ਮੋਹੀਵਾਲ ਵਿਖੇ ੨੦ ਸਤੰਬਰ ਤੇ ਪਾਤੜਾਂ ਵਿਖੇ ੨੧ ਸਤੰਬਰ ਨੂੰ ਹੋਏਗਾ ਗੁਰਮਤਿ ਸਮਾਗਮ

ਅੰਮ੍ਰਿਤਸਰ, ੧੮ ਸਤੰਬਰ (          )-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪਚਾਰ ਲਹਿਰ ਨੂੰ ਘਰ-ਘਰ ਤਕ ਪਹੁੰਚਾਉਣ ਲਈ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਇਸ ਤਹਿਤ ਬੱਚਿਆਂ ਅਤੇ ਨੌਜਵਾਨਾਂ ਨੂੰ ਗੁਰਮਤਿ ਸਭਿਆਚਾਰ ਨਾਲ ਜੋੜਨ ਲਈ ਲਗਾਤਾਰ ਗੁਰਮਤਿ ਸਮਾਗਮ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦਫਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਕੀਤੇ ਗਏ ਇੱਕ ਬਿਆਨ ਰਾਹੀਂ ਕੀਤਾ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਅਜੋਕੇ ਸਮੇਂ ਵਿਚ ਦਰਪੇਸ਼ ਸਮਾਜਿਕ ਚੁਣੌਤੀਆਂ ਦੇ ਨਾਲ-ਨਾਲ ਗੁਰਮਤਿ ਸਭਿਆਚਾਰ ਬਾਰੇ ਸੰਗਤਾਂ ਨੂੰ ਜਾਗਰੂਕ ਕਰਨ ਲਈ ਸ਼੍ਰੋਮਣੀ ਕਮੇਟੀ ਨਿਰੰਤਰ ਕਾਰਜਸ਼ੀਲ ਹੈ ਅਤੇ ੧ ਜੁਲਾਈ ਤੋਂ ਆਰੰਭ ਕੀਤੀ ਗਈ ਧਰਮ ਪ੍ਰਚਾਰ ਲਹਿਰ ਅੱਜ ਦੇਸ਼ ਦੇ ਵੱਖ-ਵੱਖ ਸੂਬਿਆਂ ਤਕ ਫੈਲ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਵੱਖ-ਵੱਖ ਜੋਨਾਂ ਵਿਚ ਵੰਡ ਕੇ ਧਰਮ ਪ੍ਰਚਾਰ ਦਾ ਤਜਰਬਾ ਪੂਰੀ ਤਰ੍ਹਾਂ ਸਫਲ ਰਿਹਾ ਹੈ ਅਤੇ ਹੁਣ ਇਸ ਤੋਂ ਵੀ ਅੱਗੇ ਸਬ-ਜੋਨਾਂ ਰਾਹੀਂ ਇਸ ਦਾ ਵਿਸਥਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਧਰਮ ਪ੍ਰਚਾਰ ਲਹਿਰ ਤਹਿਤ ੨੦ ਸਤੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਨੇੜਲੇ ਪਿੰਡ ਮੋਹੀਵਾਲ ਦੇ ਗੁਰਦੁਆਰਾ ਮੰਜੀ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਲ ਉਲੀਕਿਆ ਗਿਆ ਹੈ, ਜਦਕਿ ੨੧ ਸਤੰਬਰ ਨੂੰ ਪਾਤੜਾਂ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਸਮਾਗਮ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ ਅਤੇ ਕਥਾਵਾਚਕ ਸੰਗਤਾਂ ਨੂੰ ਗੁਰਮਤਿ ਨਾਲ ਜੋੜਨਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸੰਗਤਾਂ ਵਿਚ ਧਰਮ ਪ੍ਰਚਾਰ ਲਹਿਰ ਪ੍ਰਤੀ ਪੂਰਨ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਉਹ ਭਰਵੀਂ ਹਾਜ਼ਰੀ ਨਾਲ ਗੁਰਮਤਿ ਸਮਾਗਮਾਂ ਵਿਚ ਪਹੁੰਚ ਰਹੀਆਂ ਹਨ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਗੁਰਮਤਿ ਵਿਚਾਰਧਾਰਾ ਨਾਲ ਜੋੜਨ ਲਈ ਅੱਗੇ ਆਉਣ ਤਾਂ ਜੋ ਉਹ ਸੁਭ ਗੁਣਾਂ ਦੇ ਧਾਰਨੀ ਬਣ ਸਕਣ।