ਅੰਮ੍ਰਿਤਸਰ 15 ਜੁਲਾਈ- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦਾਸਪੁਰ ਜ਼ਿਲ੍ਹੇ ‘ਚ ਪਿੰਡ ਕੋਟਲੀ ਮੁਈਆਂ ਦੇ ਗੁਰਦੁਆਰਾ ਸਾਹਿਬ ‘ਚ ਸ਼ਰਾਰਤੀ ਅਨਸਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਪ੍ਰਸ਼ਾਸਨ ਨੂੰ ਜ਼ੋਰ ਦੇ ਕੇ ਕਿਹਾ ਕਿ ਦੋਸ਼ੀਆਂ ਦਾ ਪਤਾ ਲਗਾ ਕੇ ਜਲਦੀ ਤੋਂ ਜਲਦੀ ਗ੍ਰਿਫਤਾਰ ਕੀਤਾ ਜਾਵੇ।
ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਪਾਵਨ ਬਾਣੀ ਸਮੁੱਚੀ ਲੋਕਾਈ ਨੂੰ ਸੇਧ ਦਿੰਦੀ ਹੈ, ਪ੍ਰੰਤੂ ਕੁਝ ਸ਼ਰਾਰਤੀ ਤੇ ਅਧਰਮੀ ਲੋਕ ਜਾਣ-ਬੁਝ ਕੇ ਅਜਿਹੀਆਂ ਹਿਰਦੇ ਵੇਦਕ ਘਟਨਾ ਨੂੰ ਅੰਜਾਮ ਦੇ ਰਹੇ ਹਨ ਤਾਂ ਕਿ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖਰਾਬ ਕੀਤਾ ਜਾ ਸਕੇ।ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਦਾ ਪਤਾ ਲਗਾ ਕੇ ਉਨ੍ਹਾਂ ਨੂੰ ਸਖ਼ਤ ਸਜਾ ਦਿੱਤੀ ਜਾਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਅਖ਼ਬਾਰੀ ਮਾਧਿਅਮ ਰਾਹੀਂ ਪਿੰਡਾਂ, ਸ਼ਹਿਰਾਂ ਦੀਆਂ ਗੁਰਦੁਆਰਾ ਕਮੇਟੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਤੀ ਅਵੇਸਲਾਪਨ ਛੱਡਣ ਲਈ ਕਿਹਾ ਹੈ, ਪ੍ਰੰਤੂ ਸਾਡੀ ਗੱਲ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ ਜੋ ਦੁੱਖਦਾਈ ਹੈ।ਉਨ੍ਹਾਂ ਕਿਹਾ ਕਿ ਐੱਸ ਐੱਸ ਪੀ ਗੁਰਦਾਸਪੁਰ ਨਾਲ ਇਸ ਹਿਰਦੇ ਵੇਦਕ ਘਟਨਾ ਸਬੰਧੀ ਗੱਲਬਾਤ ਕੀਤੀ ਹੈ ਉਸ ਨੇ ਦੱਸਿਆ ਕਿ ਥਾਣਾ ਸਦਰ ਵਿਖੇ ਪਰਚਾ ਦਰਜ ਕਰ ਲਿਆ ਗਿਆ ਹੈ ਤੇ ਜਲਦੀ ਹੀ ਦੋਸ਼ੀ ਗ੍ਰਿਫਤਾਰ ਕਰ ਲਏ ਜਾਣਗੇ।