ਅੰਮ੍ਰਿਤਸਰ, 27 ਮਈ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ ਨੇ ਦੱਸਿਆ ਕਿ ਰਾਜਪੁਰਾ ਪਟਿਆਲਾ ਨੇੜਲੇ ਪਿੰਡ ਨਰੜੂ ਦੀ ਲੋਕਲ ਗੁਰਦੁਆਰਾ ਕਮੇਟੀ ਅਤੇ ਗ੍ਰੰਥੀ ਸਿੰਘ ਦਾ ਜੋ ਮਸਲਾ ਸਾਹਮਣੇ ਆਇਆ ਹੈ, ਉਸ ਝਗੜੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕੋਈ ਸਬੰਧ ਨਹੀਂ ਹੈ। ਇਹ ਮਸਲਾ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੱਲੋਂ ਗ੍ਰੰਥੀ ਸਿੰਘ ਨੂੰ ਸਰਵਿਸ ਤੋਂ ਕੱਢਣ ਅਤੇ ਫਿਰ ਬਾਅਦ ਵਿਚ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਕਿਸੇ ਸਮਾਗਮ ਲਈ ਨਾ ਦੇਣ ਕਾਰਨ ਪੈਦਾ ਹੋਇਆ ਹੈ। ਇਸ ਸਾਰੇ ਮਸਲੇ ਦੀ ਪੜਤਾਲ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਕ ਸਬ-ਕਮੇਟੀ ਗਠਿਤ ਕੀਤੀ ਹੈ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਜਰਨੈਲ ਸਿੰਘ ਕਰਤਾਰਪੁਰ, ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਗੜ੍ਹੀ ਤੇ ਸ. ਗੁਰਪ੍ਰੀਤ ਸਿੰਘ ਰੰਧਾਵਾ ਨੂੰ ਸ਼ਾਮਲ ਕੀਤਾ ਹੈ। ਇਸ ਕਮੇਟੀ ਦੇ ਕੋਆਰਡੀਨੇਟਰ ਵਜੋਂ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸੈਕਸ਼ਨ 87 ਨੂੰ ਲਗਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਇਹ ਸਬ-ਕਮੇਟੀ ਮਾਮਲੇ ਦੀ ਮੁਕੰਮਲ ਰਿਪੋਰਟ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਪੇਸ਼ ਕਰੇਗੀ। ਸਕੱਤਰ ਸ. ਮਨਜੀਤ ਸਿੰਘ ਬਾਠ ਨੇ ਸਮੁੱਚੀ ਸੰਗਤ ਨੂੰ ਬੇਨਤੀ ਕੀਤੀ ਕਿ ਬਿਨਾ ਤੱਥਾਂ ਦੇ ਅਜਿਹੇ ਮਸਲਿਆਂ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਦਨਾਮ ਨਾ ਕਰਨ, ਕਿਉਂਕਿ ਇਹ ਸੰਸਥਾ ਅਨੇਕਾਂ ਸਿੱਖਾਂ ਦੀਆਂ ਕੁਰਬਾਨੀਆਂ ਦੇਣ ਤੋਂ ਹੋਂਦ ਵਿਚ ਆਈ ਹੈ।