ਅੰਮ੍ਰਿਤਸਰ, 11 ਅਗਸਤ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਲਗਾਤਾਰ ਸਿੱਖੀ ‘ਤੇ ਹੋ ਰਹੇ ਹਮਲੇ ਗੰਭੀਰ ਚਿੰਤਾ ਦਾ ਵਿਸ਼ਾ ਹਨ। ਸਿੱਖੀ ਦੇ ਦੁਸ਼ਮਣ ਤਰ੍ਹਾਂ-ਤਰ੍ਹਾਂ ਦੇ ਹੱਥਕੰਡੇ ਵਰਤ ਕੇ ਆਏ ਦਿਨ ਸਿੱਖਾਂ ਦੀ ਭਾਵਨਾ ਨੂੰ ਹਤਾਹਤ ਕਰਨ ‘ਚ ਕੋਈ ਕਸਰ ਨਹੀਂ ਛੱਡਦੇ। ਪੰਜਾਬ ਭਰ ਸਾਜ਼ਿਸ਼ ਤਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਅਤੇ ਹੁਣ ਪਾਵਨ ਗੁਰਬਾਣੀ ਨੂੰ ਕੱਪੜਿਆਂ ਉਪਰ ਛਾਪ ਕੇ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਸ਼ੋਸ਼ਲ ਮੀਡੀਆ ‘ਤੇ ਵਾਇਰਲ ਹੋਈ ਤਸਵੀਰ ਵਿਚ ਇੱਕ ਬੀਬੀ ਦੇ ਕਮੀਜ਼ ਉਪਰ ਗੁਰਬਾਣੀ ਦੀਆਂ ਤੁਕਾਂ ਛਪੀਆਂ ਹੋਈਆਂ ਹਨ, ਜੋ ਗੁਰਬਾਣੀ ਦਾ ਘੋਰ ਨਿਰਾਦਰ ਹੈ। ਅਜਿਹੀ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਅਤੇ ਗੁਰਬਾਣੀ ਦੀਆਂ ਤੁਕਾਂ ਵਾਲਾ ਕਮੀਜ਼ ਪਹਿਨੀ ਬੀਬੀ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਾਲ ਆਪਸੀ ਭਾਈਚਾਰਕ ਸਾਂਝਾਂ ਨੂੰ ਸੱਟ ਵੱਜਦੀ ਹੈ ਅਤੇ ਸਮਾਜ ਨੂੰ ਫਿਰਕੂਪੁਣੇ ਦੀ ਅੱਗ ਵਿਚ ਧੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੰਜਾਬ ਦੇ ਸਾਈਬਰ ਕਰਾਈਮ ਸੈਲ ਵਿਭਾਗ ਨੂੰ ਪੱਤਰ ਲਿਖ ਕੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਖਿਲਾਫ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ ਹੈ।