ਅੰਮ੍ਰਿਤਸਰ 13 ਅਕਤੂਬਰ (  ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੁਝ ਅਣਪਛਾਤੇ ਸ਼ਰਾਰਤੀ ਅਨਸਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੇ ਪਾਵਨ-ਪਵਿੱਤਰ ਅੰਗ (ਪੱਤਰੇ) ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਦਸਵੀਂ ਬਰਗਾੜੀ ਦੇ ਆਲੇ-ਦੁਆਲੇ ਖਿਲਾਰਨ ਦੀ ਸਖਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ।ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਨੇ ਪਾਵਨ-ਪਵਿੱਤਰ ਅੰਗ (ਪੱਤਰੇ) ਫਾੜ ਕੇ ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ, ਪਿੰਡ ਦੀਆਂ ਗਲੀਆਂ ਅਤੇ ਬੱਸ ਅੱਡੇ ਆਦਿ ਤੇ ਖਿਲਾਰ ਕੇ ਘੋਰ ਪਾਪ ਕਮਾਇਆ ਹੈ ਜੋ ਕਦਾਚਿਤ ਬਖਸ਼ਣ ਯੋਗ ਨਹੀਂ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਭ ਦੇ ਸਾਂਝੇ ਗੁਰੂ ਹਨ ਇਸ ਵਿੱਚ ਗੁਰੂ ਸਾਹਿਬ ਤੋਂ ਇਲਾਵਾ ਸਾਰੇ ਧਰਮਾਂ ਦੇ ਭਗਤਾਂ ਅਤੇ ਭੱਟਾਂ ਦੀ ਬਾਣੀ ਦਰਜ ਹੈ ਤੇ ਹਰ ਮਨੁੱਖ ਇਸ ਅੱਗੇ ਆਪਣਾ ਸੀਸ ਝੁਕਾਉਂਦਾ ਹੈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਸਾਂਝੀਵਾਲਤਾ ਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦੇਂਦੀ ਹੈ, ਪਰ ਕੁਝ ਸਿਰ ਫਿਰੇ ਵਿਅਕਤੀ ਬਾਰ-ਬਾਰ ਗੁਰੂ ਸਾਹਿਬ ਦਾ ਅਪਮਾਨ ਕਰਕੇ ਦੇਸ਼ ਦੇ ਅਮਨ ਅਤੇ ਸ਼ਾਂਤੀ ਨੂੰ ਲਾਂਬੂ ਲਾਉਣਾ ਚਾਹੁੰਦੇ ਹਨ, ਜੋ ਕਦਾਚਿਤ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਉਨ੍ਹਾਂ ਕਿ ਮੈਂ ਖੁਦ ਘਟਨਾ ਉਪਰੰਤ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਨੁਮਾਇੰਦਿਆਂ ਨਾਲ ਇਸ ਸਥਾਨ ਦਾ ਦੌਰਾ ਕੀਤਾ ਹੈ।ਉਨ੍ਹਾਂ ਕਿਹਾ ਕਿ ਬਰਗਾੜੀ ਵਿਚ ਸਥਿਤੀ ਬਹੁਤ ਹੀ ਤਣਾਅਪੂਰਨ ਬਣੀ ਹੋਈ ਹੈ।
ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਇਸ ਮੰਦਭਾਗੀ ਘਟਨਾ ਨਾਲ ਦੇਸ਼-ਵਿਦੇਸ਼ ਵਿਚ ਬੈਠੇ ਸਮੂੰਹ ਸਿੱਖ ਸਮੁਦਾਏ ਦੇ ਲੋਕਾਂ ਵਿਚ ਰੋਸ ਤੇ ਰੋਹ ਪਾਇਆ ਜਾ ਰਿਹਾ ਹੈ।ਉਨ੍ਹਾਂ ਨੇ ਇਸ ਘਟਨਾ ਦੀ ਨਿਖੇਧੀ ਕਰਦਿਆਂ ਪ੍ਰਸਾਸ਼ਨ ਨੂੰ ਕਿਹਾ ਕਿ ਉਹ ਇਸ ਘਟਨਾ ਦੀ ਬਾਰੀਕੀ ਨਾਲ ਜਾਂਚ ਕਰਦੇ ਹੋਏ ਮੁਲਜ਼ਮਾਂ ਨੂੰ ਗ੍ਰਿਫਤਾਰ ਕਰੇ ਅਤੇ ਜ਼ੁਰਮ ਸਾਬਤ ਹੋਣ ਤੇ ਉਨ੍ਹਾਂ ਨੂੰ ਕਾਨੂੰਨ ਅਨੁਸਾਰ ਸਖਤ ਤੋਂ ਸਖਤ ਸਜ਼ਾ ਸੁਣਾਏ।ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਜੋ ਸਖਸ਼ ਕਿਸੇ ਧਾਰਮਿਕ ਗ੍ਰੰਥ ਦੀ ਬੇਅਦਬੀ ਕਰਦਾ ਹੈ ਤੇ ਦੇਸ਼ ‘ਚ ਅਸ਼ਾਂਤੀ ਫੈਲਾਉਣਾ ਚਾਹੁੰਦਾ ਹੈ ਉਸ ਦਾ ਕੋਈ ਦੀਨ-ਧਰਮ ਨਹੀਂ ਹੁੰਦਾ, ਉਹ ਦੇਸ਼ ਦਾ ਸਭ ਤੋਂ ਵੱਡਾ ਦੁਸ਼ਮਣ ਹੈ।ਇਸ ਲਈ ਸਰਕਾਰ ਇਹੋ ਜਿਹੇ ਜ਼ੁਰਮ ਲਈ ਕੋਈ ਸਖਤ ਕਾਨੂੰਨ ਬਣਾਏ ਜਿਸ ਨਾਲ ਅਜਿਹੇ ਦਰਿੰਦਿਆਂ ਨੂੰ ਨੱਥ ਪਾਈ ਜਾ ਸਕੇ।ਉਨ੍ਹਾਂ ਸਮੁੱਚੀਆਂ ਸਿੱਖ ਸੰਗਤਾਂ ਨੂੰ ਆਪਣੀ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ।