ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਐਲਾਨੀ ਤਿੰਨ ਲੱਖ ਰੁਪਏ ਦੀ ਸਹਾਇਤਾ ਦਾ ਚੈਕ ਸ. ਕਾਇਮਪੁਰ ਨੇ ਗੁਰਦੁਆਰਾ ਕਮੇਟੀ ਨੂੰ ਸੌਂਪਿਆ

ਗੁਰਦੁਆਰਾ ਕਮੇਟੀ ਨੂੰ ਤਿੰਨ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਸੌਂਪਦੇ ਹੋਏ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਬੀਬੀ ਪਰਮਜੀਤ ਕੌਰ ਲਾਂਡਰਾਂ ਮੈਂਬਰ ਤੇ ਸ. ਅਵਤਾਰ ਸਿੰਘ ਸੈਂਪਲਾ ਸਕੱਤਰ।

ਲਾਲੜੂ/ਮੋਹਾਲੀ, 16 ਮਈ (         )- ਬੀਤੇ ਦਿਨੀਂ ਇਥੋਂ ਨੇੜਲੇ ਪਿੰਡ ਡਹਿਰ ਦੇ ਗੁਰਦੁਆਰਾ ਸਾਹਿਬ ਵਿਖੇ ਅੱਗ ਲੱਗਣ ਦੀ ਘਟਨਾ ਕਾਰਨ ਸ੍ਰ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਾਰ ਸਰੂਪ ਅਗਨ ਭੇਟ ਹੋਣ ਅਤੇ ਗੁਰਦੁਆਰਾ ਸਾਹਿਬ ਦੀ ਇਮਾਰਤ ਨੁਕਸਾਨੇ ਜਾਣ ਦੇ ਪਸ਼ਚਾਤਾਪ ਵਜੋਂ ਪਿੰਡ ਵਾਸੀਆਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਅਰਦਾਸ ਕੀਤੀ ਅਤੇ ਕਥਾ ਵਿਚਾਰਾਂ ਦੁਆਰਾ ਸੰਗਤ ਨੂੰ ਗੁਰਮਤਿ ਦੀ ਰੌਸ਼ਨ ਵਿਚ ਗੁਰੂ-ਘਰਾਂ ਦੀ ਸੇਵਾ-ਸੰਭਾਲ ਪ੍ਰਤੀ ਸੁਚੇਤ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਗੁਰੂ-ਘਰਾਂ ਦੀ ਸੇਵਾ-ਸੰਭਾਲ ਲਈ ਪੰਥ ਪ੍ਰਵਾਨਤ ਰਹਿਤ ਮਰਯਾਦਾ ਤੋਂ ਅਗਵਾਈ ਲੈਣ ਦੀ ਲੋੜ ਹੈ ਅਤੇ ਅੱਗੇ ਤੋਂ ਅਜਿਹੀਆਂ ਘਟਨਾਵਾਂ ਰੋਕਣ ਲਈ ਸਾਨੂੰ ਆਪਣਾ ਸਵੈ-ਮੰਥਨ ਵੀ ਲਾਜ਼ਮੀ ਕਰਨਾ ਪਵੇਗਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ ਅਰਦਾਸ ਵਿਚ ਸ਼ਾਮਲ ਹੋਏ। ਉਨ੍ਹਾਂ ਸੰਗਤ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੀ ਸੁਚੱਜੀ ਸੇਵਾ-ਸੰਭਾਲ ਅਤੇ ਸ੍ਰੀ ਗੁਰੂ ਗੰਥ ਸਾਹਿਬ ਦਾ ਅਦਬ ਸਤਿਕਾਰ ਕਰਨਾ ਸਾਡਾ ਮੁੱਢਲਾ ਫਰਜ਼ ਹੈ। ਉਨ੍ਹਾਂ ਸੰਗਤ ਨੂੰ ਸੁਚੇਤ ਕਰਦਿਆਂ ਕਿਹਾ ਕਿ ਗੁਰੂ ਘਰਾਂ ਅੰਦਰ ਸੇਵਾ-ਸੰਭਾਲ ਸਮੇਂ ਕਰਮਕਾਂਡਾਂ ਨੂੰ ਤਿਆਗ ਕੇ ਗੁਰਮਤਿ ਜੁਗਤ ਅਪਨਾਉਣੀ ਬੇਹੱਦ ਜ਼ਰੂਰੀ ਹੈ। ਸ. ਕਾਇਮਪੁਰ ਨੇ ਆਖਿਆ ਕਿ ਵੱਖ-ਵੱਖ ਥਾਵਾਂ ‘ਤੇ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਲੱਭਣਾ ਅਤੇ ਸਜ਼ਾਵਾਂ ਦੇਣੀਆਂ ਤਾਂ ਸਰਕਾਰਾਂ ਦਾ ਫਰਜ਼ ਹੈ ਪਰ ਸਾਡੀ ਲਾਪਰਵਾਹੀ ਕਾਰਨ ਵਾਪਰਦੀਆਂ ਅਜਿਹੀਆਂ ਘਟਨਾਵਾਂ ਲਈ ਤਾਂ ਸਾਨੂੰ ਹੀ ਜ਼ਿੰਮੇਵਾਰੀ ਲੈਣੀ ਪਵੇਗੀ।
ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਘਟਨਾ ਵਾਲੇ ਦਿਨ ਇਥੇ ਪੁੱਜ ਕੇ ਸਥਿਤੀ ਅਤੇ ਨੁਕਸਾਨ ਦਾ ਜਾਇਜ਼ਾ ਲੈਣ ਉਪਰੰਤ ਐਲਾਨ ਕੀਤੀ ਗਈ ਤਿੰਨ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਵੀ ਅੱਜ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ ਨੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਸੌਂਪਿਆ। ਇਸ ਸਮੇਂ ਉਨ੍ਹਾਂ ਨਾਲ ਬੀਬੀ ਪਰਮਜੀਤ ਕੌਰ ਲਾਂਡਰਾਂ ਮੈਂਬਰ ਤੇ ਸ. ਅਵਤਾਰ ਸਿੰਘ ਸੈਂਪਲਾ ਸਕੱਤਰ ਸ਼੍ਰੋਮਣੀ ਕਮੇਟੀ ਵੀ ਸਨ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸ੍ਰੀ ਐਨ ਕੇ ਸ਼ਰਮਾ ਹਲਕਾ ਵਿਧਾਇਕ ਨੇ ੫੧ ਹਜ਼ਾਰ ਰੁਪਏ ਅਤੇ ਸਥਾਨਕ ਸੰਗਤਾਂ ਵੱਲੋਂ ਵੀ ਗੁਰਦੁਆਰਾ ਸਾਹਿਬ ਦੀ ਮੁਰੰਮਤ ਲਈ ਸਹਾਇਤਾ ਦਿੱਤੀ ਗਈ।  ਇਸ ਸਮੇਂ ਪਿੰਡ ਵਾਸੀਆਂ ਵੱਲੋਂ ਸ੍ਰੀ ਰਾਮ ਚੰਦਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਅਤੇ ਪ੍ਰਮੁੱਖ ਸ਼ਖਸੀਅਤਾਂ ਅਤੇ ਸੰਗਤਾਂ ਦਾ ਸਹਿਯੋਗ ਲਈ ਧੰਨਵਾਦ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਸ. ਨਿਰਮੈਲ ਸਿੰਘ ਜੌਲਾਂ, ਸ. ਅਵਤਾਰ ਸਿੰਘ ਸੈਂਪਲਾ ਸਕੱਤਰ, ਭਾਈ ਅਤਰ ਸਿੰਘ ਹੈਡ ਗ੍ਰੰਥੀ ਅਤੇ ਸ. ਭਗਵੰਤ ਸਿੰਘ ਧੰਗੇੜਾ ਮੈਨੇਜਰ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ, ਸ. ਪਰਮਜੀਤ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਪੰਚਕੂਲਾ, ਸ. ਨਰਿੰਦਰ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ, ਸ. ਸਤਪਾਲ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਅੰਬਾਲਾ, ਸ. ਹਰਭਜਨ ਸਿੰਘ ਵਕਤਾ ਪਬਲੀਸਿਟੀ ਅਸਿਸਟੈਂਟ, ਭਾਈ ਰਾਜਪਾਲ ਸਿੰਘ ਪ੍ਰਚਾਰਕ, ਸ. ਹਰਬੰਸ ਸਿੰਘ, ਸ. ਰਘਬੀਰ ਸਿੰਘ, ਸ. ਗੁਰਮੀਤ ਸਿੰਘ ਬਿੱਟੂ, ਸ. ਗੁਰਚਰਨ ਸਿੰਘ, ਸ. ਤੇਜਾ ਸਿੰਘ ਆਦਿ ਹਾਜ਼ਰ ਸਨ।