ਅੰਮ੍ਰਿਤਸਰ, ੨੫ ਮਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਜਨਾਲਾ ਨੇੜੇ ਪਿੰਡ ਜੱਸੜ ਦੇ ਗੁਰਦੁਆਰਾ ਸਾਹਿਬ ਵਿਚ ਪਲਾਸਟਿਕ ਦੇ ਪੱਖੇ ਨੂੰ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ ਹੋ ਜਾਣ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਬੰਧਕੀ ਅਣਗਹਿਲੀ ਕਾਰਨ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ, ਜਿਨ੍ਹਾਂ ਤੋਂ ਬਚਣ ਲਈ ਪ੍ਰਬੰਧਕ ਚੇਤੰਨ ਰੂਪ ਵਿਚ ਗੁਰਦੁਆਰਾ ਸਾਹਿਬਾਨ ਦੀ ਸੇਵਾ-ਸੰਭਾਲ ਨੂੰ ਯਕੀਨੀ ਬਣਾਉਣ। ਹਰ ਗੁਰਦੁਆਰਾ ਕਮੇਟੀ ਜੇਕਰ ਆਪਣੀ ਜ਼ੁੰਮੇਵਾਰੀ ਸੁਹਿਰਦਤਾ ਨਾਲ ਨਿਭਾਏ ਤਾਂ ਅਜਿਹੇ ਹਾਦਸਿਆਂ ਤੋਂ ਬਚਿਆ ਜਾ ਸਕਦਾ ਹੈ। ਹੈਰਾਨੀ ਦੀ ਗੱਲ ਹੈ ਕਿ ਵਾਰ-ਵਾਰ ਅਪੀਲਾਂ ਦੇ ਬਾਵਜੂਦ ਵੀ ਹਰ ਸਾਲ ਗਰਮੀ ਦੇ ਮੌਸਮ ਦੌਰਾਨ ਅਜਿਹਾ ਵਾਪਰਦਾ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਗੁਰਦੁਆਰਾ ਸਾਹਿਬਾਨ ਅੰਦਰ ਬਿਜਲੀ ਉਪਕਰਨਾਂ ਨੂੰ ਲਗਾਤਾਰ ਚੱਲਦੇ ਰੱਖਣਾ ਠੀਕ ਨਹੀਂ। ਜਦੋਂ ਲੋੜ ਹੋਵੇ ਉਦੋਂ ਹੀ ਏ.ਸੀ., ਪੱਖੇ ਤੇ ਹੋਰ ਉਪਕਰਨ ਚਲਾਏ ਜਾਣ। ਰਾਤ ਸਮੇਂ ਤਾਂ ਬਿਜਲੀ ਉਪਰਕਨ ਬਿਲਕੁਲ ਹੀ ਬੰਦ ਕਰ ਦੇਣੇ ਚਾਹੀਦੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰਦੁਆਰਾ ਪ੍ਰਬੰਧਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਉਹ ਆਪਣੀ ਜ਼ੁੰਮੇਵਾਰੀ ਸੁਚੇਤ ਰੂਪ ਵਿਚ ਨਿਭਾਉਣ।