ਕੋਈ ਥਾਂ ਨਹੀਂ ਤੇ ਜਿਹੜਾ ਮੁਲਾਜ਼ਮ ਕੋਈ ਨਸ਼ਾ ਕਰਦਾ ਫੜਿਆ ਜਾਂਦਾ ਹੈ ਤਾਂ ਉਸ ਖਿਲਾਫ ਤੁਰੰਤ ਐਕਸ਼ਨ ਲਿਆ ਜਾਂਦਾ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦੇ ਪਰਿਵਾਰਾਂ ਵਿਚੋਂ ਪਤਿਤਪੁਣੇ ਦੀ ਜੇਕਰ ਕਿਤੇ ਕੋਈ ਘਾਟ ਹੈ ਤਾਂ ਉਸ ਨੂੰ ਦੂਰ ਕਰਨ ਲਈ ਇਕ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ।ਤੈਅਸ਼ੁਦਾ ਸਮਾਂ ਸੀਮਾ ਵਿੱਚ ਜੇਕਰ ਇਸ ਤੇ ਅਮਲ ਨਹੀਂ ਹੁੰਦਾ ਤਾਂ ਸ਼੍ਰੋਮਣੀ ਕਮੇਟੀ ਦੀਆਂ ਰਿਹਾਇਸ਼ਾਂ ਵਿੱਚ ਰਹਿ ਰਹੇ ਮੁਲਾਜ਼ਮਾਂ ਪਾਸੋਂ ਰਿਹਾਇਸ਼ ਖਾਲੀ ਕਰਵਾ ਲਈ ਜਾਵੇਗੀ।ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਵੱਖ-ਵੱਖ ਸੂਬਿਆਂ ਵਿੱਚ ਖੋਲੇ ਸਿੱਖ ਮਿਸ਼ਨਾਂ ਅਤੇ ਵਿਦਿਅਕ ਅਦਾਰਿਆਂ ਸਬੰਧੀ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਜਿਹੜੇ ਪ੍ਰਿੰਸੀਪਲ,ਇੰਚਾਰਜ ਇਨ੍ਹਾਂ ਅਦਾਰਿਆਂ ਦੀ ਦਿੱਖ ਸਵਾਰਨ ਲਈ ਉਚੇਚੇ ਉਪਰਾਲੇ ਕਰਨਗੇ aੁਨ੍ਹਾਂ ਨੂੰ ਸਾਲ ਬਾਅਦ ਸਨਮਾਨਿਤ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮ ਵਧੀਆ ਢੰਗ ਨਾਲ ਆਪਣੀ ਡਿਊਟੀ ਨਿਭਾਅ ਰਹੇ ਹਨ ਤੇ ਇਨ੍ਹਾਂ ਨੂੰ ੬ ਫੀਸਦੀ ਡੀ. ਏ. ਦੀ ਕਿਸ਼ਤ ਦਿੱਤੀ ਗਈ ਹੈ।ਇਕੱਤਰਤਾ ‘ਚ ਲਏ ਗਏ ਫੈਸਲਿਆਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ. ਮਨਵਿੰਦਰ ਸਿੰਘ ਗਿਆਸਪੁਰ ਪ੍ਰਧਾਨ ਹੋਂਦ ਚਿੱਲੜ ਤਾਲਮੇਲ ਕਮੇਟੀ ਦੇ ਦੋ ਬੱਚਿਆਂ ਦੀ ਸਾਲਾਨਾ ਫੀਸ ੧੮ ਹਜ਼ਾਰ ਤਿੰਨ ਸੌ ਰੁਪਏ ਅਦਾ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼੍ਰੋਮਣੂ ਕਮੇਟੀ ਦੇ ਖ਼ਾਲਸਾ ਪਬਲਿਕ ਸਕੂਲ (ਗੂੰਗੇ ਤੇ ਬੋਲਿਆ) ਪਿੰਡ ਆਲਮਗੀਰ, ਲੁਧਿਆਣਾ ਦਾ ਨਾਮ ਭਾਈ ਨਗਾਹੀਆ ਸਿੰਘ ਖ਼ਾਲਸਾ ਪਬਲਿਕ ਸਕੂਲ ਫਾਰ ਡੈਫ ਰੱਖਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਨਿਭਾਈਆਂ ਚੰਗੀਆਂ ਸੇਵਾਵਾਂ ਬਦਲੇ ਗਿਆਨੀ ਮਹਿੰਦਰ ਸਿੰਘ ਸਾਬਕਾ ਸਕੱਤਰ ਸ਼੍ਰੋਮਣੀ ਕਮੇਟੀ ਦੀ ਤਸਵੀਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬਘਰ ਵਿੱਚ ਲਗਾਉਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

ਅੱਜ ਦੀ ਇਕੱਤਰਤਾ ਵਿੱਚ ਸ. ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਸ. ਕੇਵਲ ਸਿੰਘ ਬਾਦਲ ਜੂਨੀਅਰ ਮੀਤ ਪ੍ਰਧਾਨ, ਸ. ਸੁਖਦੇਵ ਸਿੰਘ ਭੌਰ ਜਨਰਲ ਸਕੱਤਰ, ਅੰਤ੍ਰਿੰਗ ਮੈਂਬਰਾਨ  ਸ. ਦਿਆਲ ਸਿੰਘ ਕੋਲਿਆਂਵਾਲੀ, ਸ. ਰਜਿੰਦਰ ਸਿੰਘ ਮਹਿਤਾ, ਸ. ਗੁਰਬਚਨ ਸਿੰਘ ਕਰਮੂੰਵਾਲ, ਸ. ਨਿਰਮੈਲ ਸਿੰਘ ਜੌਲਾਂ ਕਲਾਂ, ਸ. ਕਰਨੈਲ ਸਿੰਘ ਪੰਜੋਲੀ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਭਜਨ ਸਿੰਘ ਸ਼ੇਰਗਿੱਲ, ਸ. ਸੁਰਜੀਤ ਸਿੰਘ ਗੜ੍ਹੀ, ਸ. ਰੂਪ ਸਿੰਘ, ਸ. ਮਨਜੀਤ ਸਿੰਘ ਤੇ ਸ. ਅਵਤਾਰ ਸਿੰਘ ਸਕੱਤਰ, ਸ. ਦਿਲਜੀਤ ਸਿੰਘ ਬੇਦੀ, ਸ. ਹਰਭਜਨ ਸਿੰਘ ਮਨਾਵਾਂ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਕੇਵਲ ਸਿੰਘ, ਸ. ਮਹਿੰਦਰ ਸਿੰਘ ਆਹਲੀ ਤੇ ਸ. ਬਿਜੈ ਸਿੰਘ ਵਧੀਕ ਸਕੱਤਰ, ਸ. ਸਤਿੰਦਰ ਸਿੰਘ ਨਿੱਜੀ ਸਹਾਇਕ, ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ. ਸੁਖਬੀਰ ਸਿੰਘ ਇੰਚਾਰਜ ਟਰੱਸਟ, ਸ. ਪਰਮਦੀਪ ਸਿੰਘ ਇੰਚਾਰਜ ੮੫ ਤੇ ਸ. ਸੁਖਬੀਰ ਸਿੰਘ ਇੰਚਾਰਜ ਅਮਲਾ ਆਦਿ ਮੌਜੂਦ ਸਨ।